ਅੰਮਿ੍ਤਸਰ, 27 ਫ਼ਰਵਰੀ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਸੀਨੀਅਰ ਉਪ ਪ੍ਰਧਾਨ ਅਤੇ ਬਿਹਾਰ ਸਰਕਾਰ ਦੇ ਬਿਹਾਰ ਘੱਟ ਗਿਣਤੀ ਕਮਿਸ਼ਨ ਦੇ ਉਪ ਪ੍ਰਧਾਨ ਲਖਵਿੰਦਰ ਸਿੰਘ ਲੱਖਾ ਨੇ ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੇ ਕਿਸ਼ਨਗੰਜ ਪਹੁੰਚਣ 'ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਤਖ਼ਤ ਸਾਹਿਬ ਕਮੇਟੀ ਅਤੇ ਕਿਸ਼ਨਗੰਜ ਦੇ ਸਿੱਖਾਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ | ਇਸ ਮੌਕੇ 'ਤੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ, ਬਿਹਾਰ ਦੇ ਗ੍ਰਹਿ ਮੰਤਰੀ ਸਮਰਾਟ ਚੌਧਰੀ, ਮੰਤਰੀ ਦਿਲੀਪ ਜਾਇਸਵਾਲ ਅਤੇ ਬਿਹਾਰ ਭਾਜਪਾ ਦੇ ਪ੍ਰਧਾਨ ਸੰਜੈ ਸਰਾਵਗੀ ਵੀ ਮੌਜੂਦ ਸਨ | ਲਖਵਿੰਦਰ ਸਿੰਘ ਨੇ ਕਿਹਾ ਕਿ ਬਿਹਾਰ ਦੇ ਸਿੱਖਾਂ ਦੇ ਕਈ ਮਸਲੇ ਹਨ, ਜਿਨ੍ਹਾਂ ਬਾਰੇ ਉਨ੍ਹਾਂ ਨੇ ਮਾਣਯੋਗ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਬਿਹਾਰ ਸਰਕਾਰ ਦੇ ਗ੍ਰਹਿ ਮੰਤਰੀ ਸਮਰਾਟ ਚੌਧਰੀ ਨੂੰ ਜਾਣੰੂ ਕਰਵਾਇਆ | ਉਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਇਨ੍ਹਾਂ ਮਸਲਿਆਂ ਨੂੰ ਜਲਦ ਹੱਲ ਕੀਤਾ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਸਮੇਤ ਕੇਂਦਰ ਅਤੇ ਬਿਹਾਰ ਸਰਕਾਰ ਵਲੋਂ ਸਿੱਖ ਭਾਈਚਾਰੇ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਸਿੱਖ ਗੁਰੂ ਸਾਹਿਬਾਨ ਅਤੇ ਸਾਹਿਬਜ਼ਾਦਿਆਂ ਦੇ ਪੁਰਬ ਸਰਕਾਰੀ ਪੱਧਰ 'ਤੇ ਮਨਾਏ ਜਾ ਰਹੇ ਹਨ, ਉਸ ਲਈ ਦੋਵੇਂ ਸਰਕਾਰਾਂ ਵਧਾਈ ਦੀਆਂ ਹੱਕਦਾਰ ਹਨ |