ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ-ਡਿਪਟੀ ਕਮਿਸ਼ਨਰ
ਫ਼ਾਜ਼ਿਲਕਾ, 3 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਅਧਿਕਾਰਤ ਪੋਰਟਲ ’ਤੇ ਦਰਜ ਵਪਾਰੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਵਲੋਂ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਨਾਲ ਸਬੰਧਿਤ ਮਾਮਲਿਆਂ, ਪ੍ਰਾਪਤ ਸ਼ਿਕਾਇਤਾਂ ਦੇ ਨਿਪਟਾਰੇ ਅਤੇ ‘ਮੇਰੀ ਦੁਕਾਨ ਮੇਰੇ ਨਾਮ’ ਸਕੀਮ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ।
ਫ਼ਾਜ਼ਿਲਕਾ, 3 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਅਧਿਕਾਰਤ ਪੋਰਟਲ ’ਤੇ ਦਰਜ ਵਪਾਰੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਵਲੋਂ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਨਾਲ ਸਬੰਧਿਤ ਮਾਮਲਿਆਂ, ਪ੍ਰਾਪਤ ਸ਼ਿਕਾਇਤਾਂ ਦੇ ਨਿਪਟਾਰੇ ਅਤੇ ‘ਮੇਰੀ ਦੁਕਾਨ ਮੇਰੇ ਨਾਮ’ ਸਕੀਮ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਵਪਾਰੀਆਂ ਨੂੰ ਆਪਣੀਆਂ ਗਤੀਵਿਧੀਆਂ ਚਲਾਉਣ ਵਿਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ। ਉਨ੍ਹਾਂ ਆਨਲਾਈਨ ਪੋਰਟਲ ਰਾਹੀਂ ਆਈਆਂ ਸ਼ਿਕਾਇਤਾਂ ਦਾ ਸਮਾਂ-ਬੱਧ ਨਿਪਟਾਰਾ ਕਰਨ ਅਤੇ ਸੰਭਵ ਹੋਣ ’ਤੇ ਮੌਕੇ ’ਤੇ ਹੀ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਜ਼ਿਲ੍ਹਾ ਫ਼ਾਜ਼ਿਲਕਾ ਲਈ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਪ੍ਰਾਪਤ ਵਿਕਾਸ ਕਾਰਜਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਮੁਕੰਮਲ ਕੀਤਾ ਜਾਵੇ। ਬਾਕੀ ਰਹਿੰਦੇ ਕੰਮਾਂ ਦੇ ਐਸਟੀਮੇਟ ਤਿਆਰ ਕਰਕੇ ਜਲਦ ਰਿਪੋਰਟ ਸਾਂਝੀ ਕਰਨ ਅਤੇ ਚੱਲ ਰਹੇ ਕੰਮਾਂ ਸ਼ੁਰੂ ਕਰਨ ਤੋਂ ਪਹਿਲਾਂ ਸਬੰਧਿਤ ਟਰੇਡ ਕਮਿਸ਼ਨ ਦੇ ਨੁਮਾਇੰਦਿਆਂ ਨੂੰ ਜਾਣੂ ਕਰਵਾਉਣ ਦੇ ਆਦੇਸ਼ ਦਿੱਤੇ ਗਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ.ਮਨਦੀਪ ਕੌਰ, ਐੱਸ.ਡੀ.ਐਮ.ਕੰਨਵਰਜੀਤ ਸਿੰਘ, ਜੁਗਰਾਜ ਸਿੰਘ, ਸਹਾਇਕ ਕਮਿਸ਼ਨਰ ਹਰਬੰਸ ਸਿੰਘ, ਪੰਜਾਬ ਟਰੇਡ ਕਮਿਸ਼ਨ ਦੇ ਚੇਅਰਮੈਨ ਅਨੁਰਾਜ ਅਹੂਜਾ, ਮੈਂਬਰ ਅਤੁੱਲ ਨਾਗਪਾਲ, ਅੰਕੁਸ਼ ਸੇਤੀਆ, ਲਵੀਸ਼ ਚਾਵਲਾ ਸਮੇਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।