ਪਠਾਨਕੋਟ, 16 ਜੂਨ (ਸੁਮਿਤ)-ਜ਼ਿਲ੍ਹੇ ਵਿਚ ਕਾਨੂੰਨ-ਵਿਵਸਥਾ ਬਣਾਈ ਰੱਖਣ ਤੇ ਸਮਾਜ ਵਿਰੋਧੀ ਅਨਸਰਾਂ ’ਤੇ ਨਕੇਲ ਕੱਸਣ ਦੇ ਮੰਤਵ ਨਾਲ ਪੁਲਿਸ ਥਾਣਾ ਮਾਮੂਨ ਵਲੋਂ ਥਾਣਾ ਮੁਖੀ ਇੰਸਪੈਕਟਰ ਪ੍ਰੀਤੀ ਦੀ ਅਗਵਾਈ ਹੇਠ ਡਲਹੌਜ਼ੀ ਰੋਡ ਨੇੜੇ ਵਿਸ਼ੇਸ਼ ਨਾਕਾ ਲਗਾਇਆ ਗਿਆ। ਇਸ ਦੌਰਾਨ ਪੁਲਿਸ ਟੀਮ ਨੇ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਤੇ ਵਾਹਨ ਚਾਲਕਾਂ ਦੇ ਦਸਤਾਵੇਜ਼ ਵੀ ਚੈੱਕ ਕੀਤੇ। ਨਾਕੇ ਦੌਰਾਨ ਸ਼ੱਕੀ ਵਾਹਨਾਂ ਤੇ ਵਿਅਕਤੀਆਂ ’ਤੇ ਖਾਸ ਨਜ਼ਰ ਰੱਖੀ ਗਈ। ਪੁਲਿਸ ਅਧਿਕਾਰੀਆਂ ਨੇ ਵਾਹਨ ਚਾਲਕਾਂ ਤੋਂ ਡਰਾਈਵਿੰਗ ਲਾਇਸੈਂਸ, ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟ, ਬੀਮਾ ਤੇ ਹੋਰ ਜ਼ਰੂਰੀ ਦਸਤਾਵੇਜ਼ਾਂ ਦੀ ਜਾਂਚ ਕੀਤੀ। ਇਸ ਦੇ ਨਾਲ ਹੀ ਦੋ ਪਹੀਆ ਵਾਹਨ ਚਾਲਕਾਂ ਨੂੰ ਹੈਲਮੈਟ ਪਹਿਨਣ ਤੇ ਚਾਰਪਹੀਆ ਵਾਹਨ ਚਾਲਕਾਂ ਨੂੰ ਸੀਟ ਬੈਲਟ ਦੀ ਵਰਤੋਂ ਕਰਨ ਲਈ ਜਾਗਰੂਕ ਕੀਤਾ ਗਿਆ। ਇੰਸਪੈਕਟਰ ਪ੍ਰੀਤੀ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਤੇ ਅਪਰਾਧਾਂ ਦੀ ਰੋਕਥਾਮ ਲਈ ਸਮੇਂ-ਸਮੇਂ ’ਤੇ ਅਜਿਹੇ ਵਿਸ਼ੇਸ਼ ਨਾਕੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਦਾ ਮੁੱਖ ਉਦੇਸ਼ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ’ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਬਣਦੀ ਕਾਰਵਾਈ ਕੀਤੀ ਜਾ ਸਕੇ। ਵਿਸ਼ੇਸ਼ ਚੈਕਿੰਗ ਮੁਹਿੰਮ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਪੂਰੀ ਮੁਸਤੈਦੀ ਨਾਲ ਆਪਣੀ ਡਿਊਟੀ ਨਿਭਾਈ।