ਅਬੋਹਰ, 29 ਅਪ੍ਰੈਲ (ਵਿਵੇਕ ਹੂੜੀਆ)-ਸ਼ਹਿਰ ਦੇ ਅਨੰਦ ਨਗਰੀ ਅਤੇ ਨਾਨਕ ਨਗਰੀ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੀ ਗੰਭੀਰ ਸੀਵਰੇਜ ਸਮੱਸਿਆ ਨੂੰ ਲੈ ਕੇ ਮੁਹੱਲਾ ਵਾਸੀਆਂ ਦਾ ਗ਼ੁੱਸਾ ਹੁਣ ਖੁੱਲ੍ਹ ਕੇ ਸਾਹਮਣੇ ਆ ਗਿਆ ਹੈ | ਸਥਾਨਕ ਨਿਵਾਸੀਆਂ ਨੇ ਇੱਕਜੁੱਟ ਹੋ ਕੇ ਨਗਰ ਨਿਗਮ ਨੂੰ ਲਿਖਤੀ ਸ਼ਿਕਾਇਤ ਸੌਂਪੀ ਹੈ, ਜਿਸ 'ਤੇ ਨਿਗਮ ਦੀ ਅਧਿਕਾਰਤ ਰਸੀਵਿੰਗ ਅਤੇ ਡਾਇਰੀ ਨੰਬਰ ਵੀ ਦਰਜ ਕਰਵਾਇਆ ਗਿਆ ਹੈ | ਮੁਹੱਲਾ ਨਿਵਾਸੀਆਂ ਦਾ ਕਹਿਣਾ ਹੈ ਕਿ ਪਿਛਲੇ ਕਰੀਬ ਇੱਕ ਮਹੀਨੇ ਤੋਂ ਖੇਤਰ ਵਿਚ ਸੀਵਰੇਜ ਦੀ ਸਥਿਤੀ ਬੇਹੱਦ ਖ਼ਰਾਬ ਬਣੀ ਹੋਈ ਹੈ | ਘਰਾਂ ਦੇ ਬਾਹਰ ਗੰਦਾ ਪਾਣੀ ਜਮਾਂ ਰਹਿਣ ਕਾਰਨ ਜਿੱਥੇ ਲੋਕਾਂ ਦਾ ਜੀਣਾ ਮੁਸ਼ਕਲ ਹੋ ਗਿਆ ਹੈ, ਉੱਥੇ ਹੀ ਬੱਚਿਆਂ, ਅÏਰਤਾਂ ਅਤੇ ਬਜ਼ੁਰਗਾਂ ਨੂੰ ਆਉਣ-ਜਾਣ ਵਿਚ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਗਰਮੀ ਦੇ ਮੌਸਮ ਵਿਚ ਬਦਬੂ ਅਤੇ ਗੰਦਗੀ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਲਗਾਤਾਰ ਵਧ ਰਿਹਾ ਹੈ | ਨਿਵਾਸੀਆਂ ਨੇ ਦੱਸਿਆ ਕਿ ਪਹਿਲਾਂ ਉਨ੍ਹਾਂ ਨੂੰ ਇਹ ਕਹਿ ਕੇ ਭਰੋਸਾ ਦਿੱਤਾ ਗਿਆ ਸੀ ਕਿ ਪੁਰਾਣੀ ਫ਼ਾਜ਼ਿਲਕਾ ਰੋਡ ਦੇ ਕੋਲ ਚੱਲ ਰਹੇ ਸੀਵਰੇਜ ਕਾਰਜ ਦੇ ਪੂਰਾ ਹੁੰਦੇ ਹੀ ਸਮੱਸਿਆ ਦਾ ਹੱਲ ਹੋ ਜਾਵੇਗਾ, ਪਰ ਕੰਮ ਪੂਰਾ ਹੋਣ ਦੇ ਬਾਵਜੂਦ ਹਾਲਾਤ ਜਿਉਂ ਦੇ ਤਿਉਂ ਬਣੇ ਹੋਏ ਹਨ | ਮੁਹੱਲਾ ਵਾਸੀਆਂ ਨੇ ਨਗਰ ਨਿਗਮ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਸਮੱਸਿਆ ਦਾ ਸਥਾਈ ਹੱਲ ਤੁਰੰਤ ਕੀਤਾ ਜਾਵੇ | ਉਨ੍ਹਾਂ ਸਪਸ਼ਟ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਹੈ ਕਿ ਜੇਕਰ ਜਲਦੀ ਹੀ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਮਜਬੂਰ ਹੋ ਕੇ ਸੰਘਰਸ਼ ਦਾ ਰਸਤਾ ਅਪਣਾਉਣਗੇ ਅਤੇ ਧਰਨਾ-ਪ੍ਰਦਰਸ਼ਨ ਕਰਨ ਤੋਂ ਵੀ ਪਿੱਛੇ ਨਹੀਂ ਹਟਣਗੇ | ਸਥਾਨਕ ਲੋਕਾਂ ਨੇ ਕਿਹਾ ਕਿ ਐਮ.ਸੀ. ਚੋਣਾਂ ਨਜ਼ਦੀਕ ਹਨ, ਅਜਿਹੇ ਵਿਚ ਪ੍ਰਸ਼ਾਸਨ ਨੂੰ ਜਨਤਾ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ |