ਅਬੋਹਰ, 26 ਨਵੰਬਰ (ਵਿਵੇਕ ਹੂੜੀਆ)-ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਅਬੋਹਰ ਦਾ ਐੱਮ.ਐੱਡ. ਦੂਜੇ ਸਮੈਸਟਰ ਦਾ ਪ੍ਰੀਖਿਆ ਨਤੀਜਾ ਸ਼ਾਨਦਾਰ ਰਿਹਾ। ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਐਲਾਨੇ ਗਏ ਨਤੀਜੇ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਮਿਹਨਤ, ਲਗਨ ਅਤੇ ਪ੍ਰਤਿਭਾ ਦਾ ਲੋਹਾ ਮਨਵਾਇਆ। ਜਾਣਕਾਰੀ ਦਿੰਦਿਆਂ ਕਾਲਜ ਦੇ ਐੱਮ.ਐੱਡ. ਇੰਚਾਰਜ ਡਾ. ਅਜੇ ਖੋਸਲਾ ਨੇ ਦੱਸਿਆ ਕਿ ਕਾਰਜਕਾਰੀ ਪ੍ਰਿੰਸੀਪਲ ਡਾ. ਵਿਜੇ ਗਰੋਵਰ ਦੀ ਯੋਗ ਅਗਵਾਈ ਹੇਠ ਕਾਲਜ ਲਗਾਤਾਰ ਵਿਦਿਅਕ ਖੇਤਰ ਵਿਚ ਨਵੀਆਂ ਪ੍ਰਾਪਤੀਆਂ ਕਰ ਰਿਹਾ ਹੈ। ਐਲਾਨੇ ਗਏ ਨਤੀਜੇ ਵਿਚ ਸ਼ਿਵੀ ਗਿਲਹੋਤਰਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਵਿਚੋਂ ਪਹਿਲਾ ਸਥਾਨ ਹਾਸਲ ਕਰਨ ਦੇ ਨਾਲ-ਨਾਲ ਪੰਜਾਬ ਯੂਨੀਵਰਸਿਟੀ ਵਿਚੋਂ ਚੌਥਾ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਮਾਣ ਵਧਾਇਆ। ਇਸੇ ਤਰ੍ਹਾਂ ਅਮਨਦੀਪ ਕੌਰ ਨੇ ਦੂਜਾ ਅਤੇ ਆਰਜ਼ੂ ਜਾਵਾ ਨੇ ਤੀਜਾ ਸਥਾਨ ਹਾਸਲ ਕਰਕੇ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਕਾਰਜਕਾਰੀ ਪ੍ਰਿੰਸੀਪਲ ਡਾ. ਵਿਜੇ ਗਰੋਵਰ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਮਹਾਵਿਦਿਆਲਿਆ ਦੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ।