ਫ਼ਾਜ਼ਿਲਕਾ, 3 ਜੂਨ (ਦਵਿੰਦਰ ਪਾਲ ਸਿੰਘ)-ਪਿਛਲੇ ਕਰੀਬ ਇੱਕ ਦਹਾਕੇ ਤੋਂ ਸੇਵਾ ਕੇਂਦਰਾਂ ਵਿਚ ਸੇਵਾਵਾਂ ਨਿਭਾ ਰਹੇ ਕਰਮਚਾਰੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਵਿੱਢਿਆ ਗਿਆ ਸੰਘਰਸ਼ ਅੱਜ ਅੱਠਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ | ਸੇਵਾ ਕੇਂਦਰ ਕਰਮਚਾਰੀ ਯੂਨੀਅਨ ਵਲੋਂ ਜਿੱਥੇ ਦੁਪਹਿਰ ਤੱਕ ਹਰ ਰੋਜ਼ ਦੀ ਤਰ੍ਹਾਂ ਸੇਵਾ ਕੇਂਦਰ ਦੇ ਬਾਹਰ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ, ਉੱਥੇ ਹੀ ਬਾਅਦ ਵਿਚ ਸ਼ਹਿਰ ਦੇ ਬਾਜ਼ਾਰਾਂ ਵਿਚ ਵਿਸ਼ਾਲ ਰੋਸ ਮਾਰਚ ਕੱਢ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੇਵਾ ਕੇਂਦਰ ਕਰਮਚਾਰੀ ਯੂਨੀਅਨ ਜ਼ਿਲ੍ਹਾ ਫ਼ਾਜ਼ਿਲਕਾ ਦੀ ਪ੍ਰਧਾਨ ਅੰਮਿ੍ਤਪਾਲ ਕੌਰ ਢਿੱਲੋਂ, ਵਾਈਸ ਪ੍ਰਧਾਨ ਆਸ਼ਮਾ ਰਾਣੀ, ਸਰਪ੍ਰਸਤ ਇੰਦਰਜੀਤ ਸਿੰਘ, ਪ੍ਰਵੇਸ਼ ਸ਼ਰਮਾ, ਸੋਨਿਕਾ ਅਤੇ ਗੁਰਦੀਪ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਪਿਛਲੇ ਕਈ ਦਿਨਾਂ ਤੋਂ ਸ਼ਾਂਤਮਈ ਸੰਘਰਸ਼ ਕਰ ਰਹੇ ਹਨ ਪਰ ਪੰਜਾਬ ਸਰਕਾਰ ਦੇ ਕੰਨ 'ਤੇ ਜੂੰ ਨਹੀਂ ਸਰਕ ਰਹੀ | ਉਨ੍ਹਾਂ ਸਰਕਾਰ 'ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਯੂਨੀਅਨ ਦੇ ਅਹੁਦੇਦਾਰਾਂ ਨੂੰ ਨੌਕਰੀਆਂ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ, ਜੋ ਕਿ ਸਰਾਸਰ ਧੱਕੇਸ਼ਾਹੀ ਹੈ | ਉਨ੍ਹਾਂ ਆਖਿਆ ਕਿ ਇੱਕ ਪਾਸੇ ਸਰਕਾਰ ਖ਼ੁਦ ਨੂੰ ਆਮ ਆਦਮੀ ਦੀ ਸਰਕਾਰ ਕਹਿੰਦੀ ਹੈ ਪਰ ਦੂਜੇ ਪਾਸੇ ਆਮ ਘਰਾਂ ਦੇ ਧੀਆਂ-ਪੁੱਤਾਂ ਨੂੰ ਨੌਕਰੀਆਂ ਤੋਂ ਬਾਹਰ ਕੱਢ ਕੇ ਬੇਰੁਜ਼ਗਾਰ ਕੀਤਾ ਜਾ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਵੱਖ-ਵੱਖ ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਵੀ ਹੜਤਾਲੀ ਕਰਮਚਾਰੀਆਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਿਆ | 'ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨ' ਦੇ ਸੂਬਾਈ ਆਗੂ ਸਾਥੀ ਹਰਭਜਨ ਲਾਧੂਕਾ ਅਤੇ 'ਭਾਰਤੀ ਕਮਿਊਨਿਸਟ ਪਾਰਟੀ' ਦੇ ਜ਼ਿਲ੍ਹਾ ਸਕੱਤਰ ਕਾਮਰੇਡ ਸੁਰਿੰਦਰ ਢੰਡੀਆਂ ਨੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਜਾਇਜ਼ ਦੱਸਦਿਆਂ ਕਿਹਾ ਕਿ ਸਰਕਾਰ ਆਮ ਤੇ ਮੱਧਮ ਵਰਗ ਨੂੰ ਬੇਰੁਜ਼ਗਾਰ ਕਰਕੇ ਪੂੰਜੀਪਤੀਆਂ ਦਾ ਪੱਖ ਪੂਰ ਰਹੀ ਹੈ | ਕੰਸਟਰੱਕਸ਼ਨ ਵਰਕਰ ਐਂਡ ਲੇਬਰ ਯੂਨੀਅਨ ਰਜਿ.ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਪਰਮਜੀਤ ਢਾਬਾਂ ਅਤੇ ਸਰਬ ਭਾਰਤ ਨੌਜਵਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸਾਥੀ ਸੁਬੇਗ ਝੰਗੜ ਭੈਣੀ , ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਦੇ ਸੂਬਾਈ ਨੇਤਾ ਮਹਿੰਦਰ ਕੌੜਿਆਂ ਵਾਲੀ ਅਤੇ 'ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ' ਦੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਮੀਤ ਸਿੰਘ ਮੰਨੇਵਾਲਾ ਨੇ ਵੀ ਸੰਬੋਧਨ ਕੀਤਾ | ਇਸ ਰੋਸ ਮਾਰਚ ਦੌਰਾਨ ਹੋਰਨਾਂ ਤੋਂ ਇਲਾਵਾ ਦਵਿੰਦਰ ਕੁਮਾਰ ਖਿਲਚੀਆਂ, ਸੋਨਾ ਧੁੰਨਕੀਆਂ, ਗੁਰਦਿਆਲ ਢਾਬਾਂ, ਰਾਜਵਿੰਦਰ ਸਿੰਘ ਨਿਓਲਾ ਸਮੇਤ ਵੱਡੀ ਗਿਣਤੀ ਵਿਚ ਸੇਵਾ ਕੇਂਦਰ ਦੇ ਕਰਮਚਾਰੀ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ |