ਫ਼ਾਜ਼ਿਲਕਾ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਇੱਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਨਵੇਂ ਬਣੇ ਬਲਾਕ ਪ੍ਰਧਾਨਾਂ ਨੂੰ ਵੰਡੇ ਨਿਯੁਕਤੀ ਪੱਤਰ
ਫ਼ਾਜ਼ਿਲਕਾ, 24 ਅਗਸਤ (ਅਮਰਜੀਤ ਸ਼ਰਮਾ)-ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਫ਼ਾਜ਼ਿਲਕਾ ਅੰਦਰ ਨਵੇਂ ਚੁਣੇ ਬਲਾਕਾਂ ਦੇ ਪ੍ਰਧਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਾਜ਼ਿਲਕਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਇਕ ਭਾਰੀ ਇਕੱਤਰਤਾ ਹੋਈ। ਜਿਸ ਵਿਚ ਪੁੱਜੇ ਪਾਰਟੀ ਦੇ ਸੀਨੀਅਰ ਆਗੂਆਂ ਨੇ ਇੱਕਜੁੱਟਤਾ ਦਾ ਪ੍ਰਗਟਾਵਾ ਕਰਕੇ ਕਾਂਗਰਸ ਵਰਕਰਾਂ ਨੂੰ ਪਾਰਟੀ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਦਾ ਸੱਦਾ ਦਿੱਤਾ।
ਫ਼ਾਜ਼ਿਲਕਾ, 24 ਅਗਸਤ (ਅਮਰਜੀਤ ਸ਼ਰਮਾ)-ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਫ਼ਾਜ਼ਿਲਕਾ ਅੰਦਰ ਨਵੇਂ ਚੁਣੇ ਬਲਾਕਾਂ ਦੇ ਪ੍ਰਧਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਾਜ਼ਿਲਕਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਇਕ ਭਾਰੀ ਇਕੱਤਰਤਾ ਹੋਈ। ਜਿਸ ਵਿਚ ਪੁੱਜੇ ਪਾਰਟੀ ਦੇ ਸੀਨੀਅਰ ਆਗੂਆਂ ਨੇ ਇੱਕਜੁੱਟਤਾ ਦਾ ਪ੍ਰਗਟਾਵਾ ਕਰਕੇ ਕਾਂਗਰਸ ਵਰਕਰਾਂ ਨੂੰ ਪਾਰਟੀ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਦਾ ਸੱਦਾ ਦਿੱਤਾ। ਭਰਵੇਂ ਇਕੱਠ ਅੰਦਰ ਫ਼ਾਜ਼ਿਲਕਾ ਬਲਾਕ ਦੇ ਨਵ-ਨਿਯੁਕਤ ਪ੍ਰਧਾਨ ਐਡਵੋਕੇਟ ਰਿਤੇਸ਼ ਗਗਨੇਜਾ, ਮੰਡੀ ਲਾਧੂਕਾ ਸਰਕਲ ਦੇ ਬਲਾਕ ਪ੍ਰਧਾਨ ਅਸ਼ੋਕ ਕੁਮਾਰ, ਬੇਗਾਂਵਾਲੀ ਬਲਾਕ ਦ ਪ੍ਰਧਾਨ ਜਗਸੀਰ ਸਿੰਘ ਸਾਬਕਾ ਸਰਪੰਚ ਨੂੰ ਨਿਯੁਕਤੀ ਪੱਤਰ ਦੇ ਕੇ ਆਪਣੇ ਨਾਲ ਬਾਕੀ ਅਹੁਦੇਦਾਰ ਬਣਾਉਣ ਲਈ ਕਿਹਾ। ਇਸ ਮੌਕੇ ’ਤੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਆਪਸੀ ਇੱਕਜੁੱਟ ਹੋ ਕੇ ਪਾਰਟੀ ਦਾ ਸੰਦੇਸ਼ ਘਰ-ਘਰ ਪਹੁੰਚਾਉਣ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ। ਲੋਕ ਆਮ ਆਦਮੀ ਪਾਰਟੀ ਨੂੰ ਚੱਲਦਾ ਕਰਨ ਲਈ ਉਤਾਵਲੇ ਹਨ। ਜਦ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਵਾਲੇ ਆਪਣਾ ਭਰੋਸਾ ਲੋਕਾਂ ਤੋਂ ਗੁਆ ਚੁੱਕੇ ਹਨ। ਪੰਜਾਬ ਦੇ ਲੋਕਾਂ ਨਾਲ ਜੋ ਕੁੱਝ ਇਨ੍ਹਾਂ ਨੇ ਕੀਤਾ ਹੈ ਪੰਜਾਬੀ ਉਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰਦੇ। ਉਨ੍ਹਾਂ ਨਵ ਨਿਯੁਕਤ ਬਲਾਕ ਪ੍ਰਧਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਹੁਣ ਪੂਰੀ ਮਿਹਨਤ ਨਾਲ ਪਿੰਡਾਂ ਅਤੇ ਸ਼ਹਿਰਾਂ ਅੰਦਰ ਕੰਮ ਕਰਨ। ਇਸ ਮੌਕੇ ’ਤੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਡਾ.ਮਹਿੰਦਰ ਕੁਮਾਰ ਰਿਣਵਾ ਨੇ ਕਿਹਾ ਕਿ ਕਾਂਗਰਸ ਅੰਦਰ ਕਈ ਲੋਕਾਂ ਨੇ ਅਹੁਦੇ ਲੈ ਕੇ ਪਾਰਟੀ ਨਾਲ ਗ਼ੱਦਾਰੀ ਕੀਤੀ, ਕੁੱਝ ਅਜਿਹੇ ਲੋਕ ਪਾਰਟੀ ਵਿਚ ਸ਼ਾਮਿਲ ਹੋ ਗਏ ਜਿਨ੍ਹਾਂ ਨੂੰ ਪਾਰਟੀ ਦੇ ਸੰਵਿਧਾਨ ਦਾ ਪਤਾ ਨਹੀਂ ਸੀ। ਉਨ੍ਹਾਂ ਕਿਹਾ ਕਿ ਜਦ ਦੀ ਪੰਜਾਬ ਅੰਦਰ ਰਾਜਾ ਅਮਰਿੰਦਰ ਸਿੰਘ ਵੜਿੰਗ ਨੇ ਪ੍ਰਧਾਨਗੀ ਸੰਭਾਲੀ ਹੈ, ਉਨ੍ਹਾਂ ਕਾਂਗਰਸ ਦੇ ਘਰ ਬੈਠੇ ਹਰੇਕ ਵਰਕਰ ਨੂੰ ਪਾਰਟੀ ਨਾਲ ਤੋਰਿਆ ਹੈ। ਇਸ ਲਈ ਉਹ ਵਧਾਈ ਦੇ ਪਾਤਰ ਹਨ। ਪੰਜਾਬ ਅੰਦਰ ਕਾਂਗਰਸ ਦੇ ਮੁੱਖ ਮੰਤਰੀ ਬਣਨ ਦੇ ਚੱਲ ਰਹੇ ਮਤਭੇਦਾਂ ਬਾਰੇ ਉਨ੍ਹਾਂ ਕਿਹਾ ਕਿ ਪਹਿਲਾ ਵਿਧਾਇਕ ਤਾਂ ਚੁਣ ਲਵੋ ਅਤੇ ਫਿਰ ਮੁੱਖ ਮੰਤਰੀ ਵੀ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦਾ ਸੰਵਿਧਾਨ ਹੈ ਕਿ ਚੁਣੇ ਹੋਏ ਵਿਧਾਇਕਾਂ ਵਿਚੋਂ ਹੀ ਮੁੱਖ ਮੰਤਰੀ ਬਣਦਾ ਹੈ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੀਆਂ ਗੱਲਾਂ ਕਰਨ ਵਾਲੇ ਪਾਰਟੀ ਦਾ ਸੰਵਿਧਾਨ ਪੜ੍ਹਨ। ਉਨ੍ਹਾਂ ਵਰਕਰਾਂ ਨੂੰ ਇੱਕਜੁੱਟ ਹੋ ਕੇ ਮਿਹਨਤ ਕਰਨ ਦਾ ਸੱਦਾ ਦਿੱਤਾ। ਨਗਰ ਕੌਂਸਲ ਚੋਣਾਂ ਅੰਦਰ ਪਾਰਟੀ ਦੀ ਹਾਰ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਨਗਰ ਕੌਂਸਲ ਚੋਣਾਂ ਦੀ ਜ਼ਿੰਮੇਵਾਰੀ ਚੁੱਕੀ ਹੋਈ ਸੀ, ਉਹ ਹੀ ਦੱਸ ਸਕਦੇ ਹਨ ਕਿ ਹਾਰ ਦੇ ਕੀ ਕਾਰਨ ਹਨ। ਇਸ ਮੌਕੇ ’ਤੇ ਨੌਜਵਾਨ ਕਾਂਗਰਸੀ ਆਗੂ ਸਮਰਬੀਰ ਸਿੰਘ ਸਿੱਧੂ ਨੇ ਕਿਹਾ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪੰਜਾਬ ਦੇ ਲੋਕ ਦੁਖੀ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਾ ਖ਼ਤਮ ਹੋਣ ਦੀ ਬਜਾਏ ਵਧਿਆ ਹੈ। ਬੇਰੁਜ਼ਗਾਰੀ ਵਿਚ ਵਾਧਾ ਹੋਇਆ, ਅਮਨ ਕਾਨੂੰਨ ਦੀ ਸਥਿਤੀ ਵਿਗੜੀ ਹੈ। ਜਿਸ ਤੋਂ ਲੋਕ ਦੁਖੀ ਹਨ। ਉਨ੍ਹਾਂ ਨਵ-ਨਿਯੁਕਤ ਬਲਾਕ ਪ੍ਰਧਾਨਾਂ ਨੂੰ ਵਧਾਈ ਦਿੱਤੀ। ਇਸ ਮੌਕੇ ’ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਧਾਰਥ ਰਿਣਵਾ, ਕੌਂਸਲਰ ਭਜਨ ਲਾਲ, ਰਾਧੇ ਸ਼ਾਮ ਕੌਂਸਲਰ, ਮਹਾਵੀਰ ਪ੍ਰਸਾਦ ਕੌਂਸਲਰ, ਪਰਮਜੀਤ ਮਹੰਤ, ਅਸ਼ੋਕ ਵਾਟਸ ਆਦਿ ਵੱਡੀ ਗਿਣਤੀ ਅੰਦਰ ਵਰਕਰ ਹਾਜ਼ਰ ਸਨ।