ਗੁਰਦਾਸਪੁਰ, 14 ਜੁਲਾਈ (ਚੱਕਰਾਜਾ)-ਗੁਰਦਾਸਪੁਰ ਜ਼ਿਲ੍ਹੇ ਵਿਚ ਖੇਤੀ ਪ੍ਰਸਾਰ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ, ਸੁਚਾਰੂ ਤੇ ਕਿਸਾਨ-ਕੇਂਦਰਿਤ ਬਣਾਉਣ ਦੇ ਮੰਤਵ ਨਾਲ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ: ਸ਼ਾਹਬਾਜ਼ ਸਿੰਘ ਚੀਮਾ ਨੇ ਅੱਜ ਸਮੂਹ ਖੇਤੀ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਅਹਿਮ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਸਪੱਸ਼ਟ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਲਈ ਚਲਾਈਆਂ ਜਾ ਰਹੀਆਂ ਹਰ ਯੋਜਨਾ ਅਤੇ ਸਹੂਲਤ ਦਾ ਲਾਭ ਹਰੇਕ ਕਿਸਾਨ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਵੇ। ਡਾ: ਚੀਮਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਤੀ ਪ੍ਰਸਾਰ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਪਿੰਡ-ਪਿੰਡ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਜਾਣ, ਕਿਸਾਨਾਂ ਦੀਆਂ ਲੋੜਾਂ ਤੇ ਸਮੱਸਿਆਵਾਂ ਨੂੰ ਮੌਕੇ ‘ਤੇ ਸੁਣ ਕੇ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੇ ਹਰ ਕਿਸਾਨ ਦੀ ਰਜਿਸਟਰੀ ਬਣਾਉਣ ਲਈ ਮੁਹਿੰਮ ਵਿਚ ਤੇਜ਼ੀ ਲਿਆਂਦੀ ਜਾਵੇ। ਇਸ ਲਈ ਪਿੰਡ ਪੱਧਰ ‘ਤੇ ਕੈਂਪ ਲਗਾਉਣ ਦੇ ਨਾਲ ਕਿਸਾਨਾਂ ਤੱਕ ਸਿੱਧੀ ਪਹੁੰਚ ਬਣਾਈ ਜਾਵੇ ਤਾਂ ਜੋ ਕੋਈ ਵੀ ਯੋਗ ਕਿਸਾਨ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਨੇੜਲੇ ਸੀ.ਐਸ.ਸੀ ਸੈਂਟਰ ਜਾ ਕੇ ਫਾਰਮਰ ਰਜਿਸਟਰੀ ਜ਼ਰੂਰ ਕਰਵਾਉਣ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਭਵਿੱਖ ਵਿਚ ਦਿੱਤੀਆਂ ਜਾਣ ਵਾਲੀਆਂ ਵੱਖ-ਵੱਖ ਖੇਤੀ ਸਬੰਧੀ ਸਹੂਲਤਾਂ ਤੇ ਸਕੀਮਾਂ ਦਾ ਲਾਭ ਲੈਣ ਲਈ ਇਹ ਰਜਿਸਟਰੀ ਜ਼ਰੂਰੀ ਕਰ ਦਿੱਤੀ ਹੈ। ਡਾ: ਚੀਮਾ ਨੇ ਖੇਤੀ ਅਧਿਕਾਰੀਆਂ ਨੂੰ ਫਸਲਾਂ ਦਾ ਨਿਯਮਿਤ ਨਿਰੀਖਣ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਖੇਤਰ ’ਵਿਚ ਫਸਲ ਨੂੰ ਬਿਮਾਰੀ, ਕੀੜਿਆਂ ਜਾਂ ਕਿਸੇ ਹੋਰ ਕਿਸਮ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਸ ਦਾ ਤੁਰੰਤ ਵਿਗਿਆਨਕ ਢੰਗ ਨਾਲ ਹੱਲ ਕਰਵਾਇਆ ਜਾਵੇ। ਉਨ੍ਹਾਂ ਵੱਖ-ਵੱਖ ਬਲਾਕਾਂ ਦੇ ਖੇਤੀ ਅਧਿਕਾਰੀਆਂ ਨੂੰ ਕਿਹਾ ਕਿ ਖੇਤੀਬਾੜੀ ਵਿਭਾਗ ਦੀਆਂ ਸਾਰੀਆਂ ਯੋਜਨਾਵਾਂ, ਸੇਵਾਵਾਂ ਤੇ ਤਕਨੀਕੀ ਜਾਣਕਾਰੀ ਹਰ ਕਿਸਾਨ ਤੱਕ ਪਹੁੰਚਾਈ ਜਾਵੇ, ਤਾਂ ਜੋ ਵੱਧ ਤੋਂ ਵੱਧ ਕਿਸਾਨ ਸਰਕਾਰੀ ਸਕੀਮਾਂ ਦਾ ਲਾਭ ਲੈ ਸਕਣ। ਮੀਟਿੰਗ ’ਚ ਜ਼ਿਲ੍ਹੇ ਦੇ ਸਮੂਹ ਖੇਤੀਬਾੜੀ ਅਧਿਕਾਰੀ, ਖੇਤੀਬਾੜੀ ਵਿਭਾਗ ਦੇ ਵੱਖ-ਵੱਖ ਵਿੰਗਾਂ ਦੇ ਅਧਿਕਾਰੀ ਤੇ ਬਲਾਕ ਪੱਧਰ ਦੇ ਅਧਿਕਾਰੀ ਵੀ ਹਾਜ਼ਰ ਸਨ।