ਅੰਮਿ੍ਤਸਰ, 13 ਫਰਵਰੀ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਵਲੋਂ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਤੇ ਵਿਜੇਵਾੜਾ ਅੰਦਰ ਸਿਕਲੀਗਰ ਵਣਜਾਰੇ ਸਿੱਖ ਬੱਚਿਆਂ ਦੀਆਂ ਸਕੂਲਾਂ/ਕਾਲਜਾਂ ਦੀਆਂ ਫੀਸਾਂ ਲਈ 43 ਲੱਖ 3 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਵੰਡੀ ਗਈ ਹੈ | ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤਹਿਤ ਇਹ ਸਹਾਇਤਾ ਰਾਸ਼ੀ ਦੇ ਚੈੱਕ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਤੇ ਸੁਰਜੀਤ ਸਿੰਘ ਭਿੱਟੇਵੱਡ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਆਂਧਰਾ ਪ੍ਰਦੇਸ਼ ਦੇ ਵੱਖ-ਵੱਖ ਥਾਵਾਂ 'ਤੇ ਪੜ੍ਹਦੇ ਸਿਕਲੀਗਰ ਸਿੱਖ ਬੱਚਿਆਂ ਦੀਆਂ ਫੀਸਾਂ ਦੇ ਰੂਪ ਵਿਚ ਸਕੂਲਾਂ ਨੂੰ ਸੌਂਪੀ ਗਈ | ਸ਼੍ਰੋਮਣੀ ਕਮੇਟੀ ਵਲੋਂ ਇਨ੍ਹਾਂ ਨੂੰ ਸਵੈ-ਨਿਰਭਰ ਬਣਾਉਣ ਲਈ ਹਰ ਸਾਲ ਬੱਚਿਆਂ ਦੀਆਂ ਫੀਸਾਂ ਭਰਨ ਦਾ ਫੈਸਲਾ ਕੀਤਾ ਹੋਇਆ ਹੈ | ਇਸੇ ਤਹਿਤ ਵਿਦਿਅਕ ਸਾਲ 2024-25 ਤੇ 2025-26 ਦੀਆਂ ਫੀਸਾਂ ਭੇਜੀਆਂ ਗਈਆਂ ਹਨ | ਭਾਈ ਮਹਿਤਾ ਨੇ ਕਿਹਾ ਕਿ ਵੱਖ ਵੱਖ ਸੂਬਿਆਂ ਅੰਦਰ ਵੱਸਦੇ ਸਿਕਲੀਗਰ ਵਣਜਾਰੇ ਸਿੱਖ ਸਮਾਜ ਦਾ ਅਹਿਮ ਅੰਗ ਹਨ, ਜਿਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਸ਼੍ਰੋਮਣੀ ਕਮੇਟੀ ਨਿਰੰਤਰ ਯਤਨਸ਼ੀਲ ਹੈ | ਉਨ੍ਹਾਂ ਕਿਹਾ ਕਿ ਇਹ ਫੀਸਾਂ ਦੇਣ ਦਾ ਮੰਤਵ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਸਿੱਖਿਅਤ ਕਰਨਾ ਹੈ, ਤਾਂ ਜੋ ਭਵਿੱਖ ਵਿਚ ਉਹ ਆਪਣੇ ਪੈਰਾਂ 'ਤੇ ਖੜ੍ਹੇ ਹੋ ਸਕਣ | ਉਨ੍ਹਾਂ ਕਿਹਾ ਕਿ ਖੁਸ਼ੀ ਦੀ ਗੱਲ ਹੈ ਕਿ ਬਹੁਤ ਸਾਰੇ ਬੱਚੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਪੜ੍ਹ ਕੇ ਨੌਕਰੀਆਂ ਪ੍ਰਾਪਤ ਕਰ ਰਹੇ ਹਨ | ਸਕੱਤਰ ਕਾਹਲਵਾਂ ਨੇ ਦੱਸਿਆ ਕਿ ਆਂਧਰਾ ਪ੍ਰਦੇਸ਼ ਦੇ ਵੱਖ-ਵੱਖ ਸਕੂਲਾਂ ਕਾਲਜਾਂ ਵਿਚ ਜਾ ਕੇ ਇਥੇ ਪੜ੍ਹ ਰਹੇ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਸਿੱਧੇ ਤੌਰ 'ਤੇ ਸਕੂਲਾਂ-ਕਾਲਜਾਂ ਨੂੰ ਸੌਂਪੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਕੀਤੇ ਗਏ ਫੈਸਲੇ ਅਨੁਸਾਰ ਸਾਲ ਭਰ ਦੀਆਂ ਫੀਸਾਂ ਇਕੋ ਸਮੇਂ ਖੁਦ ਜਾ ਕੇ ਜਮ੍ਹਾਂ ਕਰਵਾਈਆਂ ਜਾਂਦੀਆਂ ਹਨ, ਤਾਂ ਜੋ ਇਨ੍ਹਾਂ ਦੀ ਸਯੋਗ ਵਰਤੋਂ ਯਕੀਨੀ ਬਣੀ ਰਹੇ | ਇਸ ਮੌਕੇ ਉਨ੍ਹਾਂ ਨਾਲ ਦਿਲਸ਼ਾਹ ਸਿੰਘ ਅਨੰਦ, ਸੁਪਰਵਾਈਜ਼ਰ ਹਰਮਿੰਦਰਬੀਰ ਸਿੰਘ ਤੇ ਗੁਰਦੁਆਰਾ ਇੰਸਪੈਕਟਰ ਚੰਚਲਦੀਪ ਸਿੰਘ ਵੀ ਸ਼ਾਮਲ ਸਨ |