03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਕੱਸੀ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਅਜੀਤ ਡੈਸਕ 04-07-2026
ਅਬੋਹਰ, 3 ਜੁਲਾਈ (ਵਿਵੇਕ ਹੂੜੀਆ)-ਪਿੰਡ ਘੱਲੂ ਦੇ ਨੇੜੇ ਸਥਿਤ ਕੱਸੀ ਨੰਬਰ 13 ’ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਨਾਲ ਇਲਾਕੇ ’ਚ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਅਬੋਹਰ ਦੀ ਸਮਾਜ ਸੇਵੀ ਸੰਸਥਾ ‘ਨਰ ਸੇਵਾ ਨਰਾਇਣ ਸੇਵਾ ਸੰਮਤੀ’ ਦੇ ਮੈਂਬਰ ਮੌਕੇ ’ਤੇ ਪਹੁੰਚੇ ਅਤੇ ਖੂਈ ਖੇੜਾ ਪੁਲਿਸ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕੱਢ ਕੇ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ। ਜਾਣਕਾਰੀ ਅਨੁਸਾਰ ਸੰਮਤੀ ਦੇ ਮੁੱਖ ਸੇਵਾਦਾਰ ਰਾਜੂ ਚਰਾਇਆ ਨੂੰ ਕਿਸੇ ਰਾਹਗੀਰ ਨੇ ਸੂਚਨਾ ਦਿੱਤੀ ਸੀ ਕਿ ਪਿੰਡ ਘੱਲੂ ਦੇ ਕੋਲ ਕੱਸੀ ’ਚ ਇਕ ਲਾਸ਼ ਫਸੀ ਹੋਈ ਦਿਖਾਈ ਦੇ ਰਹੀ ਹੈ। ਸੂਚਨਾ ਮਿਲਦੇ ਹੀ ਸੰਮਤੀ ਮੈਂਬਰ ਸੋਨੂੰ ਗਰੋਵਰ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਣਕਾਰੀ ਖੂਈ ਖੇੜਾ ਪੁਲਿਸ ਨੂੰ ਦਿੱਤੀ। ਸੂਚਨਾ ਮਿਲਣ ’ਤੇ ਹੌਲਦਾਰ ਅੰਗਰੇਜ਼ ਕੁਮਾਰ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਅਤੇ ਸੰਮਤੀ ਮੈਂਬਰਾਂ ਨੇ ਸਾਂਝੇ ਤੌਰ ’ਤੇ ਕਾਰਵਾਈ ਕਰਦੇ ਹੋਏ ਲਾਸ਼ ਨੂੰ ਕੱਸੀ ਵਿਚੋਂ ਬਾਹਰ ਕੱਢਿਆ। ਇਸ ਤੋਂ ਬਾਅਦ ਆਸ-ਪਾਸ ਦੇ ਲੋਕਾਂ ਤੋਂ ਲਾਸ਼ ਦੀ ਪਛਾਣ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਦੇਰ ਸ਼ਾਮ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਅਨੁਸਾਰ ਮ੍ਰਿਤਕ ਦੀ ਉਮਰ ਕਰੀਬ 35 ਸਾਲ ਦੇ ਆਸ-ਪਾਸ ਜਾਪਦੀ ਹੈ ਅਤੇ ਉਸ ਨੇ ਕੁੜਤਾ-ਪਜਾਮਾ ਪਾਇਆ ਹੋਇਆ ਸੀ। ਸ਼ੁਰੂਆਤੀ ਅੰਦਾਜ਼ੇ ਮੁਤਾਬਿਕ ਲਾਸ਼ ਕਰੀਬ ਦੋ ਤੋਂ ਤਿੰਨ ਦਿਨ ਪੁਰਾਣੀ ਦੱਸੀ ਜਾ ਰਹੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਅਤੇ ਪਛਾਣ ਲਈ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ। ਖੂਈ ਖੇੜਾ ਪੁਲਿਸ ਨੇ ਮਾਮਲਾ ਦਰਜ ਕਰਕੇ ਆਸ-ਪਾਸ ਦੇ ਇਲਾਕਿਆਂ ਵਿਚ ਮ੍ਰਿਤਕ ਦੀ ਪਛਾਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਮ੍ਰਿਤਕ ਦੀ ਸ਼ਨਾਖ਼ਤ ਕਰਕੇ ਮਾਮਲੇ ਦੀ ਸਚਾਈ ਸਾਹਮਣੇ ਲਿਆਂਦੀ ਜਾਵੇਗੀ।
ਪਿਛਲੀ ਖ਼ਬਰ ਅਬੋਹਰ ਵਿਖੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਘਰ-ਘਰ ਜਾ ਕੇ ਵੋਟਰਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਫੈੱਡਰੇਸ਼ਨ ਰੂਰਲ ਦੀ ਜ਼ਿਲ੍ਹਾ ਕਮੇਟੀ ਦੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।