31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਆਈ.ਟੀ.ਆਈ. ਦੇ ਵਿਦਿਆਰਥੀ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਅਜੀਤ ਡੈਸਕ 18-06-2026

ਅਬੋਹਰ, 17 ਜੂਨ (ਵਿਵੇਕ ਹੂੜੀਆ)-ਅਬੋਹਰ ਦੇ ਨੇੜਲੇ ਪਿੰਡ ਸੈਦਾਵਾਲੀ ਦੇ ਰਹਿਣ ਵਾਲੇ ਇਕ ਆਈ.ਟੀ.ਆਈ ਦੇ ਵਿਦਿਆਰਥੀ ਨੇ ਪਿੰਡ ਦੇ ਕੋਲੋਂ ਲੰਘਦੀਆਂ ਰੇਲਵੇ ਲਾਈਨਾਂ ’ਤੇ ਰੇਲਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਮ੍ਰਿਤਕ ਦੀ ਦੇਹ ਬੁਰੀ ਤਰ੍ਹਾਂ ਖਿੱਲਰ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਜੀ.ਆਰ.ਪੀ. ਅਬੋਹਰ ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਨਰ ਸੇਵਾ ਨਰਾਇਣ ਸੇਵਾ ਸਮਿਤੀ ਦੇ ਸੇਵਾਦਾਰਾਂ ਦੀ ਮਦਦ ਨਾਲ ਲਾਸ਼ ਨੂੰ ਚੁੱਕ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਪਿਛਲੇ ਕਈ ਮਹੀਨਿਆਂ ਤੋਂ ਨੌਕਰੀ ਨਾ ਮਿਲਣ ਕਾਰਨ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿੰਦਾ ਸੀ। ਇਸ ਦਰਦਨਾਕ ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਸਮਿਤੀ ਦੇ ਸੇਵਾਦਾਰ ਬਿੱਟੂ ਨਰੂਲਾ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ ਸਾਢੇ 9 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਨੇ ਪਿੰਡ ਸੈਦਾਵਾਲੀ ਦੇ ਨੇੜੇ ਰੇਲਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਜਿਸ ’ਤੇ ਉਹ ਆਪਣੇ ਸਾਥੀ ਸੋਨੂੰ ਗਰੋਵਰ ਸਮੇਤ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਜੀ.ਆਰ.ਪੀ. ਦੇ ਅਧਿਕਾਰੀ ਅਜੀਤ ਸਿੰਘ ਤੇ ਉਨ੍ਹਾਂ ਦੀ ਪੁਲਿਸ ਟੀਮ ਦੀ ਮੌਜੂਦਗੀ ਵਿਚ ਲਾਸ਼ ਨੂੰ ਹਸਪਤਾਲ ਦੀ ਮੋਰਚਰੀ ਵਿਚ ਪਹੁੰਚਾਇਆ। ਘਟਨਾ ਸਥਾਨ ’ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰ ਅਤੇ ਪਿੰਡ ਦੇ ਸਰਪੰਚ ਵੀ ਮੌਜੂਦ ਸਨ। ਪਿੰਡ ਦੇ ਸਰਪੰਚ ਰਮਨ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਲੀਲਾਧਰ (ਉਮਰ ਕਰੀਬ 22 ਸਾਲ) ਵਜੋਂ ਹੋਈ ਹੈ, ਜੋ ਕਿ ਦੋ ਭਰਾਵਾਂ ਅਤੇ ਇਕ ਭੈਣ ਵਿਚੋਂ ਸਭ ਤੋਂ ਵੱਡਾ ਸੀ। ਉਹ ਬਾਰ੍ਹਵੀਂ ਪਾਸ ਸੀ ਅਤੇ ਪਿਛਲੇ ਕੁੱਝ ਸਮੇਂ ਤੋਂ ਆਈ.ਟੀ.ਆਈ ਕਰਨ ਦੇ ਨਾਲ-ਨਾਲ ਰੇਲਵੇ ਵਿਚ ਨੌਕਰੀ ਲੱਗਣ ਲਈ ਲਗਾਤਾਰ ਤਿਆਰੀ ਕਰ ਰਿਹਾ ਸੀ ਪਰ ਕਈ ਪੇਪਰ ਦੇਣ ਦੇ ਬਾਵਜੂਦ ਵੀ ਨੌਕਰੀ ਨਾ ਮਿਲਣ ਕਾਰਨ ਉਹ ਨਿਰਾਸ਼ਾ ਦੇ ਦੌਰ ਵਿਚ ਚੱਲਿਆ ਗਿਆ ਸੀ। ਪੁਲਿਸ ਨੇ ਲਾਸ਼ ਨੂੰ ਮੋਰਚਰੀ ਵਿਚ ਰਖਵਾ ਕੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਹਨ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਿੰਡ ਦੇ ਸਰਪੰਚ ਨੇ ਚਿੰਤਾ ਪ੍ਰਗਟ ਕਰਦਿਆਂ ਦੱਸਿਆ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਹੈ, ਕੁੱਝ ਸਾਲ ਪਹਿਲਾਂ ਵੀ ਉਨ੍ਹਾਂ ਦੇ ਪਿੰਡ ਦੇ ਇੱਕ ਹੋਰ ਨੌਜਵਾਨ ਨੇ ਇਸੇ ਤਰ੍ਹਾਂ ਨੌਕਰੀ ਨਾ ਮਿਲਣ ਕਾਰਨ ਹਤਾਸ਼ ਹੋ ਕੇ ਖ਼ੁਦਕੁਸ਼ੀ ਵਰਗਾ ਖ਼ੌਫ਼ਨਾਕ ਕਦਮ ਚੁੱਕ ਲਿਆ ਸੀ। ਇਸ ਘਟਨਾ ਕਾਰਨ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਪਿਛਲੀ ਖ਼ਬਰ ਅਬੋਹਰ ਅਲਟਰਾਸਾਊਂਡ ਦੀ ਵੱਡੀ ਲਾਪਰਵਾਹੀ ਆਈ ਸਾਹਮਣੇ ਅਗਲੀ ਖ਼ਬਰ ਦੋ ਕਾਰਾਂ ਆਪਸ ਵਿਚ ਭਿੜੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।