ਮੱਤੇਵਾਲ, 14 ਫਰਵਰੀ (ਗੁਰਪ੍ਰੀਤ ਸਿੰਘ ਮੱਤੇਵਾਲ)-ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕਰਕੇ ਸਤਾ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਅੱਜ ਪੰਜਾਬ ਦਾ ਹਰੇਕ ਵਰਗ ਪ੍ਰੇਸ਼ਾਨ ਹੋ ਚੁੱਕਾ ਹੈ ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਪਿੰਡ ਤਨੇਲ ਵਿਚ ਇਕ ਸਮਾਗਮ ਵਿਚ ਸ਼ਿਰਕਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਹ ਵਿਚਾਰ ਸਾਂਝੇ ਕੀਤੇ | ਮਜੀਠੀਆ ਨੇ ਕਿਹਾ ਕਿ ਪੰਜਾਬ ਵਾਸੀਆਂ ਦੇ ਪਿਆਰ, ਅਰਦਾਸਾਂ ਬੇਨਤੀਆਂ ਸਦਕਾ ਉਹ ਪੰਜਾਬ ਸਰਕਾਰ ਵਲੋਂ ਕੀਤੀਆਂ ਜ਼ਿਆਦਤੀਆਂ ਦਾ ਮੂੰਹ ਤੋੜ ਜਵਾਬ ਦੇਣ ਦੇ ਕਾਬਲ ਬਣ ਸਕੇ ਹਨ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਦਬਾੳਣ ਲਈ ਕਈ ਝੂਠੇ ਪਰਚੇ ਦਰਜ ਕੀਤੇ ਗਏ ਪਰ ਪਾਰਟੀ ਦੇ ਵਫਾਦਾਰ ਸਿਪਾਹੀ ਇਨ੍ਹਾਂ ਪਰਚਿਆਂ 'ਤੇ ਦਬਾਅ ਤੋਂ ਡਰਨ ਵਾਲੇ ਨਹੀਂ ਹਨ ਅਤੇ ਸਮਾਂ ਆਉਣ ਤੇ ਇਨ੍ਹਾਂ ਤੋਂ ਜਵਾਬ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਅਤੇ ਪੰਜਾਬੀਅਤ ਦੇ ਪਹਿਰੇਦਾਰ ਵਜੋਂ ਲੋਕਾਂ ਦੇ ਹੱਕਾਂ ਦੀ ਹਮੇਸ਼ਾ ਲੜਾਈ ਲੜੀ ਅਤੇ ਅੱਜ ਜੇਕਰ ਪੰਜਾਬ ਨੂੰ ਦਿੱਲੀ ਵਾਲਿਆਂ ਦੀ ਗ਼ੁਲਾਮੀ ਤੋਂ ਆਜ਼ਾਦ ਕਰਨਾ ਹੈ ਤਾਂ ਸਮੂਹ ਪੰਜਾਬ ਵਾਸੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਖੜ੍ਹੇ ਹੋਣ ਦੀ ਲੋੜ ਹੈ ਤਾਂ ਜੋ ਇਸ ਤਾਨਾਸ਼ਾਹ ਸਰਕਾਰ ਨੂੰ ਜਲਦੀ ਪੰਜਾਬ ਦੀ ਸਤਾ ਤੋਂ ਲਾਂਭੇ ਕੀਤਾ ਜਾਵੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਗੋਲਡੀ, ਸਾਬਕਾ ਚੇਅਰਮੈਨ ਮੇਜਰ ਸਿੰਘ ਕਲੇਰ, ਗੁਰਪਾਲ ਸਿੰਘ ਤਨੇਲ, ਅਮਰਪਾਲ ਸਿੰਘ ਪਾਲੀ ਉਦੋਕੇ, ਗੁਲਵਿੰਦਰ ਸਿੰਘ ਉਦੋਕੇ ਖੁਰਦ, ਸਰਵਣ ਸਿੰਘ ਰਾਮਦੀਵਾਲੀ, ਸੰਦੀਪ ਸਿੰਘ ਉਦੋਕੇ ਸਾਬਕਾ ਸਰਪੰਚ, ਨਵਜੀਤ ਸਿੰਘ ਤਨੇਲ ਆਦਿ ਮੌਜੂਦ ਸਨ |
ਪੰਜਾਬ ਨੂੰ ਦਿੱਲੀ ਵਾਲਿਆਂ ਦੀ ਗੁਲਾਮੀ ਤੋਂ ਆਜ਼ਾਦ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਖੜ੍ਹੇ ਹੋਣ ਦੀ ਲੋੜ-ਮਜੀਠੀਆ <br/>
ਅਜੀਤ ਡੈਸਕ
15-02-2026