ਅਬੋਹਰ, 19 ਮਈ (ਸੁਖਜੀਤ ਸਿੰਘ ਬਰਾੜ, ਵਿਵੇਕ ਹੂੜੀਆ)-ਸਥਾਨਕ ਗੋਪੀਚੰਦ ਆਰਿਆ ਮਹਿਲਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਨੇ ਇਕ ਵਾਰ ਫਿਰ ਉੱਤਮ ਪ੍ਰੀਖਿਆ ਨਤੀਜਾ ਦੇ ਕੇ ਸਿੱਖਿਆ ਜਗਤ ਵਿਚ ਆਪਣੀ ਵਿਸ਼ੇਸ਼ ਪਛਾਣ ਕਾਇਮ ਕੀਤੀ ਹੈ | ਹਾਲ ਹੀ ਵਿਚ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਪ੍ਰੀਖਿਆ ਨਤੀਜੇ ਵਿਚ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ, ਮਾਪਿਆਂ ਅਤੇ ਖੇਤਰ ਦਾ ਨਾਮ ਰੌਸ਼ਨ ਕੀਤਾ ਹੈ ਇਹਨਾਂ ਨਤੀਜਿਆਂ ਦੇ ਹਿਊਮੈਨਿਟੀਜ਼ ਗਰੁੱਪ ਵਿਚ ਅਰਸ਼ਪ੍ਰੀਤ ਕੌਰ ਨੇ 89 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿਚ ਪਹਿਲਾ ਸਥਾਨ ਹਾਸਲ ਕੀਤਾ | ਪਲਕ ਨੇ 86.6ਪ੍ਰਤੀਸ਼ਤ ਅੰਕ ਲੈ ਕੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਨਵਿਕਾ ਰਾਏ ਨੇ84.6 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਕਾਮਰਸ ਗਰੁੱਪ ਵਿਚ ਸ਼ਰੁਤੀ ਵਧਵਾ ਨੇ 88 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਜੰਨਤ ਨੇ 84.8 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਮਨਪ੍ਰੀਤ ਕੌਰ ਨੇ 82.6 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ 'ਤੇ ਸਕੂਲ ਵਿਚ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ, ਜਿਸ ਵਿਚ ਹੋਣਹਾਰ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਮਾਪਿਆਂ ਦੀ ਹਾਜ਼ਰੀ ਵਿਚ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਦੀ ਪਿ੍ੰਸੀਪਲ ਡਾ.ਰੇਖਾ ਸੂਦ ਹਾਂਡਾ ਨੇ ਇਸ ਸ਼ਾਨਦਾਰ ਪ੍ਰਾਪਤੀ 'ਤੇ ਸਾਰੀਆਂ ਵਿਦਿਆਰਥਣਾਂ, ਮਾਪਿਆਂ ਅਤੇ ਸਟਾਫ਼ ਮੈਂਬਰਾਂ ਨੂੰ ਦਿਲੋਂ ਵਧਾਈ ਦਿੰਦੇ ਹੋਏ ਕਿਹਾ ਕਿ ਸਕੂਲ ਸਦਾ ਵਿਦਿਆਰਥਣਾਂ ਦੇ ਸਰਬਪੱਖੀ ਵਿਕਾਸ ਅਤੇ ਗੁਣਵੱਤਾ ਪੂਰਨ ਸਿੱਖਿਆ ਲਈ ਵਚਨਬੱਧ ਰਿਹਾ ਹੈ |