29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਪੰਜਾਬ ਦੇ ਲੋਕ ਦੇਸ਼ ਦੇ 'ਅੰਨਦਾਤਾ' ਦੀ ਸ਼ਾਨ ਤੇ ਭਵਿੱਖ 'ਤੇ ਕੋਈ ਵੀ ਹਮਲਾ ਬਰਦਾਸ਼ਤ ਨਹੀਂ ਕਰਨਗੇ-ਕੁਲਤਾਰ ਸਿੰਘ ਸੰਧਵਾਂ <br/>

ਅਜੀਤ ਡੈਸਕ 16-02-2026

ਕਿਹਾ ਕੇਂਦਰ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਰਾਹੀਂ ਕਿਸਾਨਾਂ ਨੂੰ ਬਰਬਾਦ ਕਰਨ ਦੀ ਸਾਜਿਸ਼ ਰਚੀ


ਅੰਮਿ੍ਤਸਰ, 15 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਦੇਸ਼ ਵਿਰੋਧੀ ਐਲਾਨਦਿਆਂ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਰਾਹੀਂ ਪੰਜਾਬ ਦੇ ਕਿਸਾਨਾਂ ਨੂੰ ਬਰਬਾਦ ਕਰਨ ਅਤੇ ਭਾਰਤ ਦੀ ਖੇਤੀਬਾੜੀ ਨੂੰ ਅਮਰੀਕਾ ਕੋਲ ਵੇਚਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ |ਅੱਜ ਅੰਮਿ੍ਤਸਰ ਵਿਖੇ ਇੱਕ ਨਿੱਜੀ ਫੇਰੀ 'ਤੇ ਆਏ ਸੰਧਵਾਂ ਨੇ ਕਿਹਾ ਕਿ ਜੇ ਅਮਰੀਕਾ ਤੋਂ ਸਸਤਾ ਦੁੱਧ ਪਾਊਡਰ, ਪਨੀਰ, ਅਨਾਜ ਅਤੇ ਹੋਰ ਖੇਤੀ ਉਤਪਾਦ ਘੱਟ ਕੀਮਤਾਂ 'ਤੇ ਭਾਰਤ ਵਿਚ ਆਉਣੇ ਸ਼ੁਰੂ ਹੋ ਗਏ ਤਾਂ ਪੰਜਾਬ ਦਾ ਕਿਸਾਨ ਕਿੱਧਰ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਕਈ ਦਹਾਕਿਆਂ ਤੋਂ ਕਣਕ ਅਤੇ ਝੋਨੇ ਰਾਹੀਂ ਭਾਰਤ ਦੇ ਰਾਸ਼ਟਰੀ ਅੰਨ ਭੰਡਾਰ 'ਚ ਵੱਡਾ ਯੋਗਦਾਨ ਪਾ ਰਿਹਾ ਹੈ | ਇਸ ਦੇ ਬਾਵਜੂਦ ਕੇਂਦਰ ਸਰਕਾਰ ਵਲੋਂ ਕਿਸਾਨੀ ਨੂੰ ਤਬਾਹ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ | ਸੰਧਵਾਂ ਨੇ ਦੋਸ਼ ਲਾਇਆ ਕਿ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਨੇ ਅਮਰੀਕਾ ਅੱਗੇ ਗੋਡੇ ਟੇਕ ਦਿੱਤੇ ਹਨ ਅਤੇ ਭਾਰਤ ਦੇ ਹਿੱਤ ਵੇਚ ਦਿੱਤੇ ਹਨ | ਉਨ੍ਹਾਂ ਕਿਹਾ ਕਿ ਇਹ ਸਮਝੌਤਾ ਭਾਰਤ ਦੇ ਵਿਸ਼ਾਲ ਬਾਜ਼ਾਰ ਵਿਚ ਅਮਰੀਕੀ ਖੇਤੀ ਉਤਪਾਦਾਂ ਦੀ ਬਰਾਮਦ ਵਧਾਏਗਾ, ਅਮਰੀਕੀ ਕੀਮਤਾਂ ਨੂੰ ਉੱਚਾ ਚੁੱਕੇਗਾ, ਅਮਰੀਕਾ ਵਿਚ ਨਕਦੀ ਪਹੁੰਚਾਏਗਾ ਅਤੇ ਅਮਰੀਕੀ ਆਰਥਿਕਤਾ ਨੂੰ ਮਜ਼ਬੂਤ ਕਰੇਗਾ ਜਦ ਕਿ ਭਾਰਤ ਨੂੰ ਇਸ ਦਾ ਨੁਕਸਾਨ ਹੋਵੇਗਾ | ਉਨ੍ਹਾਂ ਭਾਜਪਾ ਨੂੰ ਚਿਤਾਵਨੀ ਦਿੱਤੀ ਕਿ ਪੰਜਾਬ ਦੇ ਲੋਕ ਦੇਸ਼ ਦੇ 'ਅੰਨਦਾਤਾ' ਦੀ ਸ਼ਾਨ ਤੇ ਭਵਿੱਖ 'ਤੇ ਕੋਈ ਵੀ ਹਮਲਾ ਬਰਦਾਸ਼ਤ ਨਹੀਂ ਕਰਨਗੇ ਅਤੇ ਸੱਚਾਈ ਨੂੰ ਹਰ ਪਿੰਡ ਅਤੇ ਹਰ ਘਰ ਤੱਕ ਪਹੁੰਚਾਇਆ ਜਾਵੇਗਾ | ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਕਿਸਾਨ ਮਾਰੂ ਇਸ ਸਮਝੌਤੇ ਦੀ ਡਟ ਕੇ ਵਿਰੋਧਤਾ ਕਰਦੇ ਹਨ ਅਤੇ ਕੇਂਦਰ ਸਰਕਾਰ ਦੀ ਇਸ ਕੋਝੀ ਸਾਜਿਸ਼ ਨੂੰ ਰੋਕਣ ਲਈ ਹਰ ਹੀਲਾ ਵਰਤਣਗੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਦੇਸ਼ ਵਿਰੋਧੀ ਸਮਝੌਤੇ ਦਾ ਡੱਟ ਕੇ ਵਿਰੋਧ ਕਰਦੀ ਹੈ |

ਪਿਛਲੀ ਖ਼ਬਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ... ਅਗਲੀ ਖ਼ਬਰ ਬੇਕਰੀ ਦੀ ਦੁਕਾਨ 'ਚ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।