ਫ਼ਾਜ਼ਿਲਕਾ, 17 ਜੂਨ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੇ ਵਿਸ਼ੇਸ਼ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਅਹਿਮ ਬੈਠਕ ਦਾ ਆਯੋਜਨ ਕੀਤਾ ਗਿਆ। ਇਸ ਬੈਠਕ ਦਾ ਮੁੱਖ ਉਦੇਸ਼ ਐੱਸ.ਆਈ.ਆਰ.-2026 ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ, ਨਿਰਪੱਖ ਅਤੇ ਸਫਲਤਾਪੂਰਵਕ ਨੇਪਰੇ ਚਾੜ੍ਹਨਾ ਹੈ। ਇਸ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਸੈੱਲਾਂ ਵਿਚ ਨਿਯੁਕਤ ਕੀਤੇ ਗਏ ਨੋਡਲ ਅਫ਼ਸਰਾਂ ਅਤੇ ਚਾਰੋ ਵਿਧਾਨ ਸਭਾ ਹਲਕਿਆਂ ਦੇ ਸੁਪਰਵਾਈਜ਼ਰਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਗਈ। ਬੈਠਕ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ.ਮਨਦੀਪ ਕੌਰ ਨੇ ਕਿਹਾ ਕਿ ਚੋਣ ਪ੍ਰਕਿਰਿਆ ਦੀ ਸਫਲਤਾ ਲਈ ਪ੍ਰਸ਼ਾਸਨਿਕ ਤਿਆਰੀ ਸਭ ਤੋਂ ਮਹੱਤਵਪੂਰਨ ਕੜੀ ਹੈ। ਉਨ੍ਹਾਂ ਚੋਣ ਦਫ਼ਤਰ ਵੱਲੋਂ ਗਠਿਤ ਕੀਤੇ ਗਏ ਸਾਰੇ ਸੈੱਲਾਂ ਦੇ ਨੋਡਲ ਅਫ਼ਸਰਾਂ ਅਤੇ ਉਨ੍ਹਾਂ ਦੀਆਂ ਟੀਮਾਂ ਦੇ ਮੈਂਬਰਾਂ ਨੂੰ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਅਤੇ ਡਿਊਟੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਾ. ਮਨਦੀਪ ਕੌਰ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸੌਂਪੇ ਗਏ ਸਾਰੇ ਕਾਰਜਾਂ ਨੂੰ ਨਿਰਧਾਰਿਤ ਸਮੇਂ ਦੀ ਹੱਦ ਅੰਦਰ ਹੀ ਪੂਰਾ ਕੀਤਾ ਜਾਵੇ ਤਾਂ ਜੋ ਐੱਸ.ਆਈ.ਆਰ. ਪ੍ਰਕਿਰਿਆ ਵਿਚ ਕਿਸੇ ਵੀ ਪੱਧਰ ‘ਤੇ ਕੋਈ ਦਿੱਕਤ ਜਾਂ ਕੋਤਾਹੀ ਸਾਹਮਣੇ ਨਾ ਆਵੇ ਅਤੇ ਚੋਣ ਕੰਮਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਵਧਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਡਿਊਟੀ ਦੌਰਾਨ ਲਾਪਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਵਿਸ਼ੇਸ਼ ਸਿਖਲਾਈ ਸੈਸ਼ਨ ਦੌਰਾਨ ਚੋਣ ਤਹਿਸੀਲਦਾਰ ਵਿਭੂ ਜੈਨ, ਚੋਣ ਕਾਨੂੰਗੋ ਨਵਜੋਤ ਸਿੰਘ ਅਤੇ ਰਵੀ ਕਾਂਤ ਸਮੇਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।