10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਪਠਾਨਕੋਟ-ਗੁਰਦਾਸਪੁਰ ਰਛਪਾਲਵਾਂ ਟੋਲ ਪਲਾਜ਼ਾ ਤਿੰਨ ਘੰਟੇ ਲਈ ਕਿਸਾਨਾਂ ਵਲੋਂ ਮੁਫ਼ਤ ਕਰਵਾਇਆ

ਅਜੀਤ ਡੈਸਕ 23-07-2026
ਗੁਰਦਾਸਪੁਰ/ਪਠਾਨਕੋਟ, 22 ਜੁਲਾਈ (ਚੱਕਰਾਜਾ)-ਭਾਰਤ-ਅਮਰੀਕਾ ਇਕਤਰਫਾ ਵਪਾਰਕ ਸਮਝੌਤੇ ਦੇ ਖਿਲਾਫ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਸਾਰੇ ਪੰਜਾਬ ਅੰਦਰ ਤਿੰਨ ਘੰਟਿਆਂ ਲਈ ਟੋਲ ਪਲਾਜ਼ੇ ਮੁਫਤ ਕਰਵਾਉਣ ਨੂੰ ਅਮਲੀ ਰੂਪ ਦਿੰਦਿਆਂ ਪਠਾਨਕੋਟ ਤੇ ਗੁਰਦਾਸਪੁਰ ਜ਼ਿਲ੍ਹੇ ਦੀਆਂ ਮੋਰਚੇ ਵਿਚ ਸ਼ਾਮਿਲ ਕਿਸਾਨ ਜਥੇਬੰਦੀਆਂ ਨੇ ਰਛਪਾਲਵਾਂ ਟੋਲ ਪਲਾਜ਼ਾ 12 ਵਜੇ ਤੋਂ ਤਿੰਨ ਵਜੇ ਤੱਕ ਪਰਚੀ ਮੁਕਤ ਬਿਨਾਂ ਰੁਕਾਵਟ ਆਵਾਜਾਈ ਨੂੰ ਚੱਲਦਾ ਰੱਖਿਆ ਤੇ ਰੋਸ ਪ੍ਰਦਰਸ਼ਨ ਕੀਤਾ। ਮੋਰਚੇ ਵਿਚ ਸ਼ਾਮਿਲ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ, ਕੁੱਲ ਹਿੰਦ ਕਿਸਾਨ ਸਭਾ, ਕੁੱਲ ਹਿੰਦ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਪੰਜਾਬ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਸਾਥੀ ਸਤਬੀਰ ਸਿੰਘ ਸੁਲਤਾਨੀ, ਬਲਬੀਰ ਸਿੰਘ ਕੱਤੋਵਾਲ, ਕੇਵਲ ਸਿੰਘ ਕੰਗ, ਗੁਰਦੀਪ ਸਿੰਘ ਮੁਸਤਫਾਬਾਦ, ਅਸ਼ਵਨੀ ਕੁਮਾਰ ਲੱਖਣ ਕਲਾਂ, ਬਲਵਿੰਦਰ ਸਿੰਘ, ਬਲਵੰਤ ਸਿੰਘ ਘੋਹ, ਕੇਵਲ ਕਾਲੀਆ, ਇਕਬਾਲ ਸਿੰਘ, ਤਰਲੋਕ ਸਿੰਘ ਬਹਿਰਾਮਪੁਰ, ਸੁਖਵਿੰਦਰ ਸਿੰਘ, ਰਨਬੀਰ ਸਿੰਘ, ਕੁਲਵੰਤ ਸਿੰਘ, ਗੁਰਪ੍ਰਤਾਪ ਸਿੰਘ, ਰਘਬੀਰ ਸਿੰਘ ਚਾਹਲ, ਬਲਜਿੰਦਰ ਸਿੰਘ ਨੌਸ਼ਹਿਰਾ, ਬਲਬੀਰ ਸਿੰਘ ਬੈਂਸ, ਮੋਹਨ ਸਿੰਘ ਅਤੇ ਹੋਰ ਕਿਸਾਨ ਆਗੂਆਂ ਨੇ ਰੋਸ ਧਰਨੇ ਵਿਚ ਸ਼ਾਮਿਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਮਰੀਕਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੀਆਂ ਸ਼ਰਤਾਂ ਤਹਿਤ ਅਮਰੀਕਾ-ਭਾਰਤ ਵਪਾਰ ਸਮਝੌਤਾ ਕੀਤਾ ਜੋ ਭਾਰਤ ਦੀ ਕਿਸਾਨੀ ਤੇ ਕਿਸਾਨੀ ਦੇ ਸਹਾਇਕ ਧੰਦਿਆਂ ਨੂੰ ਵੀ ਬਰਬਾਦ ਕਰ ਦੇਵੇਗਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਸ ਦੀ ਸਰਕਾਰ ਨੇ ਬਿਨਾਂ ਕਿਸੇ ਠੋਸ ਵਿਰੋਧ ਦੇ ਇਸ ਇਕਤਰਫਾ ਸਮਝੌਤੇ ਉੱਪਰ ਦਸਖਤ ਕਰਕੇ ਦੇਸ਼ ਦੇ ਕਿਸਾਨਾਂ ਦੇ ਨਾਲ-ਨਾਲ ਛੋਟੇ ਉਦਯੋਗ-ਕਾਰੋਬਾਰ ਅਤੇ ਮਜ਼ਦੂਰਾਂ ਨਾਲ ਧ੍ਰੋਹ ਕੀਤਾ ਹੈ। ਕਿਸਾਨ ਆਗੂਆਂ ਸਾਂਝੇ ਰੂਪ ਵਿਚ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੇ ਵਾਰ-ਵਾਰ ਕੀਤੇ ਜਾ ਰਹੇ ਹਮਲਿਆਂ ਖਿਲਾਫ ਪਹਿਲੇ ਨਾਲੋਂ ਵੱਧ ਚੜ੍ਹ ਸੰਘਰਸ਼ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਕੇਂਦਰ ਤੇ ਪੰਜਾਬ ਸਰਕਾਰ ਵਲੋਂ ਦਿੱਲੀ ਜੰਤਰ-ਮੰਤਰ ਵਿਖੇ ਨੌਜਵਾਨਾਂ, ਪੰਜਾਬ ਅੰਦਰ ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀਆਂ ਉੱਪਰ ਪੁਲਿਸ ਤੇ ਸੰਘੀ ਟੋਲਿਆਂ ਵਲੋਂ ਕੀਤੇ ਜਾ ਰਹੇ ਤਸ਼ੱਦਦ ਦੀ ਨਿਖੇਧੀ ਦਾ ਮਤਾ ਪਾਸ ਕੀਤਾ ਅਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ। ਐਸ.ਕੇ.ਐਮ. ਦੀ ਹਮਾਇਤ ਵਿਚ ਟਰੇਡ ਯੂਨੀਅਨ ਲਹਿਰ ਦੇ ਆਗੂ ਕਾਮਰੇਡ ਸ਼ਿਵ ਕੁਮਾਰ, ਮੁਰਾਰੀ ਲਾਲ ਦੀਨਾਨਗਰ, ਬਲਵੰਤ ਸਿੰਘ ਬਹਾਦਰ ਲਾਹੜੀ, ਵਿਜੇ ਕੁਮਾਰ ਰਛਪਾਲਵਾਂ ਅਤੇ ਸੂਰਤ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਰਕਲ ਧੰਦੋਈ ਦੀ ਮੀਟਿੰਗ ਅਗਲੀ ਖ਼ਬਰ ਡਾ. ਗੁਰਜੀਤ ਸਿੰਘ ਦੀ ਕਿਤਾਬ ਆਈ.ਪੀ.ਐਸ. ਰਿਸਭ ਭੋਲਾ ਵਲੋਂ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।