ਫ਼ਾਜ਼ਿਲਕਾ, 13 ਫਰਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਫ਼ਾਜ਼ਿਲਕਾ ਦੇ ਵੱਕਾਰੀ ਵਿੱਦਿਅਕ ਅਦਾਰੇ 'ਜੀ. ਏ. ਵੀ. ਜੈਨ ਆਦਰਸ਼ ਸੀਨੀਅਰ ਸੈਕੰਡਰੀ ਸਕੂਲ' ਨੂੰ ਨਸ਼ਾ ਵਿਰੋਧੀ ਮੁਹਿੰਮ ਵਿਚ ਪਾਏ ਬੇਮਿਸਾਲ ਯੋਗਦਾਨ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਹੈ | ਫ਼ਾਜ਼ਿਲਕਾ ਦੇ ਇਕ ਨਿੱਜੀ ਪੈਲੇਸ 'ਚ ਆਯੋਜਿਤ 'ਐਟ ਹੋਮ' ਸਮਾਗਮ ਦੌਰਾਨ ਰਾਜਪਾਲ ਨੇ ਸਕੂਲ ਦੇ ਚੇਅਰਮੈਨ ਐਡਵੋਕੇਟ ਅਨਿਲ ਜੈਨ ਤੇ ਪਿ੍ੰਸੀਪਲ ਨਰੇਸ਼ ਸਪੜਾ ਨੂੰ ਇਹ ਸਨਮਾਨ ਭੇਟ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਰਾਜਪਾਲ ਨੇ ਕਿਹਾ ਕਿ ਵਿੱਦਿਅਕ ਸੰਸਥਾਵਾਂ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਤੇ ਨਸ਼ੇ ਵਰਗੀ ਸਮਾਜਿਕ ਬੁਰਾਈ ਨੂੰ ਜੜ੍ਹ ਤੋਂ ਖ਼ਤਮ ਕਰਨ ਵਿਚ ਇਨ੍ਹਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ | ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕਿਆਂ 'ਚ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣਾ ਇਕ ਵੱਡੀ ਚੁਨੌਤੀ ਹੈ, ਜਿਸ 'ਚ ਜੀ. ਏ. ਵੀ. ਜੈਨ ਸਕੂਲ ਨੇ ਜਾਗਰੂਕਤਾ ਮੁਹਿੰਮਾਂ ਰਾਹੀਂ ਇੱਕ ਮਿਸਾਲ ਕਾਇਮ ਕੀਤੀ ਹੈ | ਸਕੂਲ ਦੀ ਵਾਈਸ ਪਿ੍ੰਸੀਪਲ ਸ਼ੀਨਮ ਧੂੜੀਆ ਨੇ ਦੱਸਿਆ ਕਿ ਸਕੂਲ ਲੰਬੇ ਸਮੇਂ ਤੋਂ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕਰ ਰਿਹਾ ਹੈ | ਇਸ ਮੌਕੇ ਐਡਵੋਕੇਟ ਅਨਿਲ ਜੈਨ ਤੇ ਨਰੇਸ਼ ਸਪੜਾ ਨੇ ਰਾਜਪਾਲ ਅਤੇ 'ਕਰਨ ਗਿਲਹੋਤਰਾ ਫਾਊਾਡੇਸ਼ਨ' ਦਾ ਧੰਨਵਾਦ ਕਰਦਿਆਂ ਭਵਿੱਖ ਵਿਚ ਵੀ ਇਸ ਮੁਹਿੰਮ ਨੂੰ ਜਾਰੀ ਰੱਖਣ ਦਾ ਸੰਕਲਪ ਲਿਆ | ਇਸ ਮੌਕੇ ਮੰਚ 'ਤੇ ਸੈਕਟਰੀ ਵਿਵੇਕ ਪ੍ਰਤਾਪ ਸਿੰਘ, ਰੈੱਡ ਕਰਾਸ ਸੋਸਾਇਟੀ ਪੰਜਾਬ ਦੇ ਚੇਅਰਮੈਨ, ਸਾਬਕਾ ਕੈਬਨਿਟ ਮੰਤਰੀ ਸੁਰਜੀਤ ਕੁਮਾਰ ਜਿਆਣੀ ਤੇ ਉੱਘੇ ਸਮਾਜ ਸੇਵੀ ਕਰਨ ਗਿਲਹੋਤਰਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |