ਨਰੋਟ ਮਹਿਰਾ, 17 ਜੂਨ (ਰਾਜ ਕੁਮਾਰੀ)-ਪੰਜਾਬ ਸਰਕਾਰ ਵਲੋਂ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਨੂੰ ਤਰਜ਼ੀਹ ਦੇਣ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਤਰਗੜ੍ਹ, ਭੋਆ ਅਤੇ ਸੁਲਤਾਨਪੁਰ ਵਿਖੇ ਲੋਕ ਮਿਲਣੀਆਂ ਕਰਵਾਈਆਂ ਗਈਆਂ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵੱਡੇ ਜਨ ਸਮੂਹ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਜਨਤਾ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ ਅਤੇ ਲੋਕ ਸਰਕਾਰ ਦੇ ਵਿਕਾਸ ਕਾਰਜਾਂ ਤੇ ਜਨ ਭਲਾਈ ਨੀਤੀਆਂ ਨਾਲ ਪੂਰੀ ਤਰ੍ਹਾਂ ਸੰਤੁਸ਼ਟ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਨਤਾ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਪਹਿਲ ਦੇ ਅਧਾਰ ’ਤੇ ਪੂਰਾ ਕੀਤਾ, ਤਾਂ ਜੋ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਵਰਗ ਤੱਕ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ, ਰਾਸ਼ਨ ਸਕੀਮ ਤਹਿਤ ਅਨਾਜ ਦੇ ਨਾਲ ਖੰਡ, ਤੇਲ, ਚਨੇ ਦੀ ਦਾਲ ਅਤੇ ਨਮਕ ਸਮੇਤ ਹੋਰ ਜ਼ਰੂਰੀ ਵਸਤਾਂ ਦੀ ਸਪਲਾਈ ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮਾਵਾਂ-ਭੈਣਾਂ ਲਈ ਸਤਿਕਾਰ ਯੋਜਨਾ ਤਹਿਤ ਦਿੱਤੀ ਜਾਣ ਵਾਲੀ ਆਰਥਿਕ ਸਹਾਇਤਾ ਲਈ ਪੂਰੇ ਪੰਜਾਬ ਵਿਚ ਰਜਿਸਟ੍ਰੇਸ਼ਨ ਜਾਰੀ ਹੈ ਅਤੇ ਜ਼ਿਲ੍ਹਾ ਪਠਾਨਕੋਟ ਵਿਚ ਵੀ ਇਸ ਦੀ ਸ਼ੁਰੂਆਤ ਹੋ ਚੁੱਕੀ ਹੈ। ਵੱਖ-ਵੱਖ ਵਿਭਾਗਾਂ ਵਲੋਂ ਕੈਂਪ ਲਗਾ ਕੇ ਯੋਗ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ। ਭੋਆ ਹਲਕੇ ਦੇ ਕਈ ਪਿੰਡਾਂ ਵਿਚ ਖੇਡ ਮੈਦਾਨਾਂ ਦੇ ਨਿਰਮਾਣ ਕਾਰਜ ਜਾਰੀ ਹਨ, ਜਿਨ੍ਹਾਂ ਨੂੰ ਜਲਦੀ ਪੂਰਾ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵ ਪਿੰਡ ਭੋਆ ਦੇ ਸਰਪੰਚ ਸੁਨੀਲ ਕੁਮਾਰ, ਬਲਾਕ ਸੰਮਤੀ ਮੈਂਬਰ ਘਰੋਟਾ ਉਪ ਚੇਅਰਮੈਨ ਨੀਰੂ ਸ਼ਰਮਾ, ਪਿੰਡ ਤਰਗੜ੍ਹ ਦੇ ਸਰਪੰਚ ਸ਼ਮੀ ਕੁਮਾਰ, ਬਲਾਕ ਸੰਮਤੀ ਮੈਂਬਰ ਸੁਲਤਾਨਪੁਰ ਕਰਨ ਸਿੰਘ, ਮਾਸਟਰ ਭਗਵਾਨ ਦਾਸ ਤਰਗੜ, ਸਾਬਕਾ ਸੰਮਤੀ ਮੈਂਬਰ ਕਿਰਨ ਬਾਲਾ, ਬਲਾਕ ਪ੍ਰਧਾਨ ਸ਼ੈਲੀ ਸ਼ਰਮਾ, ਬਲਾਕ ਪ੍ਰਧਾਨ ਸੰਦੀਪ ਕੁਮਾਰ, ਬੋਧਰਾਜ, ਮਨੋਹਰ ਸਿੰਘ, ਵਿਕਾਸ ਤਰਨੈਚ, ਸੁਰਿੰਦਰ ਤੇ ਪਾਰਟੀ ਦੇ ਅਹੁਦੇਦਾਰ, ਵਰਕਰ ਅਤੇ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਮੌਜੂਦ ਸਨ।