ਜਲਾਲਾਬਾਦ, 13 ਫਰਵਰੀ (ਕਰਨ ਚੁਚਰਾ)-'ਪੰਜਾਬ ਰੈੱਡ ਕਰਾਸ ਸੁਸਾਇਟੀ' ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਫ਼ਾਜ਼ਿਲਕਾ ਵਿਖੇ ਇਕ ਵਿਸ਼ਾਲ ਜਾਗਰੂਕਤਾ ਰੈਲੀ ਕੱਢੀ ਗਈ | ਰੈਲੀ 'ਚ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਜਲਾਲਾਬਾਦ (ਪੱਛਮੀ) ਦੇ ਵਿਦਿਆਰਥੀਆਂ ਨੇ ਭਾਗ ਲਿਆ | ਕਾਲਜ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਸ਼ੋਕ ਕੁਮਾਰ ਅਨੇਜਾ, ਪ੍ਰਧਾਨ ਪ੍ਰਦੀਪ ਚੁੱਘ, ਖ਼ਜ਼ਾਨਚੀ ਚੰਦਰ ਸ਼ੇਖਰ ਗੁੰਬਰ, ਸਿੱਖਿਆ ਸ਼ਾਸਤਰੀ ਗੁਰਬਖ਼ਸ਼ ਸਿੰਘ ਖੁਰਾਨਾ ਅਤੇ ਪਿ੍ੰਸੀਪਲ ਡਾ. ਨੀਤਿਕਾ ਦੀ ਯੋਗ ਅਗਵਾਈ ਹੇਠ ਵਿਦਿਆਰਥੀ ਇਸ ਮੁਹਿੰਮ ਦਾ ਹਿੱਸਾ ਬਣੇ | ਰੈਲੀ ਫ਼ਾਜ਼ਿਲਕਾ ਦੇ ਸੰਜੀਵ ਸਿਨੇਮਾ ਤੋਂ ਸ਼ੁਰੂ ਹੋ ਕੇ ਘੰਟਾ-ਘਰ ਤੱਕ ਪੈਦਲ ਮਾਰਚ ਦੇ ਰੂਪ ਵਿਚ ਕੱਢੀ ਗਈ | ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਿਸ਼ੇਸ਼ ਤੌਰ 'ਤੇ ਇਸ ਰੈਲੀ 'ਚ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨਾਲ ਖ਼ੁਦ ਪੈਦਲ ਚੱਲ ਕੇ ਆਮ ਜਨਤਾ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ | ਰਾਜਪਾਲ ਨੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ ਦਿੰਦਿਆਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਸੰਦੇਸ਼ ਦਿੱਤਾ |