17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਬਾਰਡਰ ਏਰੀਆ ਕਿਸਾਨ ਯੂਨੀਅਨ ਨੇ ਸਰਹੱਦੀ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 30-04-2026
ਫ਼ਾਜ਼ਿਲਕਾ, 29 ਅਪ੍ਰੈਲ (ਦਵਿੰਦਰ ਪਾਲ ਸਿੰਘ)-ਪੰਜਾਬ ਬਾਰਡਰ ਏਰੀਆ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਸੰਧੂ ਅਤੇ ਸੂਬਾ ਕਮੇਟੀ ਮੈਂਬਰ ਸ਼ਾਮ ਲਾਲ ਕੰਬੋਜ ਦੀ ਅਗਵਾਈ ਹੇਠ ਕਿਸਾਨਾਂ ਦਾ ਇਕ ਵਫ਼ਦ ਫ਼ਾਜ਼ਿਲਕਾ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਮਿਲਿਆ | ਇਸ ਦੌਰਾਨ ਯੂਨੀਅਨ ਵਲੋਂ ਕੰਡਿਆਲੀ ਤਾਰ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸਬੰਧੀ ਇੱਕ ਮੰਗ ਪੱਤਰ ਸੌਂਪਿਆ ਗਿਆ | ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਸੰਧੂ ਨੇ ਦੱਸਿਆ ਕਿ ਇਹ ਮੀਟਿੰਗ ਵਿਸ਼ੇਸ਼ ਤੌਰ 'ਤੇ ਤਾਰ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਦੇ ਅਹਿਮ ਮੁੱਦਿਆਂ 'ਤੇ ਕੇਂਦਰਿਤ ਸੀ | ਯੂਨੀਅਨ ਆਗੂਆਂ ਨੇ ਦੱਸਿਆ ਕਿ ਕੁੱਝ ਕਿਸਾਨਾਂ ਨੂੰ ਸਾਲ 2025 'ਚ ਆਏ ਹੜ੍ਹ ਦਾ ਮੁਆਵਜ਼ਾ ਵੀ ਨਹੀਂ ਮਿਲਿਆ | ਡਿਪਟੀ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ ਰਹਿੰਦਾ ਮੁਆਵਜ਼ਾ ਇਕ-ਦੋ ਦਿਨਾਂ ਵਿਚ ਜਾਰੀ ਕਰ ਦਿੱਤਾ ਜਾਵੇਗਾ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੋ-ਤਿੰਨ ਪਿੰਡਾਂ ਦੇ 'ਏ-ਰੋਲ' ਤਿਆਰ ਹੋ ਗਏ ਹਨ ਅਤੇ ਰਾਸ਼ੀ ਖਾਤਿਆਂ ਵਿਚ ਪਾਉਣੀ ਸ਼ੁਰੂ ਕਰ ਦਿੱਤੀ ਗਈ ਹੈ | ਬਾਕੀ ਪਿੰਡਾਂ ਦੇ ਰੋਲ ਇਸੇ ਹਫ਼ਤੇ ਮੁਕੰਮਲ ਹੋ ਜਾਣਗੇ ਅਤੇ ਅਗਲੇ 10-15 ਦਿਨਾਂ ਵਿਚ ਸਾਰੇ ਪਾਤਰ ਕਿਸਾਨਾਂ ਨੂੰ ਮੁਆਵਜ਼ਾ ਮਿਲ ਜਾਵੇਗਾ | ਕਿਸਾਨਾਂ ਨੇ ਸ਼ਿਕਾਇਤ ਕੀਤੀ ਕਿ ਪੁਰਾਣੀ ਕੰਡਿਆਲੀ ਤਾਰ ਦੀ ਥਾਂ ਲੱਗ ਰਹੀ ਨਵੀਂ ਤਾਰ ਕਾਰਨ ਉਨ੍ਹਾਂ ਦੀਆਂ ਪਾਈਪ-ਲਾਈਨਾਂ (ਹੋਮ ਪਾਈਪ) ਟੁੱਟ ਗਈਆਂ ਹਨ, ਜਿਨ੍ਹਾਂ ਨੂੰ ਠੇਕੇਦਾਰ ਠੀਕ ਨਹੀਂ ਕਰ ਰਿਹਾ | ਇਸ 'ਤੇ ਡਿਪਟੀ ਕਮਿਸ਼ਨਰ ਨੇ ਠੇਕੇਦਾਰ ਨੂੰ ਸਖ਼ਤ ਨਿਰਦੇਸ਼ ਦੇਣ ਅਤੇ ਨਵੀਆਂ ਪਾਈਪ-ਲਾਈਨਾਂ ਦੇ ਮਸਲੇ 'ਤੇ ਬੀ.ਐੱਸ.ਐਫ.ਅਧਿਕਾਰੀਆਂ ਨਾਲ ਗੱਲ ਕਰਕੇ ਹੱਲ ਕੱਢਣ ਦਾ ਭਰੋਸਾ ਦਿੱਤਾ | ਝੋਨੇ ਦੀ ਬਿਜਾਈ ਬਾਰੇ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਤੈਅ ਤਰੀਕਾਂ ਬਾਰੇ ਬੀ.ਐੱਸ.ਐਫ.ਨੂੰ ਸੂਚਿਤ ਕਰ ਦਿੱਤਾ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਖੇਤਾਂ ਵਿਚ ਜਾਣ ਸਮੇਂ ਕੋਈ ਦਿੱਕਤ ਨਾ ਆਵੇ | ਉਨ੍ਹਾਂ ਕਿਹਾ ਕਿ ਕਿਸੇ ਵੀ ਸਮੱਸਿਆ ਦੀ ਸੂਰਤ ਵਿਚ ਕਿਸਾਨ ਬੇਝਿਜਕ ਪ੍ਰਸ਼ਾਸਨ ਨਾਲ ਸੰਪਰਕ ਕਰ ਸਕਦੇ ਹਨ | ਇਸ ਮੌਕੇ ਤਹਿਸੀਲ ਅਤੇ ਬਲਾਕ ਪੱਧਰ ਦੇ ਆਗੂਆਂ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |
ਪਿਛਲੀ ਖ਼ਬਰ ਐਸ.ਡੀ.ਪੀ. ਕਾਲਜ ਦੀ ਵਿਦਿਆਰਥਣ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ 'ਚ ਪ੍ਰਾਪਤ ਕੀਤਾ 8ਵਾਂ ਸਥਾਨ ਅਗਲੀ ਖ਼ਬਰ ਜੇ ਦੋ ਦਿਨਾਂ ਵਿਚ ਨਾ ਬਣੀ ਸੜਕ ਤਾਂ ਸੜਕ ਉੱਤੇ ਪਾ ਦੇਵਾਂਗੇ ਮਿੱਟੀ • ਤੰਗ ਆਏ ਪਿੰਡ ਵਾਸੀਆਂ ਨੇ ਕੀਤਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।