ਐਡਵੋਕੇਟ ਧਾਮੀ ਨੇ ਸੰਗਤਾਂ ਦੀ ਰਿਹਾਇਸ਼ ਲਈ 'ਸ੍ਰੀ ਗੁਰੂ ਨਾਨਕ ਦੇਵ ਭਵਨ' ਦਾ ਰੱਖਿਆ ਨੀਂਹ-ਪੱਥਰ
ਅੰਮਿ੍ਤਸਰ, 17 ਫਰਵਰੀ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਰਾਏਪੁਰ ਵਿਖੇ ਛੱਤੀਸਗੜ੍ਹ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਪ੍ਰਮੁੱਖ ਸਿੱਖ ਆਗੂਆਂ ਨਾਲ ਇਕੱਤਰਤਾ ਕਰਕੇ ਸੂਬੇ ਅੰਦਰ ਸ਼੍ਰੋਮਣੀ ਕਮੇਟੀ ਵਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਚਰਚਾ ਕੀਤੀ ਅਤੇ ਭਵਿੱਖ ਵਿਚ ਸਿੱਖੀ ਦੇ ਪ੍ਰਚਾਰ ਪ੍ਰਸਾਰ ਨੂੰ ਹੋਰ ਤੇਜ਼ ਕਰਨ ਲਈ ਰੂਪ-ਰੇਖਾ ਉਲੀਕੀ | ਐਡਵੋਕੇਟ ਧਾਮੀ ਅੱਜ ਛੱਤੀਸਗੜ੍ਹ ਦੇ ਰਾਏਪੁਰ ਵਿਖੇ ਸਥਿਤ ਗੁਰਦੁਆਰਾ ਗੁਰੂ ਨਾਨਕ ਸਾਹਿਬ ਜੀ ਰਾਵਾਭਾਟਾ ਦੀ ਇਮਾਰਤ ਦੇ ਨਵੀਨੀਕਰਨ ਮਗਰੋਂ ਸੰਗਤ ਅਰਪਣ ਕਰਨ ਸਮੇਂ ਹੋ ਰਹੇ ਗੁਰਮਤਿ ਸਮਾਗਮ ਵਿਚ ਸ਼ਮੂਲੀਅਤ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ ਸਨ | ਉਨ੍ਹਾਂ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦੀ ਰਿਹਾਇਸ਼ ਲਈ 'ਸ੍ਰੀ ਗੁਰੂ ਨਾਨਕ ਦੇਵ ਭਵਨ' ਦਾ ਨੀਂਹ ਪੱਥਰ ਵੀ ਰੱਖਿਆ | ਛੱਤੀਗੜ੍ਹ ਦੇ ਸਮਾਜ ਸੇਵੀ ਤੇ ਸਿੱਖ ਆਗੂ ਬਲਦੇਵ ਸਿੰਘ ਭਾਟੀਆ ਅਤੇ ਛੱਤੀਸਗੜ੍ਹ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਮਰਜੀਤ ਸਿੰਘ ਛਾਬੜਾ ਨੇ ਵੀ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ | ਇਸ ਮੌਕੇ ਓ. ਐੱਸ. ਡੀ. ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸਿੱਖ ਮਿਸ਼ਨ ਛੱਤੀਸਗੜ੍ਹ ਦੇ ਇੰਚਾਰਜ ਗੁਰਮੀਤ ਸਿੰਘ ਸੈਣੀ ਤੇ ਅਜੀਤ ਸਿੰਘ, ਛੱਤੀਸਗੜ੍ਹ ਦੇ ਸਿੱਖ ਆਗੂ ਜਗਜੀਤ ਸਿੰਘ ਖਨੂਜਾ, ਜੀ. ਐੱਸ. ਬਾਮਰਾ, ਘੱਟ ਗਿਣਤੀ ਕਮਿਸ਼ਨ ਛੱਤੀਸਗੜ੍ਹ ਦੇ ਚੇਅਰਮੈਨ ਅਮਰਜੀਤ ਸਿੰਘ ਛਾਬੜਾ, ਬਲਦੇਵ ਸਿੰਘ ਭਾਟੀਆ, ਸਾਬਕਾ ਵਿਧਾਇਕ ਗੁਰਮੁਖ ਸਿੰਘ, ਕੁਲਦੀਪ ਸਿੰਘ ਜਨੇਜਾ, ਰਵੀ ਰਾਜ ਸਿੰਘ, ਬਲਰਾਜ ਸਿੰਘ, ਗੁਰਮੇਜ ਸਿੰਘ ਭਾਵਰਾ ਆਦਿ ਸ਼ਖ਼ਸੀਅਤਾਂ ਵੀ ਮੌਜੂਦ ਸਨ |
ਛੱਤੀਸਗੜ੍ਹ ਦੇ ਰਾਏਪੁਰ ਸਥਿਤ ਗੁਰਦੁਆਰਾ ਗੁਰੂ ਨਾਨਕ ਸਾਹਿਬ ਜੀ ਰਾਵਾਭਾਟਾ ਦੀ ਇਮਾਰਤ ਨਵੀਨੀਕਰਨ ਮਗਰੋਂ ਸੰਗਤ ਅਰਪਣ
ਛੱਤੀਸਗੜ੍ਹ ਦੇ ਰਾਏਪੁਰ ਸਥਿਤ ਗੁਰਦੁਆਰਾ ਗੁਰੂ ਨਾਨਕ ਸਾਹਿਬ ਜੀ ਰਾਵਾਭਾਟਾ ਵਿਖੇ ਸੰਗਤਾਂ ਦੀ ਰਿਹਾਇਸ਼ ਲਈ 'ਸ੍ਰੀ ਗੁਰੂ ਨਾਨਕ ਦੇਵ ਭਵਨ' ਦਾ ਨੀਂਹ ਪੱਥਰ ਰੱਖਣ ਮੌਕੇ ਅਰਦਾਸ ਕਰਦੇ ਹੋਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ | ਅਜੀਤ ਤਸਵੀਰਾਂ<br/>
18-02-2026