19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਵਿਸ਼ਵ ਵਾਤਾਵਰਨ ਦਿਵਸ 'ਤੇ ਐੱਸ.ਡੀ.ਐੱਮ. ਵਲੋਂ ਤਹਿਸੀਲ ਕੰਪਲੈਕਸ 'ਚ ਬੂਟੇ ਲਗਾਏ

ਅਜੀਤ ਡੈਸਕ 07-06-2026
ਅਬੋਹਰ, 6 ਜੂਨ (ਵਿਵੇਕ ਹੂੜੀਆ)-ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ 'ਤੇ ਅਬੋਹਰ ਦੇ ਤਹਿਸੀਲ ਕੰਪਲੈਕਸ ਵਿਖੇ ਪ੍ਰਸ਼ਾਸਨ ਵਲੋਂ ਪੌਦੇ ਲਗਾਉਣ ਦੀ ਇਕ ਵਿਸ਼ੇਸ਼ ਮੁਹਿੰਮ ਚਲਾਈ ਗਈ | ਇਸ ਦੌਰਾਨ ਵੱਖ-ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਪੌਦੇ ਲਗਾ ਕੇ ਵਾਤਾਵਰਨ ਨੂੰ ਬਚਾਉਣ ਦਾ ਸੁਨੇਹਾ ਦਿੱਤਾ ਅਤੇ ਆਮ ਲੋਕਾਂ ਨੂੰ ਵੀ ਇਸ ਮੁਹਿੰਮ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ | ਇਸ ਪ੍ਰੋਗਰਾਮ ਦੀ ਅਗਵਾਈ ਕਰਦਿਆਂ ਐੱਸ.ਡੀ.ਐੱਮ ਅਬੋਹਰ ਰਵਿੰਦਰ ਸਿੰਘ ਅਰੋੜਾ ਨੇ ਖ਼ੁਦ ਪੌਦਾ ਲਗਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ | ਉਨ੍ਹਾਂ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਦੌਰ ਵਿਚ ਵਾਤਾਵਰਨ ਦੀ ਸੰਭਾਲ ਕਰਨਾ ਸਭ ਤੋਂ ਵੱਡੀ ਲੋੜ ਬਣ ਚੁੱਕੀ ਹੈ | ਵਧ ਰਹੇ ਪ੍ਰਦੂਸ਼ਣ ਅਤੇ ਜਲਵਾਯੂ ਤਬਦੀਲੀ ਦੀਆਂ ਗੰਭੀਰ ਚੁਨੌਤੀਆਂ ਨਾਲ ਨਜਿੱਠਣ ਲਈ ਹਰ ਇੱਕ ਨਾਗਰਿਕ ਨੂੰ ਆਪਣੇ ਪੱਧਰ 'ਤੇ ਪੌਦੇ ਲਗਾਉਣੇ ਚਾਹੀਦੇ ਹਨ ਅਤੇ ਉਨ੍ਹਾਂ ਦੀ ਪਰਵਰਿਸ਼ ਕਰਨ ਦਾ ਸੰਕਲਪ ਲੈਣਾ ਚਾਹੀਦਾ ਹੈ | ਐੱਸ.ਡੀ.ਐੱਮ.ਨੇ ਇਸ ਗੱਲ 'ਤੇ ਵਿਸ਼ੇਸ਼ ਜ਼ੋਰ ਦਿੱਤਾ ਕਿ ਕੇਵਲ ਪੌਦੇ ਲਗਾ ਕੇ ਕੰਮ ਖ਼ਤਮ ਨਹੀਂ ਹੋ ਜਾਂਦਾ, ਸਗੋਂ ਉਨ੍ਹਾਂ ਨੂੰ ਪਾਲਨਾ ਅਤੇ ਵੱਡਾ ਕਰਨਾ ਵੀ ਓਨਾ ਹੀ ਮਹੱਤਵਪੂਰਨ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ, ਦਫ਼ਤਰਾਂ, ਸੰਸਥਾਵਾਂ ਅਤੇ ਜਨਤਕ ਥਾਵਾਂ 'ਤੇ ਵੱਧ ਤੋਂ ਵੱਧ ਪੌਦੇ ਲਗਾ ਕੇ ਆਲੇ-ਦੁਆਲੇ ਨੂੰ ਹਰਾ-ਭਰਾ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ | ਇਸ ਮੌਕੇ ਤਹਿਸੀਲਦਾਰ ਮਨਿੰਦਰ ਸਿੰਘ, ਨਾਇਬ ਤਹਿਸੀਲਦਾਰ ਅਵਿਨਾਸ਼ ਚੰਦਰ ਸਮੇਤ ਤਹਿਸੀਲ ਦਫ਼ਤਰ ਦੇ ਸਮੂਹ ਸਟਾਫ਼ ਨੇ ਵੀ ਪੌਦੇ ਲਗਾਏ ਅਤੇ ਵਾਤਾਵਰਨ ਦੀ ਰੱਖਿਆ ਲਈ ਆਪਣੀ ਵਚਨਬੱਧਤਾ ਦੁਹਰਾਈ | ਅਧਿਕਾਰੀਆਂ ਨੇ ਕਿਹਾ ਕਿ ਇੱਕ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਨ ਹੀ ਸਾਡੀ ਆਉਣ ਵਾਲੀ ਪੀੜ੍ਹੀ ਲਈ ਸਭ ਤੋਂ ਵਧੀਆ ਤੋਹਫ਼ਾ ਹੋ ਸਕਦਾ ਹੈ ਅਤੇ ਇਸ ਮਕਸਦ ਲਈ ਸਮਾਜ ਦੇ ਹਰ ਵਰਗ ਨੂੰ ਇਕੱਠੇ ਹੋ ਕੇ ਹੰਭਲਾ ਮਾਰਨਾ ਪਵੇਗਾ | ਪ੍ਰੋਗਰਾਮ ਦੇ ਅਖੀਰ ਵਿਚ ਹਾਜ਼ਰ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵਾਤਾਵਰਨ ਦੀ ਸ਼ੁੱਧਤਾ ਲਈ ਨਿਰੰਤਰ ਕੰਮ ਕਰਨ ਦੀ ਸਹੁੰ ਵੀ ਚੁੱਕੀ |
ਪਿਛਲੀ ਖ਼ਬਰ ਬਿਨਾਂ ਟਿਊਸ਼ਨ 96.7 ਫ਼ੀਸਦੀ ਅੰਕ ਹਾਸਲ ਕਰਨ ਵਾਲੀ ਵਿਦਿਆਰਥਣ ਭੂਮਿਕਾ ਦਾ ਅਰੋੜਾ ਵਿਕਾਸ ਮੰਚ ਨੇ ਕੀਤਾ ਸਨਮਾਨ ਅਗਲੀ ਖ਼ਬਰ ਮੋਟਰ ਚੋਰਾਂ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਖ਼ੁਦ ਕੀਤੀ ਕਾਰਵਾਈ, ਚੋਰ ਨੂੰ ਤਾਂਬੇ ਦੀ ਤਾਰ ਸਮੇਤ ਫੜ ਕੇ ਪੁਲਿਸ ਹਵਾਲੇ ਕੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।