ਫ਼ਾਜ਼ਿਲਕਾ, 18 ਮਈ (ਦਵਿੰਦਰ ਪਾਲ ਸਿੰਘ)-ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਫ਼ਾਜ਼ਿਲਕਾ ਹਲਕੇ ਵਿਚ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਇਕ ਹੋਰ ਜ਼ਬਰਦਸਤ ਸਿਆਸੀ ਝਟਕਾ ਲੱਗਿਆ ਜਦੋਂ ਪਾਰਟੀ ਦੇ ਸੀਨੀਅਰ ਆਗੂ ਨਵੀਨ ਗੁੰਬਰ ਨੇ ਭਾਜਪਾ ਨੂੰ ਅਲਵਿਦਾ ਕਹਿ ਕੇ ਆਪਣੇ ਦਰਜਨਾਂ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ | ਹਲਕੇ ਦੇ ਨੌਜਵਾਨ 'ਆਪ' ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਨਵੀਨ ਗੁੰਬਰ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ਵਿਚ ਰਸਮੀ ਤੌਰ 'ਤੇ ਸ਼ਾਮਲ ਕਰਵਾ ਕੇ ਜੀ ਆਇਆਂ ਆਖਿਆ | ਨਵੇਂ ਸਾਥੀਆਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਵਿਧਾਇਕ ਸਵਨਾ ਨੇ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਪੂਰਾ ਮਾਨ-ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਜਥੇਬੰਦੀ ਵਿਚ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ | ਉਨ੍ਹਾਂ ਵਿਰੋਧੀਆਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਜਪਾ ਦੀਆਂ ਲੋਕ-ਵਿਰੋਧੀ ਨੀਤੀਆਂ ਕਾਰਨ ਹੀ ਅੱਜ ਦੂਜੀਆਂ ਪਾਰਟੀਆਂ ਦੇ ਆਗੂ ਲਗਾਤਾਰ 'ਆਪ' ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਜੁੜ ਰਹੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਫ਼ਾਜ਼ਿਲਕਾ ਵਿਚ ਪਹਿਲੀ ਵਾਰ 'ਆਪ' ਦੇ ਕੌਂਸਲਰਾਂ ਦਾ ਬੋਰਡ ਬਣੇਗਾ, ਜਿਸ ਸਦਕਾ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਗਤੀ ਮਿਲੇਗੀ | ਦੂਜੇ ਪਾਸੇ 'ਆਪ' ਵਿਚ ਸ਼ਾਮਲ ਹੋਏ ਸੀਨੀਅਰ ਆਗੂ ਨਵੀਨ ਗੁੰਬਰ ਨੇ ਕਿਹਾ ਕਿ ਉਹ ਵਿਧਾਇਕ ਸਵਨਾ ਵਲੋਂ ਬਿਨਾਂ ਕਿਸੇ ਪੱਖਪਾਤ ਦੇ ਕਰਵਾਏ ਜਾ ਰਹੇ ਰਿਕਾਰਡ ਤੋੜ ਵਿਕਾਸ ਕਾਰਜਾਂ ਅਤੇ ਉਨ੍ਹਾਂ ਦੇ ਮਿਲਣਸਾਰ ਸੁਭਾਅ ਤੋਂ ਬੇਹੱਦ ਪ੍ਰਭਾਵਿਤ ਹੋਏ ਹਨ | ਉਨ੍ਹਾਂ ਪ੍ਰਣ ਲਿਆ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜੋ ਵੀ ਡਿਊਟੀ ਸੌਂਪੀ ਜਾਵੇਗੀ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੀਆਂ ਚੋਣਾਂ ਵਿਚ ਉਹ ਆਪਣੇ ਵਾਰਡ ਸਮੇਤ ਪੂਰੇ ਖੇਤਰ ਵਿਚ ਆਪਣੇ ਸਮਰਥਕਾਂ ਦੇ ਸਹਿਯੋਗ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਦਿਨ-ਰਾਤ ਇੱਕ ਕਰ ਦੇਣਗੇ |