ਬਟਾਲਾ, 17 ਜੂਨ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਬਿਕਰਮਜੀਤ ਸਿੰਘ ਨੂੰ ਵਾਰਡ ਨੰਬਰ 9 ਦੇ ਟਰੇਡ ਕਮਿਸ਼ਨ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਹੈ। ਇਸ ਮੌਕੇ ਬਿਕਰਮਜੀਤ ਸਿੰਘ ਨੂੰ ਮੁਬਾਰਕਬਾਦ ਦਿੰਦਿਆਂ ਕਿਰਪਾਲ ਸਿੰਘ ਉਦੋਵਾਲੀ, ਚੇਅਰਮੈਨ ਟਰੇਡਰਜ਼ ਕਮਿਸ਼ਨ ਹਲਕਾ ਬਟਾਲਾ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਹਮੇਸ਼ਾ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਵਾਲਿਆਂ ਨੂੰ ਮਾਣ ਸਤਿਕਾਰ ਦਿੱਤਾ ਜਾਂਦਾ ਹੈ ਅਤੇ ਪਾਰਟੀ ਵਿਚ ਵੱਡੀ ਜ਼ਿੰਮੇਵਾਰੀ ਦੇ ਕੇ ਨਿਵਾਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿਚ ਵਪਾਰੀਆਂ ਤੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਟ੍ਰੇਡਰਜ਼ ਕਮਿਸ਼ਨ ਵਚਨਬੱਧ ਹੈ ਅਤੇ ਦੁਕਾਨਦਾਰਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਪਹਿਲ ਦੇ ਆਧਾਰ ’ਤੇ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇੇ 4 ਸਾਲਾਂ ਅੰਦਰ ਵਿਧਾਇਕ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਲੋਕਾਂ ਤੱਕ ਪਹੁੰਚ ਕਰ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਗਿਆ ਹੈ। ਇਸ ਮੌਕੇ ਕੌਂਸਲਰ ਰਾਜਦੀਪ ਸਿੰਘ, ਸੀਨੀਅਰ ਆਗੂ ਨਰਿੰਦਰ ਸਿੰਘ, ਤੇਜਿੰਦਰਪਾਲ ਸਿੰਘ, ਹਰਜਿੰਦਰ ਸਿੰਘ ਅਤੇ ਦਮਨਜੀਤ ਸਿੰਘ (ਸਾਰੇ ਮੈਂਬਰ ਕਮਿਸ਼ਨ) ਮੌਜ਼ੂਦ ਸਨ।