ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਜਾਰੀ ਚੋਣ ਸ਼ਡਿਊਲ ਅਨੁਸਾਰ ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਆਉਂਦੀ ਨਗਰ ਨਿਗਮ ਅਬੋਹਰ, ਨਗਰ ਕੌਂਸਲ ਫ਼ਾਜ਼ਿਲਕਾ ਅਤੇ ਨਗਰ ਪੰਚਾਇਤ ਅਰਨੀਵਾਲਾ ਦੀਆਂ 26 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਤੀਜੇ ਦਿਨ 45 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ | ਜ਼ਿਲ੍ਹਾ ਚੋਣ ਅਫ਼ਸਰ ਨੇ ਤੀਜੇ ਦਿਨ ਦਾਖਲ ਹੋਏ ਨਾਮਜ਼ਦਗੀ ਪੱਤਰਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਫ਼ਾਜ਼ਿਲਕਾ ਤੋਂ 10 ਅਤੇ ਅਬੋਹਰ 26 ਅਤੇ ਅਰਨੀਵਾਲਾ ਤੋਂ 9 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ | ਉਨ੍ਹਾਂ ਦੱਸਿਆ ਕਿ ਫ਼ਾਜ਼ਿਲਕਾ ਵਿਖੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਐੱਸ.ਡੀ.ਐਮ ਦਫ਼ਤਰ ਫ਼ਾਜ਼ਿਲਕਾ, ਅਬੋਹਰ ਵਿਖੇ ਐੱਸ.ਡੀ.ਐਮ ਦਫ਼ਤਰ ਅਬੋਹਰ ਅਤੇ ਅਰਨੀਵਾਲਾ ਵਿਖੇ ਕਮਿਊਨਿਟੀ ਹਾਲ ਅਰਨੀਵਾਲਾ ਕੇਂਦਰ ਬਣਾਏ ਗਏ ਹਨ | ਉਨ੍ਹਾਂ ਦੱਸਿਆ ਕਿ ਅੱਜ 16 ਮਈ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ | 18 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਤੇ 19 ਮਈ ਨੂੰ ਉਮੀਦਵਾਰ ਨਾਮਜ਼ਦਗੀ ਪੱਤਰ ਵਾਪਸ ਲੈ ਸਕਦੇ ਹਨ | 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ ਅਤੇ 29 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ | ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਕੁੱਲ 86 ਵਾਰਡਾਂ ਵਿਚ 189 ਪੋਲਿੰਗ ਬੂਥ ਬਣਾਏ ਗਏ ਹਨ | ਉਨ੍ਹਾਂ ਦੱਸਿਆ ਕਿ ਨਗਰ ਨਿਗਮ ਅਬੋਹਰ ਵਿਚ 50 ਵਾਰਡ ਤੇ 120 ਪੋਲਿੰਗ ਬੂਥ, ਨਗਰ ਕੌਂਸਲ ਫ਼ਾਜ਼ਿਲਕਾ ਵਿਚ 25 ਵਾਰਡ ਤੇ 58 ਪੋਲਿੰਗ ਬੂਥ ਅਤੇ ਨਗਰ ਪੰਚਾਇਤ ਅਰਨੀਵਾਲਾ ਵਿਚ 11 ਵਾਰਡ ਤੇ 11 ਪੋਲਿੰਗ ਬੂਥ ਬਣਾਏ ਗਏ ਹਨ | ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਵਿਚ 1,73,754 ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ ਜਿਨ੍ਹਾਂ ਵਿਚੋਂ 91474 ਮਰਦ ਅਤੇ 82272 ਅÏਰਤਾਂ ਜਦਕਿ 8 ਅਦਰ ਵੋਟਰ ਹਨ | ਉਨ੍ਹਾਂ ਨੇ ਸਾਰੇ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ |