ਫ਼ਾਜ਼ਿਲਕਾ, 17 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਕਵਿਤਾ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਿੰਕੂ ਚਾਵਲਾ ਦੀ ਦੇਖ-ਰੇਖ ਹੇਠ 28 ਤੋਂ 30 ਜੂਨ ਤੱਕ ਚਲਾਏ ਜਾ ਰਹੇ ‘ਨੈਸ਼ਨਲ ਪਲਸ ਪੋਲੀਓ ਰਾਊਂਡ’ ਸਬੰਧੀ ਮਾਨਯੋਗ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਾਸਕ ਫੋਰਸ ਦੀ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਸਿਹਤ ਵਿਭਾਗ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ, ਸੀਨੀਅਰ ਮੈਡੀਕਲ ਅਫ਼ਸਰਾਂ, ਬਲਾਕ ਐਕਸਟੈਨਸ਼ਨ ਐਜੂਕੇਟਰਾਂ ਸਮੇਤ ਜ਼ਿਲ੍ਹਾ ਸਿੱਖਿਆ ਵਿਭਾਗ (ਸੈਕੰਡਰੀ ’ਤੇ ਪ੍ਰਾਇਮਰੀ), ਪੇਂਡੂ ਵਿਕਾਸ ਵਿਭਾਗ, ਇਸਤਰੀ ’ਤੇ ਬਾਲ ਵਿਕਾਸ ਵਿਭਾਗ, ਬਿਜਲੀ ਬੋਰਡ, ਪੰਜਾਬ ਪੁਲਿਸ, ਨਗਰ ਕੌਂਸਲ, ਫੂਡ ਸਪਲਾਈ ਵਿਭਾਗ, ਬੀ.ਐੱਸ.ਐਫ ਅਤੇ ਟਰਾਂਸਪੋਰਟ ਵਿਭਾਗ ਦੇ ਨੁਮਾਇੰਦਿਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੰਧੂ ਨੇ ਹਾਜ਼ਰ ਸਮੂਹ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਇਸ ਨੇਕ ਕਾਰਜ ਵਿਚ ਸਿਹਤ ਵਿਭਾਗ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ ਜ਼ਿਲ੍ਹੇ ਅੰਦਰ 0 ਤੋਂ 5 ਸਾਲ ਤੱਕ ਦੀ ਉਮਰ ਦਾ ਕੋਈ ਵੀ ਬੱਚਾ ਪੋਲੀਓ ਬੂੰਦਾਂ ਪੀਣ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਨੇ ਸਮੂਹ ਸਮਾਜ ਸੇਵੀ ਸੰਸਥਾਵਾਂ ਅਤੇ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਿਹਤ ਵਿਭਾਗ ਦਾ ਵੱਧ ਤੋਂ ਵੱਧ ਸਾਥ ਦੇਣ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਿੰਕੂ ਚਾਵਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਵੇਂ ਦੇਸ਼ ਵਿਚੋਂ ਪੋਲੀਓ ਦਾ ਲਗਭਗ ਖ਼ਾਤਮਾ ਹੋ ਚੁੱਕਾ ਹੈ, ਪਰ ਗੁਆਂਢੀ ਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਕਾਰਨ ਪੋਲੀਓ ਦੇ ਫੈਲਣ ਦਾ ਖ਼ਦਸ਼ਾ ਹਮੇਸ਼ਾ ਬਣਿਆ ਰਹਿੰਦਾ ਹੈ, ਜਿਸ ਨੂੰ ਦੇਖਦਿਆਂ ਸਰਕਾਰ ਵਲੋਂ ਇਹ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 28 ਤੋਂ 30 ਜੂਨ ਤੱਕ ਚੱਲਣ ਵਾਲੀ ਇਸ ਸਪੈਸ਼ਲ ਮੁਹਿੰਮ ਤਹਿਤ ਜ਼ਿਲ੍ਹੇ ਦੇ ਕਰੀਬ 1,42,000 ਬੱਚਿਆਂ ਨੂੰ ਕਵਰ ਕਰਨ ਲਈ 565 ਪੋਲੀਓ ਬੂਥ ਅਤੇ 19 ਟਰਾਂਜ਼ਿਟ ਪੋਲੀਓ ਬੂਥ ਬਣਾਏ ਗਏ ਹਨ। ਇਸ ਮੁਹਿੰਮ ਦੀ ਨਿਗਰਾਨੀ ਲਈ 113 ਸੁਪਰਵਾਈਜ਼ਰ ਤਾਇਨਾਤ ਕੀਤੇ ਗਏ ਹਨ ਅਤੇ ਬੂਥਾਂ ਤੋਂ ਅਗਲੇ ਦੋ ਦਿਨਾਂ ਦੌਰਾਨ 1130 ਟੀਮਾਂ ਵਲੋਂ ਜ਼ਿਲ੍ਹੇ ਦੇ 1,96,129 ਘਰਾਂ ਵਿਚ ਜਾ ਕੇ ਬੱਚਿਆਂ ਨੂੰ ਪੋਲੀਓ ਦੀ ਖ਼ੁਰਾਕ ਪਿਲਾਈ ਜਾਵੇਗੀ। ਡਾ.ਚਾਵਲਾ ਨੇ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਦੀਆਂ ਦੋ ਬੂੰਦਾਂ ਜ਼ਰੂਰ ਪਿਲਾਉਣ। ਉਨ੍ਹਾਂ ਸਪਸ਼ਟ ਕੀਤਾ ਕਿ ਬੇਸ਼ੱਕ ਬੱਚਾ ਰੁਟੀਨ ਦੀਆਂ ਬੂੰਦਾਂ ਲੈ ਚੁੱਕਾ ਹੋਵੇ, ਬੱਚਾ ਬਿਮਾਰ ਹੋਵੇ ਜਾਂ ਉਸ ਨੂੰ ਦਸਤ ਲੱਗੇ ਹੋਣ, ਤਾਂ ਵੀ ਇਹ ਬੂੰਦਾਂ ਪਿਲਾਉਣੀਆਂ ਬੇਹੱਦ ਜ਼ਰੂਰੀ ਹਨ। ਇਸ ਮੌਕੇ ਡਾ. ਉਪਿੰਦਰ ਸਿੰਘ, ਡਾ. ਸੁਮਿਤ ਸਿੰਘ, ਡਾ. ਸੁਨੀਤਾ ਕੰਬੋਜ, ਡਾ. ਪੰਕਜ, ਡਾ. ਨਵੀਨ ਮਿੱਤਲ, ਡਾ. ਸੁਮਿਤ, ਡਾ. ਚੇਤਨ ਖੁਰਾਨਾ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਜੇਸ਼ ਕੁਮਾਰ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਵਿਨੋਦ ਖੁਰਾਨਾ, ਬੀ.ਈ.ਈ. ਦਿਵੇਸ਼ ਕੁਮਾਰ, ਹਰਮੀਤ ਸਿੰਘ, ਸੁਨੀਲ ਟੰਡਨ, ਸੁਸ਼ੀਲ ਕੁਮਾਰ, ਕੰਪਿਊਟਰ ਅਸਿਸਟੈਂਟ ਸ਼ਵੇਤਾ ਅਤੇ ਵੱਖ-ਵੱਖ ਵਿਭਾਗਾਂ ਦੇ ਹੋਰ ਅਧਿਕਾਰੀ ਹਾਜ਼ਰ ਸਨ।
ਸਿਹਤ ਵਿਭਾਗ ਵਲੋਂ 28 ਤੋਂ 30 ਜੂਨ ਤੱਕ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ- ਡਿਪਟੀ ਕਮਿਸ਼ਨਰ
ਅਜੀਤ ਡੈਸਕ
18-06-2026