08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਭਾਜਪਾ ਕੋਲ ਐੱਸ.ਆਈ.ਆਰ. ਦੇ ਬਹਾਨੇ ਨਾਜਾਇਜ਼ ਕੱਟੀਆਂ ਵੋਟਾਂ ਅਤੇ ਵੋਟ ਚੋਰੀ ਕਰਕੇ ਜਿੱਤੀਆਂ ਚੋਣਾਂ ਦਾ ਕੋਈ ਜਵਾਬ ਨਹੀਂ-ਕਾਮਰੇਡ ਸ਼ਿਵ ਕੁਮਾਰ

ਪਠਾਨਕੋਟ, 7 ਅਕਤੂਬਰ (ਸੁਮਿਤ/ਵਿਨੋਦ)-ਚੋਣਾਂ ਸਬੰਧੀ ਚੱਲ ਰਹੀ ਐਸ. ਆਈ.

ਅਜੀਤ ਡੈਸਕ 08-10-2026
ਪਠਾਨਕੋਟ, 7 ਅਕਤੂਬਰ (ਸੁਮਿਤ/ਵਿਨੋਦ)-ਚੋਣਾਂ ਸਬੰਧੀ ਚੱਲ ਰਹੀ ਐਸ.ਆਈ.ਆਰ. (ਸਪੈਸ਼ਲ ਇੰਟਨਸਿਵੇ ਰਿਵਿਸ਼ਨ) ਵਿਸ਼ੇਸ਼ ਗਹਿਰੀ ਵੋਟਰ ਸੂਚੀ ਸੁਧਾਈ ਪ੍ਰਕਿਰਿਆ ਨੂੰ ਲੈ ਕੇ ਕਾਮਰੇਡ ਸ਼ਿਵ ਕੁਮਾਰ ਨੇ ਭਾਜਪਾ ਸਰਕਾਰ ਅਤੇ ਚੋਣ ਕਮਿਸ਼ਨ ’ਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ । ਉਨ੍ਹਾਂ ਕਿਹਾ ਕਿ ਐੱਸ.ਆਈ.ਆਰ. ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਨੂੰ ਪੂਰੀ ਤਰ੍ਹਾਂ ਸਹੀ, ਪਾਰਦਰਸ਼ੀ ਅਤੇ ਭਰੋਸੇਯੋਗ ਬਣਾਉਣਾ ਹੋਣਾ ਚਾਹੀਦਾ ਸੀ, ਤਾਂ ਜੋ ਕੋਈ ਵੀ ਯੋਗ ਨਾਗਰਿਕ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ ਅਤੇ ਕਿਸੇ ਅਯੋਗ ਵਿਅਕਤੀ ਦਾ ਨਾਮ ਵੋਟਰ ਸੂਚੀ ਵਿਚ ਨਾ ਰਹੇ । ਕਾਮਰੇਡ ਸ਼ਿਵ ਕੁਮਾਰ ਨੇ ਕਿਹਾ ਕਿ ਐੱਸ.ਆਈ.ਆਰ. ਤਹਿਤ ਮ੍ਰਿਤਕ ਵਿਅਕਤੀਆਂ , ਪੱਕੇ ਤੌਰ ’ਤੇ ਹੋਰ ਥਾਵਾਂ ’ਤੇ ਚਲੇ ਗਏ ਲੋਕਾਂ ਅਤੇ ਦੋਹਰੀਆਂ ਜਾਂ ਨਕਲੀ ਵੋਟਾਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਸੂਚੀ ਵਿਚੋਂ ਹਟਾਉਣਾ ਮਕਸਦ ਸੀ । ਪਰ ਉਨ੍ਹਾਂ ਦੇ ਦੋਸ਼ ਮੁਤਾਬਿਕ ਅਮਲ ਵਿਚ ਇਸ ਪ੍ਰਕਿਰਿਆ ਨੇ ਆਮ ਵੋਟਰਾਂ ਲਈ ਨਵੀਆਂ ਮੁਸ਼ਕਿਲਾਂ ਪੈਦਾ ਕਰ ਦਿੱਤੀਆਂ ਹਨ । ਉਨ੍ਹਾਂ ਕਿਹਾ ਕਿ ਪਹਿਲਾਂ ਵੋਟਰ ਸੂਚੀ ਵਿਚ ਨਾਮ ਦਰਜ ਕਰਵਾਉਣ ਸਮੇਂ ਲੋੜੀਂਦੇ ਦਸਤਾਵੇਜ਼ਾਂ, ਜਿਵੇਂ ਜਨਮ ਮਿਤੀ ਸਾਬਤ ਕਰਨ ਵਾਲੇ ਸਕੂਲ ਸਰਟੀਫਿਕੇਟ ਆਦਿ ਦੇ ਆਧਾਰ ’ਤੇ ਪ੍ਰਕਿਰਿਆ ਪੂਰੀ ਕੀਤੀ ਜਾਂਦੀ ਸੀ । ਐਸ.ਆਈ.ਆਰ. ਦੌਰਾਨ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.) ਵਲੋਂ ਘਰ-ਘਰ ਜਾ ਕੇ ਵੋਟਰਾਂ ਦੇ ਵੇਰਵਿਆਂ ਅਤੇ ਦਸਤਾਵੇਜ਼ਾਂ ਦੀ ਪੜਤਾਲ ਕਰਨ ਦੀ ਪ੍ਰਕਿਰਿਆ ਅਪਣਾਈ ਗਈ । ਕਾਮਰੇਡ ਸ਼ਿਵ ਕੁਮਾਰ ਨੇ ਦੋਸ਼ ਲਗਾਇਆ ਕਿ ਇਸ ਦੌਰਾਨ ਵੱਡੀ ਗਿਣਤੀ ਵਿਚ ਯੋਗ ਵੋਟਰਾਂ ਦੇ ਨਾਮ ਸੂਚੀਆਂ ਵਿਚੋਂ ਕੱਟੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ । ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਨਾਲ ਜੁੜੇ ਕਈ ਮਾਮਲਿਆਂ ਨੂੰ ਲੈ ਕੇ ਇਲੈਕਟ੍ਰਾਨਿਕ ਅਤੇ ਪ੍ਰਿੰਟ ਮੀਡੀਆ ਵਿਚ ਵੀ ਸਵਾਲ ਉੱਠ ਰਹੇ ਹਨ । ਉਨ੍ਹਾਂ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ֹ’ ਤੇ ਸਵਾਲ ਚੁੱਕਦਿਆਂ ਕਿਹਾ ਕਿ ਵੋਟਰ ਦਾ ਨਾਮ ਅੰਤਿਮ ਤੌਰ ’ਤੇ ਸ਼ਾਮਿਲ ਕਰਨ ਜਾਂ ਰੱਦ ਕਰਨ ਦੀ ਪ੍ਰਕਿਰਿਆ ਨੂੰ ਲੈ ਕੇ ਵੀ ਪਾਰਦਰਸ਼ਤਾ ਯਕੀਨੀ ਬਣਾਈ ਜਾਣੀ ਚਾਹੀਦੀ ਹੈ । ਉਨ੍ਹਾਂ ਦੋਸ਼ ਲਗਾਇਆ ਕਿ ਚੋਣ ਕਮਿਸ਼ਨ ਦੀ ਮੌਜੂਦਾ ਕਾਰਵਾਈ ਕਾਰਨ ਵੱਡੀ ਗਿਣਤੀ ਵਿਚ ਨਾਗਰਿਕ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝੇ ਹੋ ਸਕਦੇ ਹਨ। ਕਾਮਰੇਡ ਸ਼ਿਵ ਕੁਮਾਰ ਨੇ ਕਿਹਾ ਕਿ ਵੋਟ ਦੇ ਅਧਿਕਾਰ ਦੀ ਰੱਖਿਆ ਲਈ ਚੱਲ ਰਹੇ ਅੰਦੋਲਨ ਨੂੰ ਨੌਜਵਾਨ ਪੀੜ੍ਹੀ ਵਲੋਂ ਅਗਵਾਈ ਮਿਲ ਰਹੀ ਹੈ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਇਸ ਨੂੰ ਸਮਰਥਨ ਮਿਲ ਰਿਹਾ ਹੈ । ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਅੰਦੋਲਨਕਾਰੀਆਂ ਨਾਲ ਗੱਲਬਾਤ ਕੀਤੀ ਜਾਵੇ ਅਤੇ ਪੁਲਿਸ ਕਾਰਵਾਈ ਰਾਹੀਂ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਨਾ ਕੀਤੀ ਜਾਵੇ । ਉਨ੍ਹਾਂ ਅੰਦੋਲਨ ਦੀਆਂ ਮੁੱਖ ਮੰਗਾਂ ਦੱਸਦਿਆਂ ਕਿਹਾ ਕਿ ਐਸ.ਆਈ.ਆਰ. ਪ੍ਰਕਿਰਿਆ ਰੱਦ ਕੀਤੀ ਜਾਵੇ, ਕਥਿਤ ਤੌਰ ’ਤੇ ਵੋਟ ਚੋਰੀ ਕਰਕੇ ਜਿੱਤੀਆਂ ਚੋਣਾਂ ਦੀ ਜਾਂਚ ਕਰਵਾਈ ਜਾਵੇ, ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਜਾਵੇ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਸਤੀਫ਼ਾ ਦੇਣ । ਕਾਮਰੇਡ ਸ਼ਿਵ ਕੁਮਾਰ ਨੇ ਕਿਹਾ ਕਿ ਵੋਟਰ ਦੇ ਅਧਿਕਾਰ ਅਤੇ ਲੋਕਤੰਤਰ ਦੀ ਰੱਖਿਆ ਲਈ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ।
ਪਿਛਲੀ ਖ਼ਬਰ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਪਹੁੰਚੇ ਪਠਾਨਕੋਟ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚ ਮੋਂਟੇਸਰੀ ਕੈਂਬਰਿਜ ਸਕੂਲ ਦੇ ਸ਼ਟਲਰਾਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।