11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਘੱਲੂਘਾਰਾ ਹਫ਼ਤੇ ਮੌਕੇ ਸ਼ਹਿਰ 'ਚ ਪੁਲਿਸ ਤੇ ਅਰਧ ਸੈਨਿਕ ਬਲਾਂ ਵਲੋਂ ਫਲੈਗ ਮਾਰਚ

ਅਜੀਤ ਡੈਸਕ 05-06-2026

ਅੰਮਿ੍ਤਸਰ, 4 ਜੂਨ (ਰੇਸ਼ਮ ਸਿੰਘ)-ਜੂਨ 1984 ਦੇ ਮਨਾਏ ਜਾ ਰਹੇ 42ਵੇਂ ਘੱਲੂਘਾਰਾ ਹਫ਼ਤੇ ਮੌਕੇ ਸ਼ਹਿਰ ਪੁਲਿਸ ਛਾਉਣੀ ਬਣਿਆ ਹੋਇਆ ਹੈ, ਜਿੱਥੇ ਪੁਲਿਸ, ਅਰਧ ਸੁਰਖਿਆ ਬੱਲ ਤੇ ਨੀਮ ਫ਼ੌਜੀ ਦਸਤਿਆਂ ਵਲੋਂ ਫਲੈਗ ਮਾਰਚ ਕੀਤੇ ਜਾ ਰਹੇ ਹਨ ਅਤੇ ਥਾਂ-ਥਾਂ ਨਾਕਾਬੰਦੀ ਕਰਕੇ ਬਾਹਰੋਂ ਆਉਣ ਵਾਲੇ ਯਾਤਰੂਆਂ ਦੀ ਤਲਾਸ਼ੀ ਮੁਹਿੰਮ ਜਾਰੀ ਹੈ | ਉੱਥੇ ਇਸ ਦਾ ਲੋਕਾਂ 'ਚ ਖ਼ੌਫ ਵੀ ਪਾਇਆ ਜਾ ਰਿਹਾ ਹੈ ਤੇ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਆਮ ਵਾਂਗ ਹਾਲਾਤ ਹਨ ਤਾਂ ਫਿਰ ਇੰਨੀ ਵੱਡੀ ਗਿਣਤੀ 'ਚ ਪੁਲਿਸ ਸੁਰਖਿਆ ਦੀ ਕੀ ਲੋੜ ਹੈ | ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਘੱਲੂਘਾਰਾ ਦੇ ਮੱਦੇਨਜ਼ਰ ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਪੱਖੋਂ ਮਜ਼ਬੂਤ ਬਣਾਈ ਰੱਖਣ ਅਤੇ ਸ਼ਹਿਰ ਵਾਸੀਆਂ ਤੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਇਹ ਮੁਹਿੰਮ ਚਲਾਈ ਜਾ ਰਹੀ ਹੈ | ਪੁਲਿਸ ਵਲੋਂ ਚਲਾਏ ਵਿਸੇਸ਼ ਅਭਿਆਨ ਦੌਰਾਨ ਪੁਲਿਸ ਟੀਮਾਂ ਵਲੋਂ ਸ਼ਹਿਰ ਦੇ ਵੱਖ-ਵੱਖ ਧਾਰਮਿਕ ਸਥਾਨਾਂ, ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਹੋਟਲਾਂ, ਸਰਾਇਆ, ਭੀੜ-ਭਾੜ ਵਾਲੇ ਬਾਜ਼ਾਰਾਂ ਅਤੇ ਹੋਰ ਜਨਤਕ ਥਾਵਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ | ਸੁਰੱਖਿਆ ਪੱਖੋਂ ਸੰਵੇਦਨਸ਼ੀਲ ਇਲਾਕਿਆਂ ਤੇ ਦਾਖਲਾ ਤੇ ਨਿਕਾਸੀ ਪੁਆਇੰਟਾਂ 'ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਕੀਤੀ ਗਈ | ਚੈਕਿੰਗ ਦੌਰਾਨ ਸਨੀਫਰ ਡੌਗ ਸਕੁਆਡ, ਬੰਬ ਡਿਸਪੋਜ਼ਲ ਟੀਮਾਂ ਤੇ ਹੋਰ ਵਿਸ਼ੇਸ਼ ਪੁਲਿਸ ਯੂਨਿਟਾਂ ਦੀ ਸਹਾਇਤਾ ਨਾਲ ਧਾਰਮਿਕ ਸਥਾਨਾਂ ਤੇ ਜਨਤਕ ਥਾਵਾਂ ਦੀ ਤਲਾਸ਼ੀ ਲਈ ਗਈ | ਇਸ ਤੋਂ ਇਲਾਵਾ ਪਾਰਕਿੰਗ ਸਥਾਨਾਂ ਵਿਚ ਖੜ੍ਹੇ ਵਾਹਨਾਂ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਗਈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ | ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਅੰਮਿ੍ਤਸਰ ਪੁਲਿਸ ਸ਼ਹਿਰ ਵਿਚ ਅਮਨ, ਕਾਨੂੰਨ ਤੇ ਭਾਈਚਾਰਕ ਸਾਂਝ ਨੂੰ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਘੱਲੂਘਾਰਾ ਦੇ ਮੌਕੇ 'ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਹਰ ਗਤੀਵਿਧੀ 'ਤੇ ਨਜ਼ਦੀਕੀ ਨਿਗਰਾਨੀ ਰੱਖੀ ਜਾ ਰਹੀ ਹੈ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫਵਾਹ ਜਾਂ ਭੜਕਾਊ ਸੁਨੇਹੇ 'ਤੇ ਵਿਸ਼ਵਾਸ ਨਾ ਕਰਨ ਅਤੇ ਸੋਸ਼ਲ ਮੀਡੀਆ 'ਤੇ ਗ਼ੈਰ-ਪ੍ਰਮਾਣਿਤ ਜਾਣਕਾਰੀ ਸਾਂਝੀ ਕਰਨ ਤੋਂ ਗੁਰੇਜ਼ ਕਰਨ | ਕਿਸੇ ਵੀ ਸ਼ੱਕੀ ਵਿਅਕਤੀ, ਵਸਤੂ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ |

ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸੰਬੰਧੀ ਹਲਕਾ ਕੇਂਦਰੀ 'ਚ ਮੀਟਿੰਗ ਹੋਈ ਅਗਲੀ ਖ਼ਬਰ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਮਠਿਆਈਆਂ ਦੀਆਂ ਦੁਕਾਨਾਂ 'ਤੇ ਕੀਤੀ ਛਾਪੇਮਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।