02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਫ਼ਾਜ਼ਿਲਕਾ ਡੀ.ਸੀ. ਦਫ਼ਤਰ ਸਾਹਮਣੇ ਕਾਂਗਰਸੀਆਂ ਵਲੋਂ ਜ਼ੋਰਦਾਰ ਰੋਸ ਧਰਨਾ ਕੇਂਦਰੀ ਸਿੱਖਿਆ ਮੰਤਰੀ ਅਤੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ

ਅਜੀਤ ਡੈਸਕ 24-07-2026
ਫ਼ਾਜ਼ਿਲਕਾ, 23 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਜ਼ਿਲ੍ਹਾ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਇਕ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਇਸ ਪ੍ਰਦਰਸ਼ਨ ਦੌਰਾਨ ਆਗੂਆਂ ਨੇ ਕੇਂਦਰ ਸਰਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਦਾ ਪੁਤਲਾ ਫ਼ੂਕ ਕੇ ਆਪਣੇ ਰੋਸ ਪ੍ਰਗਟ ਕੀਤਾ। ਸਾਬਕਾ ਜੰਗਲਾਤ ਮੰਤਰੀ ਹੰਸ ਰਾਜ ਜੋਸਨ, ਰਾਜ ਬਖ਼ਸ਼ ਕੰਬੋਜ, ਪਰਮਜੀਤ ਮਹੰਤ, ਰੂਬੀ ਗਿੱਲ, ਬੀਬੀ ਰਾਜਿੰਦਰ ਕੌਰ, ਕੌਸ਼ਲ ਬੂਕ ਆਦਿ ਕਾਂਗਰਸੀ ਆਗੂਆਂ ਨੇ ਦੋਸ਼ ਲਗਾਇਆ ਕਿ ਦਿੱਲੀ ਦੇ ਜੰਤਰ-ਮੰਤਰ ਵਿਖੇ ਆਪਣੀਆਂ ਹੱਕੀ ਮੰਗਾਂ ਅਤੇ ਪ੍ਰੀਖਿਆਵਾਂ ’ਚ ਧਾਂਦਲੀਆਂ ਖ਼ਿਲਾਫ਼ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਨਿਰਦੋਸ਼ ਵਿਦਿਆਰਥੀਆਂ ਅਤੇ ਖ਼ਾਸ ਕਰਕੇ ਬੇਗੁਨਾਹ ਲੜਕੀਆਂ ਉੱਪਰ ਪੁਲਿਸ ਵਲੋਂ ਬੇਰਹਿਮੀ ਨਾਲ ਡਾਂਗਾਂ ਚਲਾਈਆਂ ਗਈਆਂ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਦੇਸ਼ ਵਿਚ ਲਗਾਤਾਰ ਹੋ ਰਹੀਆਂ ਪ੍ਰੀਖਿਆ ਧਾਂਦਲੀਆਂ ਅਤੇ ਦਿੱਲੀ ਵਿਚ ਵਿਦਿਆਰਥੀਆਂ ’ਤੇ ਹੋਏ ਅੱਤਿਆਚਾਰ ਦੀ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ। ਧਰਨੇ ਨੂੰ ਸੰਬੋਧਨ ਕਰਦਿਆਂ ਸਥਾਨਕ ਕਾਂਗਰਸੀ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਸੱਤਾ ਦੇ ਨਸ਼ੇ ਵਿਚ ਅੰਨ੍ਹੀ ਹੋ ਚੁੱਕੀ ਹੈ। ਜਨਤਾ ਅਤੇ ਵਿਦਿਆਰਥੀਆਂ ਦੀ ਆਵਾਜ਼ ਸੁਣਨ ਦੀ ਬਜਾਏ ਧੱਕੇਸ਼ਾਹੀ ਨਾਲ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡੀ.ਸੀ. ਦਫ਼ਤਰ ਫ਼ਾਜ਼ਿਲਕਾ ਦੇ ਬਾਹਰ ਦਿੱਤੇ ਗਏ ਇਸ ਰੋਸ ਧਰਨੇ ਵਿਚ ਕਾਂਗਰਸੀ ਆਗੂ, ਜ਼ਿਲ੍ਹਾ ਅਹੁਦੇਦਾਰ ਅਤੇ ਵਰਕਰ ਇਕੱਠੇ ਹੋਏ ਸਨ। ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿਚ ਕੇਂਦਰ ਸਰਕਾਰ ਵਿਰੋਧੀ ਤਖ਼ਤੀਆਂ ਅਤੇ ਪਾਰਟੀ ਦੇ ਝੰਡੇ ਫੜੇ ਹੋਏ ਸਨ। ਧਰਨੇ ਦੇ ਅੰਤ ਵਿਚ ਕਾਂਗਰਸ ਪਾਰਟੀ ਦੇ ਵਫ਼ਦ ਵਲੋਂ ਮੰਗਾਂ ਸਬੰਧੀ ਇੱਕ ਮੰਗ ਪੱਤਰ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਦੇਸ਼ ਦੇ ਰਾਸ਼ਟਰਪਤੀ ਦੇ ਨਾਂ ਸੌਂਪਿਆ ਗਿਆ।
ਪਿਛਲੀ ਖ਼ਬਰ ਬਿਜਲੀ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਮੰਡਲ ਦਫ਼ਤਰ ਫ਼ਾਜ਼ਿਲਕਾ ਅੱਗੇ ਰੋਸ ਰੈਲੀ ਅਗਲੀ ਖ਼ਬਰ ਫ਼ਾਜ਼ਿਲਕਾ ’ਚ ਪਏ ਮੀਂਹ ਨੇ ਪ੍ਰਬੰਧਾਂ ਦੀ ਖੋਲ੍ਹੀ ਪੋਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।