ਅੰਮਿ੍ਤਸਰ, 13 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ 'ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਖੇਤਰ 'ਚ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਦੀ ਭੂਮਿਕਾ' ਵਿਸ਼ੇ 'ਤੇ ਹੋ ਰਹੀ ਤਿੰਨ ਰੋਜ਼ਾ ਵਿਸ਼ਵ ਪੰਜਾਬੀ ਕਾਨਫਰੰਸ ਨੂੰ ਸੁਚੱਜੇ ਅਤੇ ਵਿਧੀਵਤ ਢੰਗ ਨਾਲ ਕਰਵਾਉਣ ਲਈ 10 ਹਾਈ ਪਾਵਰ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ | ਇਨਾਂ ਹਾਈ ਪਾਵਰ ਕਮੇਟੀਆਂ ਦੀ ਪਲੇਠੀ ਮੀਟਿੰਗ ਨੂੰ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਕਰਮਜੀਤ ਸਿੰਘ ਨੇ ਸੰਬੋਧਨ ਕਰਦਿਆਂ ਕਾਨਫਰੰਸ ਦੇ ਉਦੇਸ਼ ਅਤੇ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਵਿਸ਼ਵ ਪੰਜਾਬੀ ਕਾਨਫਰੰਸ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਇਕ ਇਤਿਹਾਸਕ ਕਦਮ ਸਾਬਤ ਹੋਵੇਗੀ | ਡਾ. ਕਰਮਜੀਤ ਸਿੰਘ ਨੇ ਦੱਸਿਆ ਕਿ ਇਸ ਕਾਨਫਰੰਸ ਦਾ ਮੁੱਖ ਮਕਸਦ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਦੇ ਦੌਰ 'ਚ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨੂੰ ਨਵੀਂ ਦਿਸ਼ਾ ਦੇਣਾ ਹੈ, ਤਾਂ ਜੋ ਪੰਜਾਬੀ ਨੂੰ ਗਲੋਬਲ ਪੱਧਰ 'ਤੇ ਹੋਰ ਮਜ਼ਬੂਤੀ ਮਿਲ ਸਕੇ | ਉਨਾਂ ਸਾਰੀਆਂ ਕਮੇਟੀਆਂ ਨੂੰ ਅਪੀਲ ਕੀਤੀ ਕਿ ਉਹ ਦਿਨ-ਰਾਤ ਇਕ ਕਰਕੇ ਇਸ ਕਾਨਫਰੰਸ ਨੂੰ ਸਫਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ | ਉਨਾਂ ਇਹ ਵੀ ਕਿਹਾ ਕਿ ਤਿੰਨ ਦਿਨਾਂ ਦੌਰਾਨ ਵਿਸ਼ਵ ਪੱਧਰ ਦੇ ਵਿਦਵਾਨ ਆਪਣੇ ਵਿਚਾਰ ਸਾਂਝੇ ਕਰਨਗੇ ਅਤੇ ਇਕ ਢੁੱਕਵਾਂ ਰੋਡ ਮੈਪ ਤਿਆਰ ਕੀਤਾ ਜਾਵੇਗਾ, ਜਿਸ ਦੇ ਆਧਾਰ 'ਤੇ ਭਵਿੱਖ 'ਚ ਪੰਜਾਬੀ ਭਾਸ਼ਾ ਅਤੇ ਪੰਜਾਬੀਅਤ ਦੇ ਵਿਕਾਸ ਲਈ ਨੀਤੀਆਂ ਅਤੇ ਯੋਜਨਾਵਾਂ ਤਿਆਰ ਕੀਤੀਆਂ ਜਾਣਗੀਆਂ | ਇਸ ਤਿੰਨ ਰੋਜ਼ਾ ਵਿਸ਼ਵ ਪੰਜਾਬੀ ਕਾਨਫਰੰਸ ਦੇ ਕਨਵੀਨਰ ਪ੍ਰੋ: ਮਨਜਿੰਦਰ ਸਿੰਘ ਮੁਖੀ ਪੰਜਾਬੀ ਅਧਿਐਨ ਸਕੂਲ ਹੋਣਗੇ | ਇਸ ਮੀਟਿੰਗ ਦੌਰਾਨ 20, 21 ਤੇ 22 ਫਰਵਰੀ ਨੂੰ ਹੋਣ ਵਾਲੇ ਵੱਖ-ਵੱਖ ਪ੍ਰੋਗਰਾਮਾਂ ਦੀ ਸਮੀਖਿਆ ਵੀ ਕੀਤੀ ਗਈ | ਉਪ ਕੁਲਪਤੀ ਡਾ. ਕਰਮਜੀਤ ਸਿੰਘ ਨੇ ਕਿਹਾ ਕਿ ਇਹ ਵਿਸ਼ਵ ਪੰਜਾਬੀ ਕਾਨਫਰੰਸ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਇਕ ਮੀਲ ਪੱਥਰ ਸਾਬਤ ਹੋਵੇਗੀ | ਉਨਾਂ ਦੱਸਿਆ ਕਿ ਇਸ ਕਾਨਫਰੰਸ ਵਿਚ ਵਿਸ਼ਵ ਪੱਧਰ ਦੀਆਂ ਕਈ ਪ੍ਰਸਿੱਧ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ ਅਤੇ ਪੰਜ ਪ੍ਰਮੁੱਖ ਵਿਦਵਾਨਾਂ ਨੂੰ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਜਾਵੇਗਾ |