ਫ਼ਾਜ਼ਿਲਕਾ, 28 ਅਕਤੂਬਰ(ਦਵਿੰਦਰ ਪਾਲ ਸਿੰਘ)- ਈ.ਟੀ.ਟੀ ਟੈੱਟ ਪਾਸ ਅਧਿਆਪਕਾਂ ਦੀਆਂ ਨਵੀਆਂ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਨਾ ਹੋਣ ਦੇ ਰੋਸ ਵਜੋਂ ‘ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ’ ਵਲੋਂ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕਰਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਲਈ ਤੁਰੰਤ ਨਵਾਂ ਇਸ਼ਤਿਹਾਰ ਜਾਰੀ ਕਰਨ ਦੀ ਮੰਗ ਕੀਤੀ। ਯੂਨੀਅਨ ਦੇ ਸੂਬਾ ਪ੍ਰਧਾਨ ਸੁਨੀਲ ਫ਼ਾਜ਼ਿਲਕਾ ਨੇ ਦੱਸਿਆ ਕਿ ਜਥੇਬੰਦੀ ਪਿਛਲੇ ਸਾਢੇ ਚਾਰ ਸਾਲਾਂ ਤੋਂ ਨਵੀਆਂ ਅਸਾਮੀਆਂ ਲਈ ਲਗਾਤਾਰ ਸੰਘਰਸ਼ ਕਰ ਰਹੀ ਹੈ ਪਰ ਸਰਕਾਰ ਮਹਿਜ਼ ਭਰੋਸੇ ਦੇ ਕੇ ਸਮਾਂ ਲੰਘਾ ਰਹੀ ਹੈ। ਕਈ ਬੇਰੁਜ਼ਗਾਰ ਅਧਿਆਪਕ 3 ਤੋਂ 4 ਵਾਰ ਟੈੱਟ ਪ੍ਰੀਖਿਆ ਪਾਸ ਕਰ ਚੁੱਕੇ ਹਨ ਤੇ ਅਜਿਹੇ ਉਮੀਦਵਾਰਾਂ ਦੀ ਗਿਣਤੀ 50 ਹਜ਼ਾਰ ਤੋਂ ਵੀ ਪਾਰ ਹੋ ਚੁੱਕੀ ਹੈ ਪਰ ਸਰਕਾਰ ਵਲੋਂ ਭਰਤੀ ਪ੍ਰਕਿਰਿਆ ਸ਼ੁਰੂ ਨਹੀਂ ਕੀਤੀ ਜਾ ਰਹੀ। ਦੂਜੇ ਪਾਸੇ, ਲੰਮੇ ਸਮੇਂ ਤੋਂ ਭਰਤੀ ਨਾ ਨਿਕਲਣ ਕਰਕੇ ਕਈ ਯੋਗ ਬੇਰੁਜ਼ਗਾਰ ਅਧਿਆਪਕਾਂ ਦੀ ਉਮਰ ਲੰਘਦੀ ਜਾ ਰਹੀ ਹੈ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਉਨ੍ਹਾਂ ਦਾ ਮਸਲਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿਚ ਪਿੰਡਾਂ ਤੇ ਸ਼ਹਿਰਾਂ ਵਿਚ ਸਰਕਾਰ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ। ਧਰਨੇ ਦੇ ਅੰਤ ਵਿਚ ਜ਼ਿਲ੍ਹਾ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਣ ਤੋਂ ਬਾਅਦ ਪ੍ਰਦਰਸ਼ਨ ਸਮਾਪਤ ਕੀਤਾ ਗਿਆ। ਰੋਸ ਪ੍ਰਦਰਸ਼ਨ ਵਿਚ ਰਾਮ ਪ੍ਰਤਾਪ, ਰਣਜੀਤ ਸਿੰਘ, ਸੁਖਚੈਨ ਸਿੰਘ, ਹੈਪੀ, ਅੰਕੁਸ਼ ਕੰਬੋਜ, ਟਿਮਸੀ, ਮਨੀਸ਼ਾ, ਪ੍ਰਿਅੰਕਾ, ਸੁਖਦੇਵ ਸਿੰਘ ਤੇ ਅਮਨ ਕੰਬੋਜ ਸਮੇਤ ਵੱਡੀ ਗਿਣਤੀ ਵਿਚ ਬੇਰੁਜ਼ਗਾਰ ਅਧਿਆਪਕ ਸ਼ਾਮਲ ਸਨ।