ਅਬੋਹਰ, 17 ਫਰਵਰੀ (ਤੇਜਿੰਦਰ ਸਿੰਘ ਖ਼ਾਲਸਾ)-ਟੈਕਨੀਕਲ ਸਰਵਿਸ ਯੂਨੀਅਨ ਤੇ ਕੋਆਰਡੀਨੇਸ਼ਨ ਆਫ਼ ਪਾਵਰ ਐਂਡ ਟਾਸਕੋ ਦੇ ਸੱਦੇ ਤਹਿਤ ਮੰਡਲ ਅਬੋਹਰ ਵਲੋਂ ਪਟਿਆਲਾ ਦੇ ਬਡੂੰਗਰ ਦੀ 50 ਏਕੜ ਦੀ ਜ਼ਮੀਨ ਵੇਚਣ ਦੇ ਵਿਰੋਧ ਤੇ ਹੋਰ ਮੰਗਾਂ ਲਈ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਸੰਬੰਧੀ ਪੈੱ੍ਰਸ ਨੂੰ ਬਿਆਨ ਜਾਰੀ ਕਰਦਿਆਂ ਸਕੱਤਰ ਜਰਨੈਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਿੱਜੀਕਰਨ ਦੀ ਨੀਤੀ ਲਾਗੂ ਕਰਦਿਆਂ ਬਿਜਲੀ ਬੋਰਡ ਨੂੰ ਨਿੱਜੀ ਹੱਥਾਂ ਨੂੰ ਵੇਚਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਮਹਿਕਮੇ ਦੀਆਂ ਜਾਇਦਾਦਾਂ ਵੇਚੀਆਂ ਜਾ ਰਹੀਆਂ ਹਨ | ਪਾਵਰ ਕਾਮ ਵਲੋਂ ਬਡੰੂਗਰ ਦੀ 50 ਏਕੜ ਜ਼ਮੀਨ ਪੁੱਡਾ ਨੂੰ ਵੇਚਣ ਦਾ ਫ਼ੈਸਲਾ ਲਿਆ ਗਿਆ ਹੈ | ਮਹਿਕਮੇ ਦਾ ਨਿੱਜੀਕਰਨ ਤੇ ਪੰਚਾਇਤੀਕਰਨ ਕੀਤਾ ਜਾ ਰਿਹਾ ਹੈ | ਕਿਰਤ ਕਾਨੂੰਨਾਂ ਦੀ ਥਾਂ 4 ਲੇਬਰ ਕੋਡ ਲਾਗੂ ਕੀਤੇ ਜਾ ਰਹੇ ਹਨ, ਜਿਸ ਕਾਰਨ ਮੁਲਾਜ਼ਮਾਂ ਦੀ ਅੰਨ੍ਹੀ ਲੁੱਟ ਹੋ ਰਹੀ ਹੈ | ਇਨ੍ਹਾਂ ਮੰਗਾਂ ਦੀ ਪ੍ਰਾਪਤੀ ਲਈ ਮੰਡਲ ਅਬੋਹਰ ਅੱਗੇ ਰੋਸ ਰੈਲੀ ਕੀਤੀ ਗਈ ਅਤੇ ਨਾਲ ਹੀ 22 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਜਪਾ ਅਤੇ ਆਪ ਆਗੂਆਂ ਦੇ ਘਰਾਂ ਅੱਗੇ ਕੀਤੇ ਜਾਣ ਵਾਲੇ ਧਰਨਿਆਂ 'ਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਵੀ ਲਿਆ | ਇਸ ਦੌਰਾਨ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀ ਅਰਥੀ ਵੀ ਫੂਕੀ ਗਈ | ਰੈਲੀ ਨੂੰ ਟੈਕਨੀਕਲ ਸਰਵਿਸ ਯੂਨੀਅਨ ਦੇ ਸਾਬਕਾ ਸੂਬਾ ਆਗੂ ਸੁਖਵੰਤ ਸਿੰਘ ਸੇਖੋਂ, ਵਿਜੈ ਕੁਮਾਰ, ਇਕਬਾਲ ਸਿੰਘ, ਸੁਰੇਸ਼ ਸਿੰਘ, ਪੈਨਸ਼ਨਰ ਆਗੂ ਉਰਮਿੰਦਰ ਸਿੰਘ, ਅਨੀਦਾਨ, ਰਾਜਿੰਦਰ ਕੁਮਾਰ, ਠੇਕਾ ਮੁਲਾਜ਼ਮ ਹਰਦੀਪ ਸਿੰਘ ਆਦਿ ਆਗੂਆਂ ਨੇ ਸੰਬੋਧਨ ਕੀਤਾ |