02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

70ਵੀਆਂ ਜ਼ੋਨਲ ਸਕੂਲ ਖੇਡਾਂ (ਕਰਾਟੇ) ’ਚ ਪੈਨੇਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ 47 ਸੋਨ ਤਗਮੇ

ਅਜੀਤ ਡੈਸਕ 31-07-2026
ਜਲਾਲਾਬਾਦ, 30 ਜੁਲਾਈ(ਜਤਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ 70ਵੀਆਂ ਜ਼ੋਨਲ ਸਕੂਲ ਖੇਡਾਂ ਤਹਿਤ ਕਰਾਟੇ ਦੇ ਮੁਕਾਬਲੇ ਪੈਨੇਸੀਆ ਸੀਨੀਅਰ ਸੈਕੰਡਰੀ ਸਕੂਲ, ਜਲਾਲਾਬਾਦ ਵਿਖੇ ਬੜੇ ਉਤਸ਼ਾਹ,ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਜ਼ੋਨ ਜਲਾਲਾਬਾਦ ਦੇ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਨੇ ਭਾਗ ਲੈ ਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ’ਚ ਸਕੂਲ ਆਫ਼ ਐਮੀਨੈਂਸ, ਹਰਕ੍ਰਿਸ਼ਨ ਪਬਲਿਕ ਸਕੂਲ, ਐਕਮੇ ਪਬਲਿਕ ਸਕੂਲ, ਗੁਰੂ ਨਾਨਕ ਸਕੂਲ, ਸਪਰਿੰਗ ਡੇਲਸ ਸਕੂਲ ਅਤੇ ਪੈਨੇਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਵੱਖ-ਵੱਖ ਉਮਰ ਵਰਗਾਂ ਵਿਚ ਹਿੱਸਾ ਲਿਆ। ਇਨ੍ਹਾਂ ਕਰਾਟੇ ਮੁਕਾਬਲਿਆਂ ਵਿਚ ਪੈਨੇਸੀਆ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਲੜਕਿਆਂ ਨੇ 29 ਸੋਨ ਤਗਮੇ ਅਤੇ ਲੜਕੀਆਂ ਨੇ 18 ਸੋਨ ਤਗਮੇ ਜਿੱਤ ਕੇ ਜ਼ੋਨ ਵਿਚ ਆਪਣੀ ਬੇਮਿਸਾਲ ਪ੍ਰਤਿਭਾ ਦਾ ਸਬੂਤ ਦਿੱਤਾ। ਇਸ ਸ਼ਾਨਦਾਰ ਸਫਲਤਾ ਨਾਲ ਸਕੂਲ ਨੇ ਕਰਾਟੇ ਖੇਡ ਵਿਚ ਆਪਣਾ ਦਬਦਬਾ ਕਾਇਮ ਰੱਖਿਆ। ਇਸ ਪ੍ਰਾਪਤੀ ਦੇ ਆਧਾਰ ’ਤੇ ਪੈਨੇਸੀਆ ਸੀਨੀਅਰ ਸੈਕੰਡਰੀ ਸਕੂਲ ਦੇ 47 ਖਿਡਾਰੀਆਂ ਦੀ ਜ਼ਿਲ੍ਹਾ ਪੱਧਰੀ ਕਰਾਟੇ ਖੇਡਾਂ ਲਈ ਚੋਣ ਹੋਈ, ਜੋ ਸਕੂਲ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਹੁਣ ਇਹ ਖਿਡਾਰੀ ਜ਼ਿਲ੍ਹਾ ਪੱਧਰ ’ਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ। ਸਕੂਲ ਪ੍ਰਿੰਸੀਪਲ ਰਮਨਪ੍ਰੀਤ ਕੌਰ ਨੇ ਇਸ ਮੌਕੇ ‘ਤੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਮਹੱਤਵਪੂਰਨ ਹਿੱਸਾ ਹਨ। ਕਰਾਟੇ ਵਰਗੀ ਸਵੈ-ਰੱਖਿਆ ਦੀ ਖੇਡ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ,ਅਨੁਸ਼ਾਸਨ, ਸਹਿਣਸ਼ੀਲਤਾ ਅਤੇ ਮਾਨਸਿਕ ਦ੍ਰਿੜ੍ਹਤਾ ਪੈਦਾ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਸਕੂਲ ਹਮੇਸ਼ਾ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਬਰਾਬਰ ਮਹੱਤਵ ਦਿੰਦਾ ਹੈ ਅਤੇ ਵਿਦਿਆਰਥੀਆਂ ਨੂੰ ਹਰ ਖੇਤਰ ਵਿਚ ਅੱਗੇ ਵਧਣ ਲਈ ਉਤਸ਼ਾਹਿਤ ਕਰਦਾ ਹੈ। ਉਨ੍ਹਾਂ ਨੇ ਖਿਡਾਰੀਆਂ ਦੀ ਇਸ ਸ਼ਾਨਦਾਰ ਸਫਲਤਾ ਦਾ ਸਿਹਰਾ ਕਰਾਟੇ ਕੋਚ ਗਗਨਦੀਪ ਸਿੰਘ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਲਗਨ ਅਤੇ ਨਿਰੰਤਰ ਅਭਿਆਸ ਨੂੰ ਦਿੱਤਾ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਵੀ ਪੈਨੇਸੀਆ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨਗੇ। ਇਸ ਮੌਕੇ ’ਤੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ। ਇਹ ਸਫਲਤਾ ਸਕੂਲ ਲਈ ਮਾਣ ਅਤੇ ਪ੍ਰੇਰਨਾ ਦਾ ਸਰੋਤ ਬਣੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਵੀ ਵੱਡੀਆਂ ਉਪਲਬਧੀਆਂ ਹਾਸਲ ਕਰਨ ਲਈ ਖਿਡਾਰੀਆਂ ਨੂੰ ਉਤਸ਼ਾਹਿਤ ਕਰੇਗੀ।
ਪਿਛਲੀ ਖ਼ਬਰ ਐਲ.ਏ.ਡੀ.ਸੀ ਸਿਸਟਮ ਖ਼ਿਲਾਫ਼ ਬਾਰ ਐਸੋਸੀਏਸ਼ਨ ਅਬੋਹਰ ਦੀ ਭੁੱਖ ਹੜਤਾਲ ਲਗਾਤਾਰ ਜਾਰੀ ਅਗਲੀ ਖ਼ਬਰ ਪੰਜਾਬ ਦੇ ਰਾਜਪਾਲ ਦਾ ਫ਼ਾਜ਼ਿਲਕਾ ਦੌਰਾ ਹੁਣ ਅਗਸਤ ਮਹੀਨੇ ’ਚ ਹੋਵੇਗਾ ਕਰਨ ਗਿਲਹੋਤਰਾ ਨੇ ਧਰਨਾਕਾਰੀ ਕਿਸਾਨਾਂ ਨੂੰ ਦਿੱਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।