ਅੰਮਿ੍ਤਸਰ, 9 ਜੂਨ (ਹਰਮਿੰਦਰ ਸਿੰਘ)-ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਸਥਾਨਕ ਰਾਮਬਾਗ ਸਥਿਤ ਪੌੜੀਆਂ ਵਾਲਾ ਬਾਜ਼ਾਰ ਵਿਚ ਬੀਤੇ ਦਿਨੀਂ ਭਿਆਨਕ ਅੱਗ ਲੱਗਣ ਦੀ ਵਾਪਰੀ ਘਟਨਾ ਸਬੰਧੀ ਪ੍ਰਸ਼ਾਸਨਿਕ ਲਾਪਰਵਾਹੀ ਦੱਸਦਿਆਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੂੰ ਪੱਤਰ ਲਿਖ ਕੇ ਮਾਮਲੇ ਦੀ ਤੁਰੰਤ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ | ਚੁੱਘ ਨੇ ਕਿਹਾ ਕਿ ਇਸ ਦਰਦਨਾਕ ਹਾਦਸੇ 'ਚ 25 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ ਤੇ ਦਿਵਿਆਂਗ ਦੁਕਾਨਦਾਰ ਖੈਰਾਤੀ ਲਾਲ ਦੀ ਜ਼ਿੰਦਾ ਸੜ ਕੇ ਮੌਤ ਹੋ ਗਈ, ਜਿਸ ਨੇ ਪੂਰੇ ਪੰਜਾਬ ਨੂੰ ਝੰਜੋੜ ਕੇ ਰੱਖ ਦਿੱਤਾ ਹੈ | ਚੁੱਘ ਨੇ ਕਿਹਾ ਕਿ ਚਸ਼ਮਦੀਦਾਂ ਅਨੁਸਾਰ ਅੱਗ ਬਿਜਲੀ ਦੀਆਂ ਤਾਰਾਂ 'ਚ ਹੋਏ ਸ਼ਾਰਟ ਸਰਕਟ ਕਾਰਨ ਲੱਗੀ ਸੀ | ਖੇਤਰ 'ਚ ਬਾਂਸ, ਲੱਕੜ ਅਤੇ ਹੋਰ ਜਲਣਸ਼ੀਲ ਸਮੱਗਰੀ ਦਾ ਵੱਡਾ ਭੰਡਾਰ ਹੋਣ ਕਾਰਨ ਅੱਗ ਨੇ ਕੁਝ ਹੀ ਮਿੰਟਾਂ ਵਿਚ ਭਿਆਨਕ ਰੂਪ ਧਾਰਨ ਕਰ ਲਿਆ | ਉਨ੍ਹਾਂ ਕਿਹਾ ਕਿ ਵਪਾਰੀਆਂ ਦੀ ਸਾਲਾਂ ਦੀ ਮਿਹਨਤ ਅਤੇ ਰੋਜ਼ੀ-ਰੋਟੀ ਦਾ ਆਧਾਰ ਅੱਖਾਂ ਸਾਹਮਣੇ ਤਬਾਹ ਹੋ ਗਿਆ ਤੇ ਕਈ ਪਰਿਵਾਰਾਂ ਦੀ ਆਰਥਿਕ ਹਾਲਤ ਸੰਕਟ ਵਿਚ ਪੈ ਗਈ | ਚੁੱਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਨਗਰ ਨਿਗਮ ਦੀਆਂ ਅੱਗ ਬੁਝਾਉ ਗੱਡੀਆਂ ਘਟਨਾ ਤੋਂ ਕਰੀਬ ਡੇਢ ਤੋਂ ਦੋ ਘੰਟੇ ਬਾਅਦ ਮੌਕੇ 'ਤੇ ਪਹੁੰਚੀਆਂ | ਜੇਕਰ ਅੱਗ ਬੁਝਾਉ ਪ੍ਰਬੰਧ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਦਾ ਤਾਂ ਨੁਕਸਾਨ ਨੂੰ ਕਾਫ਼ੀ ਹੱਦ ਤੱਕ ਰੋਕਿਆ ਜਾ ਸਕਦਾ ਸੀ ਅਤੇ ਇੱਕ ਬੇਕਸੂਰ ਵਿਅਕਤੀ ਦੀ ਜਾਨ ਵੀ ਬਚਾਈ ਜਾ ਸਕਦੀ ਸੀ | ਉਨ੍ਹਾਂ ਨੇ ਘਟਨਾ ਦੀ ਉੱਚ ਪੱਧਰੀ ਨਿਆਂਇਕ ਅਤੇ ਨਿਰਪੱਖ ਜਾਂਚ, ਲਾਪਰਵਾਹੀ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਸਖ਼ਤ ਦੰਡਾਤਮਕ ਕਾਰਵਾਈ ਅਤੇ ਦੋਸ਼ੀਆਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਦੀ ਮੰਗ ਕੀਤੀ ਹੈ | ਇਸ ਦੇ ਨਾਲ ਚੁੱਘ ਨੇ ਪ੍ਰਭਾਵਿਤ ਵਪਾਰੀਆਂ ਨੂੰ ਤੁਰੰਤ ਵਿੱਤੀ ਸਹਾਇਤਾ ਦੇਣ ਅਤੇ ਹਰ ਪ੍ਰਭਾਵਿਤ ਵਪਾਰੀ ਨੂੰ 25-25 ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗ ਕੀਤੀ | ਉਨ੍ਹਾਂ ਨੇ ਦਿਵੰਗਤ ਖੈਰਾਤੀ ਲਾਲ ਦੇ ਪਰਿਵਾਰ ਲਈ ਵਿਸ਼ੇਸ਼ ਆਰਥਿਕ ਸਹਾਇਤਾ ਦੀ ਵੀ ਮੰਗ ਕੀਤੀ |