10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਮ੍ਰਿਤਕ ਗੁਰਪ੍ਰੀਤ ਸਿੰਘ ਬੀ.ਐਲ.ਓ. ਦੇ ਪਰਿਵਾਰ ਨੂੰ ਸਰਕਾਰੀ ਨੌਕਰੀ ਤੇ ਮੁਆਵਜ਼ਾ ਦਿਵਾਉਣ ਲਈ ਵਫਦ ਡਿਪਟੀ ਕਮਿਸ਼ਨਰ ਨੂੰ ਮਿਲਿਆ

ਅਜੀਤ ਡੈਸਕ 23-07-2026
ਗੁਰਦਾਸਪੁਰ, 22 ਜੁਲਾਈ (ਪੰਕਜ ਸ਼ਰਮਾ)-ਬੀਤੇ ਦਿਨੀਂ ਆਤਮ-ਹੱਤਿਆ ਕਰ ਗਏ ਬੀ.ਐੱਲ.ਓ ਗੁਰਪ੍ਰੀਤ ਸਿੰਘ ਦੇ ਪੀੜਤ ਪਰਿਵਾਰ ਨੂੰ ਇਨਸਾਫ਼ ਤੇ ਮਦਦ ਦਿਵਾਉਣ ਲਈ ਵਫ਼ਦ ਗੌਰਮਿੰਟ ਟੀਚਰਜ਼ ਯੂਨੀਅਨ ਦੇ ਪ੍ਰਧਾਨ ਕੁਲਦੀਪ ਪੁਰੋਵਾਲ, ਈ.ਟੀ.ਟੀ ਯੂਨੀਅਨ ਦੇ ਪ੍ਰਧਾਨ ਅਸ਼ਵਨੀ ਫਜੂਪੁਰ ਤੇ ਬੀ.ਐੱਲ.ਓ ਯੂਨੀਅਨ ਦੇ ਪ੍ਰਧਾਨ ਸਰਬਜੀਤ ਸਿੰਘ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਨੂੰ ਮਿਲਿਆ। ਵਫ਼ਦ ’ਚ ਮ੍ਰਿਤਕ ਗੁਰਪ੍ਰੀਤ ਸਿੰਘ ਦੀ ਪਤਨੀ ਕਮਲਜੀਤ ਕੌਰ ਵੀ ਸ਼ਾਮਿਲ ਹੋਈ। ਜਾਣਕਾਰੀ ਦਿੰਦੇ ਹੋਏ ਦਿਲਦਾਰ ਭੰਡਾਲ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਆਗੂਆਂ ਨੇ ਡਿਪਟੀ ਕਮਿਸ਼ਨਰ ਪਾਸੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਦੇ ਇਕ ਮੈਂਬਰ ਨੂੰ ਤਰਸ ਦੇ ਆਧਾਰ ‘ਤੇ ਤੁਰੰਤ ਸਰਕਾਰੀ ਨੌਕਰੀ ਦਿੱਤੀ ਜਾਵੇ, ਇਕ ਕਰੋੜ ਰੁਪਏ ਦੀ ਆਰਥਿਕ ਸਹਾਇਤਾ ਤੇ ਮ੍ਰਿਤਕ ਦੇ ਸਾਰੇ ਬਣਦੇ ਪੈਨਸ਼ਨਰੀ ਲਾਭ ਬਿਨਾਂ ਦੇਰੀ ਜਾਰੀ ਕੀਤੇ ਜਾਣ। ਜਿਸ ’ਤੇ ਡਿਪਟੀ ਕਮਿਸ਼ਨਰ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਭਰੋਸਾ ਦਿਵਾਇਆ ਕਿ ਸਰਕਾਰੀ ਨੌਕਰੀ ਤੇ ਐਕਸ-ਗ੍ਰੇਸ਼ੀਆ (ਗ੍ਰਾਂਟ) ਦੀ ਮਨਜ਼ੂਰੀ ਲਈ ਮੁੱਖ ਮੰਤਰੀ ਦਫ਼ਤਰ ਨੂੰ ਤੁਰੰਤ ਸ਼ਿਫਾਰਸ਼ੀ ਚਿੱਠੀ ਭੇਜੀ ਜਾਵੇਗੀ। ਇਸ ਪੂਰੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਹਾਇਕ ਕਮਿਸ਼ਨਰ ਕੁਲਦੀਪ ਚੰਦ ਦੀ ਡਿਊਟੀ ਲਗਾਈ ਗਈ ਹੈ ਅਤੇ ਪੈਨਸ਼ਨਰੀ ਲਾਭ ਤੁਰੰਤ ਜਾਰੀ ਕਰਨ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਡੀ.ਈ.ਓ.) ਪਰਮਜੀਤ ਨੂੰ ਮੌਕੇ ‘ਤੇ ਹੀ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਇਸ ਮੌਕੇ ਹੈਡ ਟੀਚਰ ਗੁਰਮਿੰਦਰ ਸਿੰਘ ਬੌਬੀ, ਹਰਜੀਤ ਸਿੰਘ ਕਾਹਨੂੰਵਾਨ, ਗੁਰਪ੍ਰੀਤ ਸਿੰਘ ਦੇ ਦੋਵੇਂ ਬੇਟੇ ਅਤੇ ਚਾਚਾ ਜੀ ਹਾਜ਼ਰ ਸਨ।
ਪਿਛਲੀ ਖ਼ਬਰ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲੇ 2 ਚੋਰ ਕਾਬੂ-ਤੀਜਾ ਫਰਾਰ ਅਗਲੀ ਖ਼ਬਰ ਅਮਨਦੀਪ ਕੌਰ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਪਰਸਨ ਦਾ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।