ਛੇਹਰਟਾ, 9 ਜੂਨ (ਪੱਤਰ ਪ੍ਰੇਰਕ)ਪੁਲਿਸ ਥਾਣਾ ਛੇਹਰਟਾ ਦੇ ਅਧੀਨ ਆਉਂਦੇ ਇਲਾਕਾ ਗੁਰੂ ਕੀ ਵਡਾਲੀ ਵਿਖੇ ਦੇਰ ਰਾਤ ਕਰੀਬ 9 ਵਜੇ ਪੈਸੇ ਦੇ ਲੈਣ ਦੇਣ ਨੂੰ ਲੈ ਕੇ ਹੋਏ ਝਗੜੇ ਉਪਰੰਤ ਅਣਪਛਾਤੇ ਵਿਅਕਤੀਆਂ ਵਲੋਂ ਇਕ ਘਰ ਦੇ ਬਾਹਰ ਕਰੀਬ 10 ਤੋਂ 12 ਗੋਲੀਆਂ ਚਲਾਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਿਸ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ | ਘਟਨਾ ਦੀ ਸੂਚਨਾ ਮਿਲਣ ਤੇ ਪੁਲਿਸ ਥਾਣਾ ਛੇਹਰਟਾ ਦੇ ਮੁੱਖ ਅਫਸਰ ਬਲਵਿੰਦਰ ਸਿੰਘ ਆਪਣੇ ਪੁਲਿਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ ਤੇ ਉਨ੍ਹਾਂ ਕਿਹਾ ਕਿ ਪੁਲਿਸ ਨੂੰ ਗੁਰੂ ਕੀ ਵਡਾਲੀ ਵਿਖੇ ਹੋਈ ਝਗੜੇ ਤੇ ਫਾਇਰਿੰਗ ਸੰਬੰਧੀ ਸੂਚਨਾ ਮਿਲੀ ਸੀ ਤੇ ਮੌਕੇ 'ਤੇ ਜਾ ਕੇ ਮਾਮਲੇ ਦੀ ਬਰੀਕੀ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ | ਥਾਣਾ ਮੁਖੀ ਨੇ ਦੱਸਿਆ ਕਿ ਪੀੜਤ ਗੁਰਪ੍ਰੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਗੁਰੂ ਕੀ ਵਡਾਲੀ ਨੇ ਪੁਲਿਸ ਥਾਣਾ ਛੇਹਰਟਾ ਵਿਖੇ ਲਿਖਤੀ ਦਰਖਾਸਤ ਦਿੱਤੀ ਸੀ ਕਿ ਮੇਰੇ ਭਰਾ ਪਿ੍ੰਸ ਦਾ ਪਿੰਡ ਦੇ ਕੁਝ ਨੌਜਵਾਨਾਂ ਨਾਲ ਪੈਸੇ ਦੇ ਲੈਣ ਦੇਣ ਨੂੰ ਲੈ ਕੇ ਝਗੜਾ ਚੱਲ ਰਿਹਾ ਹੈ ਤੇ ਇਸੇ ਰੰਜਿਸ਼ ਦੇ ਤਹਿਤ ਉਕਤ ਨੌਜਵਾਨਾਂ ਵਲੋਂ ਸਾਡੇ ਘਰ ਦੇ ਬਾਹਰ ਆ ਕੇ ਗੋਲਾਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ | ਥਾਣਾ ਮੁਖੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨਾਂ ਦੇ ਅਧਾਰ 'ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ ਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ |