ਪਠਾਨਕੋਟ, 29 ਜੁਲਾਈ (ਸੁਮਿਤ)-ਪਠਾਨਕੋਟ ਦੇ ਆਨੰਦਪੁਰ ਕੁੱਲੀਆਂ ਖੇਤਰ ’ਚ ਹਨੂੰਮਾਨ ਮੰਦਿਰ ਨੇੜੇ ਨਗਰ ਨਿਗਮ ਦੇ ਵਾਟਰ ਸਪਲਾਈ ਵਿਭਾਗ ਦੀ ਕਥਿਤ ਲਾਪ੍ਰਵਾਹੀ ਲੋਕਾਂ ਲਈ ਚਿੰਤਾ ਦਾ ਵਿਸ਼ਾ ਬਣ ਗਈ ਹੈ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਵਿਭਾਗ ਦੀ ਟੀਮ ਨੇ ਪਾਣੀ ਦੀ ਸਪਲਾਈ ਨਾਲ ਸਬੰਧਿਤ ਵਾਲਵ ਦੀ ਮੁਰੰਮਤ ਜਾਂ ਜਾਂਚ ਲਈ ਸੜਕ ਵਿਚਕਾਰ ਬਣੇ ਵਾਲਵ ਹੋਲ ਨੂੰ ਖੋਲ੍ਹਿਆ ਸੀ। ਪਰ ਕੰਮ ਮੁਕੰਮਲ ਹੋਣ ਤੋਂ ਬਾਅਦ ਉਸ ਨੂੰ ਮੁੜ ਨਹੀਂ ਕੀਤਾ ਗਿਆ। ਇਸ ਕਾਰਨ ਸੜਕ ਵਿਚਕਾਰ ਬਣਿਆ ਡੂੰਘਾ ਹੋਲ ਰਾਹਗੀਰਾਂ ਤੇ ਵਾਹਨ ਚਾਲਕਾਂ ਲਈ ਵੱਡਾ ਖਤਰਾ ਬਣਿਆ ਹੈ। ਮੁਹੱਲਾ ਵਾਸੀਆਂ ਦਾ ਕਹਿਣਾ ਹੈ ਕਿ ਇਹ ਰਸਤਾ ਸਾਰਾ ਦਿਨ ਰੁੱਝਿਆ ਰਹਿੰਦਾ ਹੈ, ਹਨੂੰਮਾਨ ਮੰਦਿਰ ਹੋਣ ਕਰਕੇ ਇੱਥੇ ਸ਼ਰਧਾਲੂਆਂ ਦੀ ਆਵਾਜਾਈ ਰਹਿੰਦੀ ਹੈ। ਇਸ ਤੋਂ ਇਲਾਵਾ ਸਕੂਲ ਜਾਣ ਵਾਲੇ ਬੱਚੇ, ਬਜ਼ੁਰਗ, ਮਹਿਲਾਵਾਂ ਤੇ ਦੋ ਪਹੀਆ ਵਾਹਨ ਚਾਲਕ ਵੀ ਇਸੇ ਰਸਤੇ ਤੋਂ ਲੰਘਦੇ ਹਨ, ਅਜਿਹੇ ਵਿਚ ਸੜਕ ਵਿਚਕਾਰ ਖੁੱਲ੍ਹਾ ਡੂੰਘਾ ਵਾਲਵ ਹੋਲ ਕਿਸੇ ਵੱਡੇ ਹਾਦਸੇ ਦਾ ਕਾਰਨ ਬਣ ਸਕਦਾ ਹੈ। ਲੋਕਾਂ ਨੇ ਦੱਸਿਆ ਕਿ ਰਾਤ ਸਮੇਂ ਹਾਲਾਤ ਹੋਰ ਵੀ ਗੰਭੀਰ ਹੋ ਜਾਂਦੇ ਹਨ। ਲੋੜੀਂਦੀ ਰੌਸ਼ਨੀ ਨਾ ਹੋਣ ਕਾਰਨ ਖੁੱਲ੍ਹਾ ਹੋਲ ਦਿਖਾਈ ਨਹੀਂ ਦਿੰਦਾ ਅਤੇ ਕੋਈ ਵੀ ਵਿਅਕਤੀ ਜਾਂ ਵਾਹਨ ਇਸ ਵਿਚ ਡਿੱਗ ਸਕਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਇਸ ਨੂੰ ਬੰਦ ਨਾ ਕੀਤਾ ਤਾਂ ਕਿਸੇ ਦੀ ਜਾਨ ਵੀ ਜਾ ਸਕਦੀ ਹੈ, ਜਿਸ ਦੀ ਪੂਰੀ ਜ਼ਿੰਮੇਵਾਰੀ ਸਬੰਧਿਤ ਵਿਭਾਗ ਦੀ ਹੋਵੇਗੀ। ਮੁਹੱਲਾ ਨਿਵਾਸੀਆਂ ਨੇ ਦੋਸ਼ ਲਗਾਇਆ ਕਿ ਇਸ ਸਮੱਸਿਆ ਸਬੰਧੀ ਨਗਰ ਨਿਗਮ ਦੇ ਸਬੰਧਿਤ ਅਧਿਕਾਰੀਆਂ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ। ਪਰ ਕੋਈ ਕਾਰਵਾਈ ਨਹੀਂ ਕੀਤੀ ਗਈ। ਲੋਕਾਂ ਦਾ ਕਹਿਣਾ ਹੈ ਕਿ ਵਿਭਾਗ ਦੀ ਲਾਪ੍ਰਵਾਹੀ ਆਮ ਲੋਕਾਂ ਦੀ ਸੁਰੱਖਿਆ ਨਾਲ ਖਿਲਵਾੜ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦਾ ਮੁਰੰਮਤ ਕਾਰਜ ਮੁਕੰਮਲ ਹੋਣ ਤੋਂ ਬਾਅਦ ਉਸ ਸਥਾਨ ਨੂੰ ਸੁਰੱਖਿਅਤ ਬਣਾਉਣਾ ਵਿਭਾਗ ਦੀ ਜ਼ਿੰਮੇਵਾਰੀ ਹੁੰਦੀ ਹੈ। ਪਰ ਇੱਥੇ ਅਜਿਹਾ ਨਹੀਂ ਕੀਤਾ ਗਿਆ। ਸਥਾਨਕ ਨਿਵਾਸੀਆਂ ਨੇ ਨਗਰ ਨਿਗਮ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਖੁੱਲ੍ਹੇ ਪਏ ਵਾਲਵ ਹੋਲ ਨੂੰ ਤੁਰੰਤ ਬੰਦ ਕੀਤਾ ਜਾਵੇ ਅਤੇ ਭਵਿੱਖ ਵਿਚ ਇਸ ਤਰ੍ਹਾਂ ਦੀ ਲਾਪ੍ਰਵਾਹੀ ਦੁਬਾਰਾ ਨਾ ਹੋਵੇ। ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੂੰ ਕਿਸੇ ਹਾਦਸੇ ਦੀ ਉਡੀਕ ਦੀ ਬਜਾਏ ਪਹਿਲਾਂ ਹੀ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ। ਲੋਕਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਕਾਰਵਾਈ ਨਾ ਹੋਈ ਤਾਂ ਉਹ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ ਕਰਨ ਲਈ ਵੀ ਮਜਬੂਰ ਹੋਣਗੇ।