ਚਵਿੰਡਾ ਦੇਵੀ, 3 ਜੂਨ (ਸਤਪਾਲ ਸਿੰਘ ਢੱਡੇ)-ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਬਾਬਾ ਦੀਪ ਸਿੰਘ ਜੀ ਸ਼ਹੀਦ ਪਬਲਿਕ ਸਕੂਲ, ਚਵਿੰਡਾ ਦੇਵੀ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਸਰਪ੍ਰਸਤ ਪਿ੍ੰਸੀਪਲ ਰਵਿੰਦਰ ਪਾਲ ਸਿੰਘ, ਪਿ੍ੰਸੀਪਲ ਬਲਜੀਤ ਕੌਰ ਖਾਲਸਾ, ਵਾਈਸ ਪਿ੍ੰਸੀਪਲ ਅਮਨਜੀਤ ਕੌਰ, ਪਲਵਿੰਦਰ ਕੌਰ (ਤਰਨ ਤਾਰਨ), ਪਲਵਿੰਦਰ ਕੌਰ ਢੱਡੇ, ਗੁਰਪ੍ਰੀਤ ਕੌਰ, ਮਨਪ੍ਰੀਤ ਕੌਰ, ਸਿਮਰਜੀਤ ਕੌਰ ਅਤੇ ਸਮੂਹ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਵਲੋਂ ਮਿਲ ਕੇ ਠੰਡੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ | ਇਸ ਦੌਰਾਨ ਵਿਦਿਆਰਥੀਆਂ ਅਤੇ ਰਾਹਗੀਰਾਂ ਨੂੰ ਠੰਡਾ ਮਿੱਠਾ ਜਲ ਛਕਾਇਆ ਗਿਆ | ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਮਹਾਨ ਸ਼ਹਾਦਤ, ਉਨ੍ਹਾਂ ਦੇ ਜੀਵਨ, ਸਿੱਖ ਧਰਮ ਲਈ ਦਿੱਤੇ ਯੋਗਦਾਨ ਅਤੇ ਮਨੁੱਖਤਾ ਦੀ ਭਲਾਈ ਲਈ ਕੀਤੇ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਬੁਲਾਰਿਆਂ ਨੇ ਕਿਹਾ ਕਿ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਾਨੂੰ ਸੱਚ, ਸਬਰ, ਸੇਵਾ ਅਤੇ ਮਨੁੱਖਤਾ ਦੇ ਰਾਹ 'ਤੇ ਚੱਲਣ ਦੀ ਪ੍ਰੇਰਣਾ ਦਿੰਦੀ ਹੈ | ਇਸ ਮੌਕੇ ਵਿਦਿਆਰਥੀਆਂ ਨੇ ਵੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਕਲਪ ਲਿਆ | ਸਮਾਗਮ ਦੌਰਾਨ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ |