24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਪਹਿਲੀ ਜੰਗ ਫ਼ਤਹਿ’ ਦਿਵਸ : ਗੁ: ਸ਼ਹੀਦ ਗੰਜ ਬਾਬਾ ਦੀਪ ਸਿੰਘ ਤੋਂ ਗੁ: ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਤੱਕ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 14-06-2026
ਅੰਮ੍ਰਿਤਸਰ, 13 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਅਗਵਾਈ ਵਿਚ ਸਿੱਖ ਫੌਜ ਦੀ ਮੁਗਲ ਫ਼ੌਜਾਂ ਨਾਲ ਅੰਮ੍ਰਿਤਸਰ ਦੀ ਧਰਤੀ ‘ਤੇ ਹੋਈ ਪਹਿਲੀ ਜੰਗ ਵਿਚ ਸਿੱਖਾਂ ਦੁਆਰਾ ਪ੍ਰਾਪਤ ਕੀਤੀ ਪਹਿਲੀ ਫ਼ਤਹਿ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁ: ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ, ਨਿਹੰਗ ਸਿੰਘ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਤੱਕ ਨਗਰ ਕੀਰਤਨ ਸਜਾਇਆ। ਨਗਰ ਕੀਰਤਨ ਦੀ ਆਰੰਭਤਾ ਸਮੇਂ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ, ਗੁ: ਸ਼ਹੀਦ ਗੰਜ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਦਇਆ ਸਿੰਘ, ਦਲ ਪੰਥ ਬਾਬਾ ਬਿਧੀ ਚੰਦ ਸੰਪ੍ਰਦਾਇ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਜਤਿੰਦਰਪਾਲ ਸਿੰਘ, ਬਾਬਾ ਗੁਰਦੇਵ ਸਿੰਘ ਕੁੱਲ੍ਹੀ ਵਾਲੇ, ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਦੇ ਪ੍ਰਬੰਧਕ ਸੁਰਜੀਤ ਸਿੰਘ, ਬਲਵਿੰਦਰ ਸਿੰਘ ਤੇ ਕੁਲਵੰਤ ਸਿੰਘ ਬਿੱਟੂ ਆਦਿ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਪੰਜ ਪਿਆਰਿਆਂ ਦੀ ਅਗਵਾਈ ਤੇ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਨਰਸਿੰਙਿਆਂ ਦੀ ਵਿਸਮਾਦੀ ਗੂੰਜ ਦੌਰਾਨ ਸਜਾਏ ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾ� ਦਿੱਤੇ ਗਏ। ਨਗਰ ਕੀਰਤਨ ‘ਚ ਦਲ ਪੰਥ ਸੁਰ ਸਿੰਘ ਵਲੋਂ ਨਿਹੰਗ ਸਿੰਘ ਜਥੇਦਾਰ ਬਾਬਾ ਅਵਤਾਰ ਸਿੰਘ ਦੀ ਅਗਵਾਈ ਵਿਚ ਘੋੜਿਆਂ ਤੇ ਹਾਥੀਆਂ ‘ਤੇ ਸਵਾਰ ਹੋ ਕੇ ਸ਼ਾਮਿਲ ਹੋਏ। ਗਰਮੀ ਦੇ ਬਾਵਜੂਦ ਵੱਡੀ ਗਿਣਤੀ ਵਿਚ ਧਾਰਮਿਕ ਸਭਾ ਸੁਸਾਇਟੀਆਂ ਤੇ ਸੰਗਤਾਂ ਨਗਰ ਕੀਰਤਨ ਵਿਚ ਸ਼ਾਮਿਲ ਹੋਈਆਂ ਅਤੇ ਰਸਤੇ ਵਿਚ ਵੱਖ-ਵੱਖ ਥਾਵਾਂ ‘ਤੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਬਾਅਦ ਦੁਪਹਿਰ ਗੁ: ਕਿਲ੍ਹਾ ਸ੍ਰੀ ਲੋਹਗੜ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਇਆ। ਇਸ ਮੌਕੇ ਬਾਬਾ ਨਾਹਰ ਸਿੰਘ ਸਾਧ ਜੀ, ਜਗਜੀਤ ਸਿੰਘ ਖ਼ਾਲਸਾ, ਗੁਰਮੀਤ ਸਿੰਘ ਸੁਰ ਸਿੰਘ, ਹਰਿੰਦਰ ਸਿੰਘ, ਵਧੀਕ ਮੈਨੇਜਰ ਗੁਰਾ ਸਿੰਘ, ਮੀਤ ਮੈਨੇਜਰ ਦਿਲਬਾਗ ਸਿੰਘ, ਇੰਚਾਰਜ ਬਲਦੇਵ ਸਿੰਘ ਧੁੰਨ, ਨਰਾਇਣ ਸਿੰਘ, ਜਗਜੀਤ ਸਿੰਘ ਖ਼ਾਲਸਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਗੁਰਮਤਿ ਸਮਾਗਮ ਅੱਜ : ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ ਨੇ ਦੱਸਿਆ ਕਿ ਪਹਿਲੀ ਜੰਗ ਪਹਿਲੀ ਫ਼ਤਹਿ ਦਿਵਸ ਨੂੰ ਸਮਰਪਿਤ 14 ਜੂਨ ਨੂੰ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ ਸਵੇਰ ਤੋਂ ਦੇਰ ਰਾਤ ਤੱਕ ਵਿਸ਼ਾਲ ਗੁਰਮਤਿ ਸਮਾਗਮ ਹੋਣਗੇ, ਜਿਸ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਅਤੇ ਗੁਰ-ਇਤਿਹਾਸ ਸਰਵਣ ਕਰਵਾਉਣਗੇ।
ਪਿਛਲੀ ਖ਼ਬਰ ਸਮਾਜ ਸੇਵੀ ਸਵ. ਆਤਮਾ ਸਿੰਘ ਬਹੋੜੂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਅਗਲੀ ਖ਼ਬਰ ਸਰਕਾਰੀ ਡਾਕਟਰ ਨਾਲ ਬਦਸਲੂਕੀ ਕਰਨ ਵਾਲੇ ਸਾਬਕਾ ਕੌਂਸਲਰ ਸ਼ੈਲੀ ਖ਼ਿਲਾਫ਼ ਪਰਚਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।