ਫ਼ਾਜ਼ਿਲਕਾ, 30 ਜੁਲਾਈ (ਦਵਿੰਦਰ ਪਾਲ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੇ ਯਤਨਾਂ ਸਦਕਾ ਫ਼ਾਜ਼ਿਲਕਾ ਦੇ ਕੈਂਸਰ ਹਸਪਤਾਲ ਨੂੰ 27.66 ਕਰੋੜ ਰੁਪਏ ਦੀਆਂ ਆਧੁਨਿਕ ਮਸ਼ੀਨਾਂ ਨਾਲ ਲੈਸ ਕੀਤਾ ਗਿਆ ਹੈ। ਵਿਧਾਇਕ ਸਵਨਾ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਹੁਣ ਫ਼ਾਜ਼ਿਲਕਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਮਰੀਜ਼ਾਂ ਨੂੰ ਇਲਾਜ ਲਈ ਦੂਰ-ਦੁਰਾਡੇ ਨਹੀਂ ਭਟਕਣਾ ਪਵੇਗਾ। ਇਸ ਹਸਪਤਾਲ ਵਿਚ ਕੈਂਸਰ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ, ਜਿਸ ਨਾਲ ਲੋਕਾਂ ਦੇ ਪੈਸੇ ਅਤੇ ਸਮੇਂ ਦੀ ਬੱਚਤ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵਲੋਂ ਪਿੰਡਾਂ ਵਿਚ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਟੈੱਸਟ ਤੇ ਦਵਾਈਆਂ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਿੱਖਿਆ ਕ੍ਰਾਂਤੀ, ਪਿੰਡਾਂ ਦਾ ਵਿਕਾਸ, ਖੇਡ ਸਟੇਡੀਅਮ ਅਤੇ ਜਿੰਮ ਬਣਾ ਕੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਸੂਬੇ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ।