ਗੁਰਦਾਸਪੁਰ, 17 ਜੂਨ (ਚੱਕਰਾਜਾ)-ਗੁਰਦਾਸਪੁਰ ਦੇ ਕਸਬਾ ਕਾਹਨੂੰਵਾਨ ਵਿਖੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਅਗਵਾ ਕਰਕੇ ਕਤਲ ਕੀਤੇ ਕਿਸਾਨ ਕੁਲਵਿੰਦਰ ਸਿੰਘ ਦੇ ਕਾਤਲਾਂ ਨੂੰ 25 ਦਿਨ ਬੀਤਣ ਦੇ ਬਾਵਜੂਦ ਪੁਲਿਸ ਵਲੋਂ ਗ੍ਰਿਫ਼ਤਾਰ ਨਾ ਕੀਤੇ ਜਾਣ ਦੇ ਵਿਰੋਧ ਵਿਚ ਅੱਜ ਪੀੜਤ ਪਰਿਵਾਰ, ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ, ਸਿਆਸੀ ਲੀਡਰਾਂ, ਇਲਾਕੇ ਦੇ ਮੋਹਤਬਰਾਂ ਦੇ ਅਧਾਰਿਤ ਬਣੇ ਇਨਸਾਫ ਮੋਰਚੇ ਵਲੋਂ ਗੁਰਦਾਸਪੁਰ ਦੇ ਬੱਬਰੀ ਬਾਈਪਾਸ ਚੌਕ ਵਿਖੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਕਰਦਿਆਂ ਚੌਕ ਨੂੰ ਮੁਕੰਮਲ ਤੌਰ ‘ਤੇ ਜਾਮ ਕੀਤਾ ਗਿਆ। ਇਸ ਪ੍ਰਦਰਸ਼ਨ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਸਖ਼ਤ ਨਾਕਾਬੰਦੀ ਕੀਤੀ ਗਈ ਅਤੇ ਕਈ ਆਗੂਆਂ ਨੂੰ ਰਸਤੇ ਵਿਚ ਰੋਕ ਕੇ ਹਿਰਾਸਤ ਵਿਚ ਵੀ ਲਿਆ ਗਿਆ। ਪਰ ਇਸ ਦੇ ਬਾਵਜੂਦ ਪ੍ਰਦਰਸ਼ਨਕਾਰੀ ਪੁਲਿਸ ਦੀਆਂ ਰੋਕਾਂ ਤੋੜ ਕੇ ਰੋਸ ਪ੍ਰਦਰਸ਼ਨ ਵਾਲੀ ਥਾਂ ‘ਤੇ ਪਹੁੰਚਣ ਵਿਚ ਕਾਮਯਾਬ ਰਹੇ। ਧਰਨੇ ਵਿਚ ਸ਼ਾਮਿਲ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਕਾਦੀਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ, ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਰਾਜੂ ਔਲਖ ਅਤੇ ਕੰਵਲਪ੍ਰੀਤ ਸਿੰਘ ਕਾਕੀ ਨੇ ਦੱਸਿਆ ਕਿ ਕਾਹਨੂੰਵਾਨ ਦੇ ਕਿਸਾਨ ਕੁਲਵਿੰਦਰ ਸਿੰਘ ਨੂੰ ਕੁਝ ਰਸੂਖਦਾਰ ਲੋਕਾਂ ਵਲੋਂ ਅਗਵਾ ਕਰਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਪਹਿਲਾਂ ਤਾਂ ਪੁਲਿਸ ਮਾਮਲਾ ਦਰਜ ਕਰਨ ਤੋਂ ਆਨਾਕਾਨੀ ਕਰ ਰਹੀ ਸੀ, ਜਿਸ ਕਾਰਨ ਉਨ੍ਹਾਂ ਨੂੰ ਸਠਿਆਲੀ ਪੁੱਲ ‘ਤੇ ਧਰਨਾ ਦੇਣਾ ਪਿਆ। ਜਿਸ ਤੋਂ ਬਾਅਦ ਪੁਲਿਸ ਨੇ ਕਰੀਬ 8 ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ। ਆਗੂਆਂ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵਲੋਂ ਜਲਦ ਗ੍ਰਿਫ਼ਤਾਰੀ ਦੇ ਦਿੱਤੇ ਭਰੋਸੇ ਤੋਂ ਬਾਅਦ ਹੀ ਪਰਿਵਾਰ ਨੇ ਮ੍ਰਿਤਕ ਕੁਲਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਕੀਤਾ ਸੀ। ਇਸ ਦੌਰਾਨ ਐਸ.ਐਸ.ਪੀ. ਗੁਰਦਾਸਪੁਰ ਨਾਲ ਵੀ ਕਈ ਮੀਟਿੰਗਾਂ ਹੋਈਆਂ ਅਤੇ ਹਰ ਵਾਰ ਜਲਦ ਗ੍ਰਿਫ਼ਤਾਰੀ ਦਾ ਭਰੋਸਾ ਮਿਲਿਆ। ਪਰ ਅਫ਼ਸੋਸ ਕਿ 25 ਦਿਨ ਬੀਤ ਜਾਣ ਦੇ ਬਾਵਜੂਦ ਵੀ ਮੁੱਖ ਦੋਸ਼ੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਚਾਹੇ ਤਾਂ ਬੰਦੇ ਨੂੰ ਪਾਤਾਲ ਵਿਚੋਂ ਵੀ ਲੱਭ ਕੇ ਲਿਆ ਸਕਦੀ ਹੈ ਪਰ ਇਸ ਮਾਮਲੇ ਵਿਚ ਰਸੂਖਦਾਰ ਦੋਸ਼ੀਆਂ ਨੂੰ ਜਾਣਬੁੱਝ ਕੇ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ। ਧਰਨਾਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਪੁਲਿਸ ਪ੍ਰਸ਼ਾਸਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕਰਦਾ ਜਾਂ ਕੋਈ ਲਿਖਤੀ ਵਾਅਦਾ ਨਹੀਂ ਕਰਦਾ, ਉਦੋਂ ਤੱਕ ਬੱਬਰੀ ਬਾਈਪਾਸ ‘ਤੇ ਇਹ ਧਰਨਾ ਪ੍ਰਦਰਸ਼ਨ ਤੇ ਜਾਮ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸਾਰੇ ਦੋਸ਼ੀਆਂ ਨੂੰ ਬਿਨਾਂ ਦੇਰੀ ਤੁਰੰਤ ਜੇਲ੍ਹ ਦੀਆਂ ਸੀਖਾਂ ਪਿੱਛੇ ਸੁੱਟਿਆ ਜਾਵੇ।