ਅੰਮ੍ਰਿਤਸਰ, 16 ਜੂਨ (ਰੇਸ਼ਮ ਸਿੰਘ)-ਹਲਕਾ ਦੱਖਣੀ ਤੋਂ ਕਾਂਗਰਸ ਦੇ ਮੁੱਖ ਸੇਵਾਦਾਰ ਅਤੇ ਸਾਬਕਾ ਕੌਂਸਲਰ ਜਗਦੀਪ ਸਿੰਘ ਰਿੰਕੂ ਨਰੂਲਾ ਨੇ ਗੁਰਦੁਆਰਾ ਭਾਈ ਕਰਮ ਸਿੰਘ ਜੀ ਸ਼ਹੀਦ (ਪੰਜਾ ਸਾਹਿਬ ਵਾਲੇ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਗਾਏ ਗਏ ਮੁਫ਼ਤ ਮੈਡੀਕਲ ਕੈਂਪ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਕੈਂਪ ਦੌਰਾਨ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਂਦਿਆਂ ਇਸ ਉਪਰਾਲੇ ਨੂੰ ਸਮਾਜ ਲਈ ਬੇਹੱਦ ਲਾਭਕਾਰੀ ਦੱਸਿਆ। ਇਸ ਮੌਕੇ ਮੈਡੀਕਲ ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਵੱਡੀ ਗਿਣਤੀ ਵਿਚ ਪਹੁੰਚੇ ਇਲਾਕਾ ਨਿਵਾਸੀਆਂ ਦੀ ਸਿਹਤ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਮਰੀਜ਼ਾਂ ਨੂੰ ਉਨ੍ਹਾਂ ਦੀ ਸਿਹਤ ਸੰਬੰਧੀ ਮੁਫ਼ਤ ਡਾਕਟਰੀ ਸਲਾਹ ਦੇਣ ਦੇ ਨਾਲ-ਨਾਲ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਪ੍ਰਦਾਨ ਕੀਤੀਆਂ ਗਈਆਂ। ਕੈਂਪ ਵਿਚ ਵੱਖ-ਵੱਖ ਉਮਰ ਵਰਗ ਦੇ ਲੋਕਾਂ ਨੇ ਪਹੁੰਚ ਕੇ ਸਿਹਤ ਸਹੂਲਤਾਂ ਦਾ ਲਾਭ ਉਠਾਇਆ। ਸ : ਨਰੂਲਾ ਨੇ ਕਿਹਾ ਕਿ ਅੱਜ ਦੇ ਦੌਰ ਵਿਚ ਸਿਹਤ ਸਹੂਲਤਾਂ ਨੂੰ ਹਰ ਵਿਅਕਤੀ ਤੱਕ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਇਸ ਤਰ੍ਹਾਂ ਦੇ ਮੁਫ਼ਤ ਮੈਡੀਕਲ ਕੈਂਪ ਸਮਾਜ ਦੇ ਹਰ ਵਰਗ, ਖਾਸ ਕਰਕੇ ਲੋੜਵੰਦ ਪਰਿਵਾਰਾਂ ਲਈ ਬਹੁਤ ਫਾਇਦੇਮੰਦ ਸਾਬਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਹੈ ਅਤੇ ਸਮਾਜ ਦੇ ਸਮਰੱਥ ਵਰਗ ਨੂੰ ਅਜਿਹੇ ਲੋਕ ਭਲਾਈ ਦੇ ਕਾਰਜਾਂ ਵਿਚ ਅੱਗੇ ਆ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਸ: ਰਿੰਕੂ ਨਰੂਲਾ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੇਵਾਦਾਰਾਂ ਵਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਇਸ ਸ਼ਲਾਘਾਯੋਗ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਮਾਜਿਕ ਸੰਸਥਾਵਾਂ ਅਤੇ ਧਾਰਮਿਕ ਅਦਾਰੇ ਜਦੋਂ ਇਸ ਤਰ੍ਹਾਂ ਦੇ ਸੇਵਾ ਕਾਰਜਾਂ ਵਿਚ ਆਪਣਾ ਯੋਗਦਾਨ ਪਾਉਂਦੇ ਹਨ ਤਾਂ ਇਸ ਨਾਲ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਵੱਡਾ ਸਹਾਰਾ ਮਿਲਦਾ ਹੈ।
ਮੁਫ਼ਤ ਮੈਡੀਕਲ ਕੈਂਪ ਲਾਉਣੇ ਸ਼ਲਾਘਾਯੋਗ ਕਾਰਜ-ਰਿੰਕੂ ਨਰੂਲਾ
ਅਜੀਤ ਡੈਸਕ
17-06-2026