ਗੁਰਦਾਸਪੁਰ, 17 ਜੂਨ (ਪੰਕਜ ਸ਼ਰਮਾ)-ਕੇਂਦਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇ 12 ਸਾਲ ਪੂਰੇ ਹੋਣ ‘ਤੇ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਗੁਰਦਾਸਪੁਰ ਵਲੋਂ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿਚ ਭਾਰਤੀ ਜਨਤਾ ਪਾਰਟੀ ਐਸ.ਸੀ ਮੋਰਚਾ ਦੇ ਰਾਸ਼ਟਰੀ ਪ੍ਰਧਾਨ ਲਾਲ ਸਿੰਘ ਆਰੀਆ ਵਿਸ਼ੇਸ਼ ਤੌਰ ’ਤੇ ਪੁੱਜੇ। ਇਸ ਮੌਕੇ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਮੋਦੀ ਸਰਕਾਰ ਦੀਆਂ 12 ਸਾਲਾ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਲਾਲ ਸਿੰਘ ਆਰੀਆ ਨੇ ਕਿਹਾ ਕਿ ਪਿਛਲੇ 12 ਸਾਲ ਦੌਰਾਨ ਕੇਂਦਰ ਸਰਕਾਰ ਨੇ ਗਰੀਬ, ਦਲਿਤ, ਪੱਛੜੇ ਤੇ ਵੰਚਿਤ ਵਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕਈ ਇਤਿਹਾਸਿਕ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਲੱਖਾਂ ਪਰਿਵਾਰਾਂ ਨੂੰ ਪੱਕੇ ਘਰ ਮਿਲੇ ਹਨ ਜਦਕਿ ਉਜਵਲਾ ਯੋਜਨਾ ਰਾਹੀਂ ਕਰੋੜਾਂ ਮਹਿਲਾਵਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਆਯੂਸ਼ਮਾਨ ਭਾਰਤ ਯੋਜਨਾ ਤਹਿਤ ਗਰੀਬ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਦਾ ਮੁਫ਼ਤ ਸਿਹਤ ਬੀਮਾ ਦਿੱਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਰਾਹੀਂ ਕਿਸਾਨਾਂ ਨੂੰ ਸਾਲਾਨਾ ਵਿੱਤੀ ਸਹਾਇਤਾ ਮਿਲ ਰਹੀ ਹੈ, ਜਿਸ ਨਾਲ ਉਨ੍ਹਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋਈ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਡਿਜੀਟਲ ਭੁਗਤਾਨ ਨੂੰ ਉਤਸ਼ਾਹਿਤ ਕਰਕੇ ਪਾਰਦਰਸ਼ਤਾ ਵਧਾਈ ਹੈ, ਰੇਲਵੇ ਤੇ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ ਅਤੇ ਭਾਰਤ ਨੂੰ ਦੁਨੀਆ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਕੋਵਿਡ-19 ਦੌਰਾਨ ਕੇਂਦਰ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਦੇ ਕੰਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਵਿਸ਼ਵਾਸ ਜਿਤਾਇਆ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਸਰਕਾਰ ਬਣਾਏਗੀ ਅਤੇ ਪੰਜਾਬ ਦੇ ਵਿਕਾਸ ਤੇ ਲੋਕ ਭਲਾਈ ਲਈ ਅਹਿਮ ਫ਼ੈਸਲੇ ਲਏ ਜਾਣਗੇ। ਪ੍ਰੈਸ ਕਾਨਫਰੰਸ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਜ਼ਿਲਾ ਪ੍ਰਧਾਨ ਬਘੇਲ ਸਿੰਘ ਬਾਹੀਆ, ਮੰਡਲ ਪ੍ਰਧਾਨ ਰਿੱਕੀ ਮਹੰਤ, ਮੀਡਿਆ ਇੰਚਾਰਜ ਅੰਕੁਸ਼ ਮਹਾਜਨ ਸਮੇਤ ਵੱਡੀ ਗਿਣਤੀ ਵਿਚ ਆਗੂ ਅਤੇ ਵਰਕਰ ਹਾਜ਼ਰ ਸਨ।