ਫ਼ਾਜ਼ਿਲਕਾ, 23 ਜੂਨ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਫ਼ਾਜ਼ਿਲਕਾ ਡਾ. ਕਵਿਤਾ ਸਿੰਘ, ਜ਼ਿਲ੍ਹਾ ਮਹਾਂਮਾਰੀ ਅਫ਼ਸਰ ਡਾਕਟਰ ਸੁਨੀਤਾ ਕੰਬੋਜ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਡੱਬਵਾਲਾ ਕਲਾਂ ਡਾ.ਪੰਕਜ ਚੌਹਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਵਿਜੇ ਕੁਮਾਰ ਨਾਗਪਾਲ ਦੀ ਯੋਗ ਅਗਵਾਈ ਹੇਠ ਹੈਲਥ ਵੈਲਨੈੱਸ ਸੈਂਟਰ ਬਹਿਕ ਖ਼ਾਸ ਵਿਖੇ ਮਲੇਰੀਆ ਬੁਖ਼ਾਰ ਤੋਂ ਬਚਾਅ ਅਤੇ ਰੋਕਥਾਮ ਸਬੰਧੀ ਇਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਹਾਜ਼ਰ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਮਲਟੀਪਰਪਜ਼ ਹੈਲਥ ਵਰਕਰ (ਮੇਲ) ਬਨ੍ਹਵਾਰੀ ਲਾਲ ਨੇ ਮਲੇਰੀਆ ਦੇ ਲੱਛਣਾਂ, ਬਚਾਅ ਅਤੇ ਇਸ ਦੀ ਰੋਕਥਾਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮਲੇਰੀਆ ਦੀ ਜਾਂਚ ਅਤੇ ਇਲਾਜ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦੇ ਆਲੇ-ਦੁਆਲੇ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ। ਮਲੇਰੀਆ ਫੈਲਾਉਣ ਵਾਲੇ ਮੱਛਰ ਖੜ੍ਹੇ ਪਾਣੀ, ਪੁਰਾਣੇ ਟਾਇਰਾਂ, ਗਮਲਿਆਂ ਅਤੇ ਕਬਾੜ ਵਿਚ ਜਮਾਂ ਹੋਏ ਪਾਣੀ ਵਿਚ ਪੈਦਾ ਹੁੰਦੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਪਾਣੀ ਨੂੰ ਸੁਕਾਇਆ ਨਾ ਜਾ ਸਕੇ, ਉੱਥੇ ਕਾਲਾ ਤੇਲ ਪਾਇਆ ਜਾਵੇ। ਇਸ ਮੌਕੇ ਬਨ੍ਹਵਾਰੀ ਲਾਲ, ਪਰਮਜੀਤ ਕੌਰ, ਅਮਨਦੀਪ ਕੌਰ, ਆਸ਼ਾ ਵਰਕਰਾਂ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।