ਲਾਰੈਂਸ ਇੰਟਰਨੈਸ਼ਨਲ ਸਕੂਲ ਬਟਾਲਾ ਦੇ ਖਿਡਾਰੀਆਂ ਨੇ ਬਾਸਕਟਬਾਲ ’ਚ ਹਾਸਿਲ ਕੀਤਾ ਪਹਿਲਾ ਸਥਾਨ
ਬਟਾਲਾ, 23 ਅਗਸਤ (ਸਤਿੰਦਰ ਸਿੰਘ)-ਲਾਰੈਂਸ ਇੰਟਰਨੈਸ਼ਨਲ ਸਕੂਲ ਤਾਰਾਗੜ੍ਹ, (ਡੇਰਾ ਬਾਬਾ ਨਾਨਕ ਰੋਡ) ਬਟਾਲਾ ਦੇ ਖਿਡਾਰੀਆਂ ਨੇ ਖੇਡ ਮੈਦਾਨ ਵਿਚ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਇਲਾਕੇ ਦਾ ਨਾਂਅ ਰੋਸ਼ਨ ਕੀਤਾ ਹੈ। ਇਹ ਮੁਕਾਬਲੇ ਜ਼ਿਲ੍ਹਾ ਪੱਧਰ ’ਤੇ ਕਰਵਾਏ ਗਏ।
ਬਟਾਲਾ, 23 ਅਗਸਤ (ਸਤਿੰਦਰ ਸਿੰਘ)-ਲਾਰੈਂਸ ਇੰਟਰਨੈਸ਼ਨਲ ਸਕੂਲ ਤਾਰਾਗੜ੍ਹ, (ਡੇਰਾ ਬਾਬਾ ਨਾਨਕ ਰੋਡ) ਬਟਾਲਾ ਦੇ ਖਿਡਾਰੀਆਂ ਨੇ ਖੇਡ ਮੈਦਾਨ ਵਿਚ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਇਲਾਕੇ ਦਾ ਨਾਂਅ ਰੋਸ਼ਨ ਕੀਤਾ ਹੈ। ਇਹ ਮੁਕਾਬਲੇ ਜ਼ਿਲ੍ਹਾ ਪੱਧਰ ’ਤੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ’ਚ ਲਾਰੈਂਸ ਇੰਟਰਨੈਸ਼ਨਲ ਸਕੂਲ ਦੀਆਂ ਲੜਕੀਆਂ ਦੀਆਂ ਟੀਮਾਂ ਅੰਡਰ-14 ਤੇ ਅੰਡਰ-17 ਨੇ ਸ਼ਾਨਦਾਰ ਜਿੱਤ ਦਰਜ ਕਰਦਿਆਂ ਟਰਾਫ਼ੀ ਆਪਣੇ ਨਾਂਅ ਕੀਤੀ। ਮੁਕਾਬਲੇ ਦੌਰਾਨ ਦੋਵਾਂ ਵਰਗਾਂ ਦੇ ਫਾਈਨਲ ਮੁਕਾਬਲਿਆਂ ’ਚ ਸਕੂਲ ਦੇ ਖਿਡਾਰੀਆਂ ਨੇ ਬਿਹਤਰੀਨ ਤਾਲਮੇਲ, ਚੁਸਤੀ ਤੇ ਖੇਡ ਕਲਾ ਦਾ ਪ੍ਰਦਰਸ਼ਨ ਕੀਤਾ। ਅੰਡਰ-14 ਟੀਮ ਨੇ ਆਪਣੇ ਵਿਰੋਧੀ ਖਿਡਾਰੀਆਂ ਨੂੰ ਵੱਡੇ ਫ਼ਰਕ ਨਾਲ ਮਾਤ ਦਿੱਤੀ, ਜਦਕਿ ਅੰਡਰ-17 ਦੇ ਰੋਮਾਂਚਕ ਮੁਕਾਬਲੇ ਵਿਚ ਵੀ ਟੀਮ ਨੇ ਆਖਰੀ ਪਲਾਂ ਤੱਕ ਬੜ੍ਹਤ ਬਣਾ ਕੇ ਰੱਖੀ ਤੇ ਸ਼ਾਨਦਾਰ ਜਿੱਤ ਹਾਸਲ ਕੀਤੀ। ਇਸ ਇਤਿਹਾਸਕ ਜਿੱਤ ’ਤੇ ਸਕੂਲ ਦੇ ਪ੍ਰਿੰਸੀਪਲ ਡਾ. ਉਪਮਾ ਮਹਾਜਨ ਨੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਤੇ ਖੇਡ ਕੋਚਾਂ ਨੂੰ ਵਧਾਈ ਦਿੱਤੀ। ਡਾ. ਉਪਮਾ ਮਹਾਜਨ ਨੇ ਕਿਹਾ, ਸਕੂਲ ਦਾ ਮਕਸਦ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ’ਚ ਵੀ ਅੱਗੇ ਵਧਾਉਣਾ ਹੈ। ਸਾਡੇ ਖਿਡਾਰੀਆਂ ਦੀ ਸਖ਼ਤ ਮਿਹਨਤ ਅਤੇ ਲਗਨ ਨੇ ਅੱਜ ਇਹ ਮੁਕਾਮ ਹਾਸਲ ਕੀਤਾ ਹੈ। ਸਕੂਲ ਮੈਨੇਜਮੈਂਟ ਤੇ ਪ੍ਰਿੰਸੀਪਲ ਮੈਡਮ ਵਲੋਂ ਸਪੋਰਟਸ ਡਿਪਾਰਟਮੈਂਟ ਅਤੇ ਖਾਸ ਤੌਰ ’ਤੇ ਕੋਚ ਦਵਿੰਦਰ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ, ਜਿਨਾਂ ਦੀ ਯੋਗ ਅਗਵਾਈ ਸਦਕਾ ਵਿਦਿਆਰਥੀਆਂ ਨੇ ਇਹ ਮੁਕਾਮ ਹਾਸਿਲ ਕੀਤਾ। ਇਸ ਮੌਕੇ ਸਕੂਲ ਚੇਅਰਮੈਨ ਬਲਜਿੰਦਰ ਸਿੰਘ ਬੈਂਸ ਮੱਲਿਆਂਵਾਲ, ਡਾਇਰੈਕਟਰ ਡਾ. ਗੁਰਿੰਦਰ ਕੌਰ ਮਾਨ, ਪ੍ਰਿੰਸੀਪਲ ਡਾ. ਉਪਮਾ ਮਹਾਜਨ ਵਲੋਂ ਜੇਤੂ ਟੀਮਾਂ ਦੇ ਖਿਡਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।