26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਨੂੰ ਨਹੀਂ ਮਿਲੇਗੀ ਕੋਈ ਰਿਆਇਤ : ਗਗਨ ਅਜੀਤ ਸਿੰਘ

ਅਜੀਤ ਡੈਸਕ 25-06-2026
ਅਬੋਹਰ, 24 ਜੂਨ (ਤੇਜਿੰਦਰ ਸਿੰਘ ਖ਼ਾਲਸਾ) ਅਬੋਹਰ ਦੇ ਐੱਸ.ਪੀ. ਦਫ਼ਤਰ ਵਿਖੇ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਦੌਰਾਨ ਸੀਨੀਅਰ ਪੁਲਿਸ ਕਪਤਾਨ ਗਗਨ ਅਜੀਤ ਸਿੰਘ ਨੇ ਜ਼ਿਲ੍ਹੇ ਵਿਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਅਤੇ ਕਾਨੂੰਨ-ਵਿਵਸਥਾ ਨਾਲ ਜੁੜੇ ਵੱਖ-ਵੱਖ ਮੁੱਦਿਆਂ ਬਾਰੇ ਖੁੱਲ੍ਹ ਕੇ ਗੱਲਬਾਤ ਕੀਤੀ ਅਤੇ ਪੱਤਰਕਾਰਾਂ ਤੋਂ ਇਲਾਕੇ ਦੀਆਂ ਸਮੱਸਿਆਵਾਂ ਸੰਬੰਧੀ ਵੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਪੁਲਿਸ ਕਪਤਾਨ ਆਸਵੰਤ ਸਿੰਘ, ਉਪ ਪੁਲਿਸ ਕਪਤਾਨ ਅਬੋਹਰ ਹਰੀਸ਼ ਕੁਮਾਰ ਆਦਿ ਵੀ ਮੌਜੂਦ ਸਨ। ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਨੇ ਸਪਸ਼ਟ ਕੀਤਾ ਕਿ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਪੁਲਿਸ ਮੁਲਾਜ਼ਮ ਦਾ ਨਾਮ ਵੀ ਨਸ਼ਿਆਂ ਨਾਲ ਸੰਬੰਧਿਤ ਕਿਸੇ ਮਾਮਲੇ ਵਿਚ ਸਾਹਮਣੇ ਆਉਂਦਾ ਹੈ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਨਸ਼ਿਆਂ ਦੀ ਸਪਲਾਈ ਚੈਨ ਨੂੰ ਤੋੜਨ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਮੁਹਿੰਮ ਚਲਾ ਰਿਹਾ ਹੈ। ਪ੍ਰੈੱਸ ਮੀਟਿੰਗ ਦੌਰਾਨ ਪੱਤਰਕਾਰਾਂ ਨੇ ਸ਼ਹਿਰ ਨਾਲ ਜੁੜੇ ਕਈ ਮਹੱਤਵਪੂਰਨ ਮੁੱਦੇ ਉਠਾਏ। ਪੱਤਰਕਾਰਾਂ ਨੇ ਦੱਸਿਆ ਕਿ ਸਿਟੀ 2 ਥਾਣਾ ਆਪਣੀ ਨਿਰਧਾਰਿਤ ਹੱਦ ਵਿਚ ਨਾ ਹੋ ਕੇ ਸਿਟੀ 1 ਥਾਣਾ ਖੇਤਰ ਵਿਚ ਸਥਿਤ ਹੈ, ਜਿਸ ਕਾਰਨ ਕਈ ਵਾਰ ਪੁਲਿਸ ਨੂੰ ਘਟਨਾ ਸਥਾਨ ਤੱਕ ਪਹੁੰਚਣ ਵਿਚ ਵੱਧ ਸਮਾਂ ਲੱਗ ਜਾਂਦਾ ਹੈ। ਇਸ ਸੰਬੰਧੀ ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਇਸ ਮਾਮਲੇ ’ਤੇ ਵਿਚਾਰ ਕਰਕੇ ਯੋਗ ਕਦਮ ਚੁੱਕੇ ਜਾਣਗੇ। ਸ਼ਹਿਰ ਵਿਚ ਵੱਧ ਰਹੀਆਂ ਚੋਰੀ ਦੀਆਂ ਘਟਨਾਵਾਂ ਦਾ ਮੁੱਦਾ ਵੀ ਪ੍ਰਮੁੱਖਤਾ ਨਾਲ ਉਠਾਇਆ ਗਿਆ। ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਪੁਲਿਸ ਇਨ੍ਹਾਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਚੋਰੀਆਂ ਨੂੰ ਰੋਕਣ ਲਈ ਗਸ਼ਤ ਵਧਾਉਣ ਸਮੇਤ ਹੋਰ ਲੋੜੀਂਦੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਮੰਨਿਆ ਕਿ ਪੁਲਿਸ ਵਿਭਾਗ ਨੂੰ ਸਟਾਫ਼ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਇਸ ਦੇ ਬਾਵਜੂਦ ਬਿਹਤਰ ਪੁਲਿਸਿੰਗ ਲਈ ਯਤਨ ਜਾਰੀ ਹਨ। ਇਸ ਤੋਂ ਇਲਾਵਾ ਨਸ਼ੇ ਦੇ ਟੀਕਿਆਂ ਦੇ ਵੱਧ ਰਹੇ ਇਸਤੇਮਾਲ ਨੂੰ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਚਰਚਾ ਕੀਤੀ ਗਈ। ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਨੇ ਕਿਹਾ ਕਿ ਪੁਲਿਸ ਸਿਰਫ਼ ਕਾਰਵਾਈ ਹੀ ਨਹੀਂ ਕਰ ਰਹੀ, ਸਗੋਂ ਜਾਗਰੂਕਤਾ ਮੁਹਿੰਮਾਂ ਵੀ ਚਲਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਨਾਲ ਸਬੰਧਿਤ ਕਿਸੇ ਵੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਸਮਾਜ ਨੂੰ ਇਸ ਬੁਰਾਈ ਤੋਂ ਮੁਕਤ ਕਰਵਾਇਆ ਜਾ ਸਕੇ।
ਪਿਛਲੀ ਖ਼ਬਰ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ 14-15 ਸਾਲ ਦੀਆਂ ਲੜਕੀਆਂ ਨੂੰ ਐੱਚ.ਪੀ.ਵੀ.ਵੈਕਸੀਨ ਲਗਵਾਉਣ ਦੀ ਕੀਤੀ ਅਪੀਲ ਅਗਲੀ ਖ਼ਬਰ ਯੂਥ ਕਾਂਗਰਸ ਚੋਣਾਂ ਦੇ ਜੇਤੂ ਉਮੀਦਵਾਰਾਂ ਦਾ ਜ਼ਿਲ੍ਹਾ ਪ੍ਰਧਾਨ ਸਿੱਧੂ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।