ਚਵਿੰਡਾ ਦੇਵੀ, 17 ਫਰਵਰੀ (ਸਤਪਾਲ ਸਿੰਘ ਢੱਡੇ)-ਮਹਾਂ ਸ਼ਿਵਰਾਤਰੀ ਦੇ ਪਵਿੱਤਰ ਦਿਹਾੜੇ ਮੌਕੇ ਪਿੰਡ ਚਵਿੰਡਾ ਦੇਵੀ ਵਿਚ ਲਗਾਏ ਗਏ ਫਲੈਕਸ ਬੋਰਡਾਂ ਨਾਲ ਸ਼ਰਾਰਤੀ ਅਨਸਰਾਂ ਵਲੋਂ ਕੀਤੀ ਗਈ ਛੇੜਛਾੜ ਕਾਰਨ ਪਿੰਡ ਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਸ਼ਿਵਰਾਤਰੀ ਦੇ ਸੰਬੰਧ ਵਿਚ ਪਿੰਡ ਵਿਚ ਧਾਰਮਿਕ ਸਮਾਗਮਾਂ ਲਈ ਫਲੈਕਸ ਬੋਰਡ ਲਗਾਏ ਗਏ ਸਨ, ਜਿਨ੍ਹਾਂ 'ਤੇ ਭਗਵਾਨ ਭੋਲੇ ਸ਼ੰਕਰ ਜੀ ਅਤੇ ਮਾਤਾ ਪਾਰਵਤੀ ਜੀ ਦੀਆਂ ਤਸਵੀਰਾਂ ਲੱਗੀਆਂ ਹੋਈਆਂ ਸਨ। ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇਨ੍ਹਾਂ ਤਸਵੀਰਾਂ ਨੂੰ ਪਾੜ ਕੇ ਖੰਡਿਤ ਕਰ ਦਿੱਤਾ ਗਿਆ। ਇਸ ਘਟਨਾ ਦੀ ਪਿੰਡ ਦੀ ਗ੍ਰਾਮ ਪੰਚਾਇਤ ਅਤੇ ਇਲਾਕਾ ਨਿਵਾਸੀਆਂ ਨੇ ਕੜੀ ਨਿੰਦਾ ਕੀਤੀ ਹੈ। ਨੇਤਾ ਜੀ ਸੁਭਾਸ਼ ਚੰਦਰ ਬੋਸ ਐਂਟੀ ਕਰਾਈਮ ਐਂਟੀ ਕਰਪਸ਼ਨ ਸੋਸ਼ਲ ਵੈਲਫੇਅਰ ਸੋਸਾਇਟੀ ਦੇ ਚੇਅਰਮੈਨ ਗਗਨਦੀਪ ਸ਼ਰਮਾ ਨੇ ਇਸ ਮੰਦਭਾਗੀ ਘਟਨਾ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਕਿਸੇ ਵੀ ਧਰਮ ਦੀ ਬੇਅਦਬੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਪੁਲਿਸ ਚੌਂਕੀ ਚਵਿੰਡਾ ਦੇਵੀ ਦੇ ਇੰਚਾਰਜ ਨੂੰ ਅਪੀਲ ਕੀਤੀ ਕਿ ਦੋਸ਼ੀਆਂ ਦੀ ਪਹਿਚਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਸੰਬੰਧੀ ਜਦੋਂ ਪੁਲਿਸ ਚੌਂਕੀ ਚਵਿੰਡਾ ਦੇਵੀ ਦੇ ਇੰਚਾਰਜ ਅਮਨਜੀਤ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।
ਮਹਾਂ ਸ਼ਿਵਰਾਤਰੀ ਮੌਕੇ ਲੱਗੇ ਫਲੈਕਸ ਬੋਰਡ ਨਾਲ ਛੇੜਛਾੜ ਕਰਨ ਵਾਲਿਆਂ ਵਿਰੁੱਧ ਹੋਵੇ ਸਖ਼ਤ ਕਾਰਵਾਈ-ਸ਼ਰਮਾ
ਅਜੀਤ ਡੈਸਕ
18-02-2026