ਅੰਮਿ੍ਤਸਰ, 27 ਫਰਵਰੀ (ਹਰਮਿੰਦਰ ਸਿੰਘ)-ਸਥਾਨਕ ਨਾਮੀ ਸਕੂਲਾਂ ਨੂੰ ਲਗਾਤਾਰ ਬੰਬ ਨਾਲ ਉਡਾਉਣ ਦੀਆਂ ਮਿਲ ਰਹੀਆਂ ਧਮਕੀਆਂ ਕਾਰਨ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ | ਇਸ ਮਾਮਲੇ 'ਤੇ ਉੱਤਰੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਆਗੂ ਅਕਸ਼ੈ ਸ਼ਰਮਾ ਨੇ ਪੰਜਾਬ ਸਰਕਾਰ ਦੀ ਨਿੰਦਾ ਕੀਤੀ ਹੈ | ਅਕਸ਼ੈ ਸ਼ਰਮਾ ਨੇ ਕਿਹਾ ਕਿ ਕਿਸੇ ਵੀ ਚੁਣੀ ਹੋਈ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਆਪਣੇ ਨਾਗਰਿਕਾਂ, ਖ਼ਾਸ ਕਰਕੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਹੁੰਦੀ ਹੈ, ਪਰ ਮੌਜੂਦਾ ਪੰਜਾਬ ਸਰਕਾਰ ਇਸ ਮੋਰਚੇ 'ਤੇ ਨਾਕਾਮ ਰਹੀ ਹੈ | ਉਨ੍ਹਾਂ ਕਿਹਾ ਕਿ ਰਾਜ ਵਿਚ ਕਾਨੂੰਨ-ਵਿਵਸਥਾ ਲਗਾਤਾਰ ਖ਼ਰਾਬ ਹੋ ਰਹੀ ਹੈ ਅਤੇ ਸਰਕਾਰ ਇਸਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ | ਉਨ੍ਹਾਂ ਕਿਹਾ, ਇਹ ਸਿਰਫ਼ ਇਕ ਧਮਕੀ ਨਹੀਂ, ਸਗੋਂ ਪੰਜਾਬ ਦੇ ਭਵਿੱਖ 'ਤੇ ਸਿੱਧਾ ਹਮਲਾ ਹੈ | ਇਸੇ ਤਰ੍ਹਾਂ ਦੇ ਕ੍ਰਾਈਮ ਕਲਚਰ ਨੇ ਪਹਿਲਾਂ ਵੀ ਪੰਜਾਬ ਨੂੰ ਕਈ ਦਹਾਕੇ ਬਰਬਾਦ ਕੀਤਾ ਹੈ | ਅੱਜ ਫਿਰ ਉਹੀ ਹਾਲਾਤ ਬਣਦੇ ਨਜ਼ਰ ਆ ਰਹੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦਾ ਨੌਜਵਾਨ ਆਪਣੇ ਹੀ ਘਰ ਵਿਚ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ ਅਤੇ ਇਸੇ ਕਾਰਨ ਵਿਦੇਸ਼ਾਂ ਵੱਲ ਮੂੰਹ ਕਰ ਰਿਹਾ ਹੈ | ਉਨ੍ਹਾਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ 'ਤੇ ਸਵਾਲ ਚੁੱਕੇ |