ਫ਼ਾਜ਼ਿਲਕਾ, 30 ਅਪ੍ਰੈਲ (ਦਵਿੰਦਰ ਪਾਲ ਸਿੰਘ)-ਵਾਤਾਵਰਨ ਦੀ ਸੰਭਾਲ ਅਤੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਫ਼ਾਜ਼ਿਲਕਾ ਦੇ ਬਲਾਕ ਜਲਾਲਾਬਾਦ ਦੇ ਪਿੰਡ ਬਾਹਮਣੀ ਵਾਲਾ ਦਾ ਕਿਸਾਨ ਅਮਨਦੀਪ ਸਿੰਘ ਇੱਕ ਮਿਸਾਲ ਬਣ ਕੇ ਉੱਭਰਿਆ ਹੈ | ਮੁੱਖ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ ਡਾ.ਹਰਬੰਸ ਸਿੰਘ ਸਿੱਧੂ ਨੇ ਆਪਣੀ ਟੀਮ ਸਮੇਤ ਅਮਨਦੀਪ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ ਅਤੇ ਉਸ ਵਲੋਂ ਅਪਣਾਈਆਂ ਜਾ ਰਹੀਆਂ ਨਵੀਨਤਮ ਤਕਨੀਕਾਂ ਦੀ ਸ਼ਲਾਘਾ ਕੀਤੀ | ਡਾ.ਹਰਬੰਸ ਸਿੰਘ ਸਿੱਧੂ ਨੇ ਦੱਸਿਆ ਕਿ ਅਮਨਦੀਪ ਸਿੰਘ ਪਿਛਲੇ ਪੰਜ ਸਾਲਾਂ ਤੋਂ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ ਨੂੰ ਅੱਗ ਲਗਾਏ ਬਿਨਾਂ ਜ਼ਮੀਨ ਵਿਚ ਹੀ ਜਜ਼ਬ ਕਰ ਰਿਹਾ ਹੈ | ਇਸ ਵਿਧੀ ਨਾਲ ਨਾ ਸਿਰਫ਼ ਜ਼ਮੀਨ ਦੀ ਉਪਜਾਊ ਸ਼ਕਤੀ ਵਧੀ ਹੈ, ਸਗੋਂ ਫ਼ਸਲ ਦੇ ਝਾੜ ਵਿਚ ਵੀ ਭਾਰੀ ਵਾਧਾ ਦੇਖਣ ਨੂੰ ਮਿਲਿਆ ਹੈ | ਕਿਸਾਨ ਦੀ ਸਭ ਤੋਂ ਵੱਡੀ ਪ੍ਰਾਪਤੀ ਇਹ ਹੈ ਕਿ ਉਹ ਹਰ ਸਾਲ ਮਿੱਟੀ ਟੈੱਸਟ ਦੀ ਰਿਪੋਰਟ ਦੇ ਆਧਾਰ 'ਤੇ ਹੀ ਖਾਦਾਂ ਦੀ ਵਰਤੋਂ ਕਰਦਾ ਹੈ | ਅਮਨਦੀਪ ਸਿੰਘ ਕਣਕ ਦੀ ਬਿਜਾਈ ਸਮੇਂ ਡੀ.ਏ.ਪੀ. ਖਾਦ ਦੀ ਵਰਤੋਂ ਬਿਲਕੁਲ ਨਹੀਂ ਕਰਦਾ, ਜਿਸ ਨਾਲ ਉਸ ਦਾ ਖੇਤੀ ਖਰਚਾ ਕਾਫ਼ੀ ਘੱਟ ਗਿਆ ਹੈ | ਕਿਸਾਨ ਅਮਨਦੀਪ ਸਿੰਘ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਜਿਸ ਕਾਰਨ ਸਾਹ ਅਤੇ ਚਮੜੀ ਦੀਆਂ ਬਿਮਾਰੀਆਂ ਫੈਲਦੀਆਂ ਹਨ ਅਤੇ ਧੂੰਏਾ ਕਾਰਨ ਸੜਕ ਹਾਦਸਿਆਂ ਦਾ ਡਰ ਬਣਿਆ ਰਹਿੰਦਾ ਹੈ | ਉਸ ਨੇ ਕਿਹਾ ਕਿ ਜਦੋਂ ਤੋਂ ਮੈਂ ਰਹਿੰਦ-ਖੂੰਹਦ ਨੂੰ ਖੇਤ ਵਿਚ ਵਾਹੁਣਾ ਸ਼ੁਰੂ ਕੀਤਾ ਹੈ, ਮੇਰੀ ਆਮਦਨ ਵਧੀ ਹੈ ਅਤੇ ਜ਼ਮੀਨ ਦੀ ਸਿਹਤ ਵਿਚ ਵੀ ਸੁਧਾਰ ਹੋਇਆ ਹੈ | ਮੁੱਖ ਖੇਤੀਬਾੜੀ ਅਫ਼ਸਰ ਨੇ ਜ਼ਿਲ੍ਹੇ ਦੇ ਹੋਰਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੀ ਅਮਨਦੀਪ ਸਿੰਘ ਤੋਂ ਪ੍ਰੇਰਨਾ ਲੈ ਕੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿਚ ਹੀ ਵਾਹੁਣ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਹਵਾ, ਪਾਣੀ ਅਤੇ ਮਿੱਟੀ ਨੂੰ ਬਚਾਇਆ ਜਾ ਸਕੇ |