ਅੰਮ੍ਰਿਤਸਰ, 17 ਜੂਨ (ਜਸਵੰਤ ਸਿੰਘ ਜੱਸ)- ਸਥਾਨਕ ਖ਼ਾਲਸਾ ਕਾਲਜ ਵਲੋਂ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ। ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਨੇ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨਾਲ ਛਬੀਲ ਦੀ ਸ਼ੁਰੂਆਤ ਕਰਦੇ ਹੋਏ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਯਾਦ ਕੀਤਾ ਅਤੇ ਮਨੁੱਖਤਾ ਦੀ ਨਿਸ਼ਕਾਮ ਸੇਵਾ ਕਰਨ ਦਾ ਸੰਦੇਸ਼ ਦਿੱਤਾ। ਡਾ. ਮਹਿਲ ਸਿੰਘ ਨੇ ਕਿਹਾ ਕਿ ਗੁਰੂ ਅਰਜਨ ਦੇਵ ਜੀ ਨੇ ਸੱਚ, ਧਰਮ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਅਦੁੱਤੀ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਸ਼ਹਾਦਤ ਸਿੱਖ ਇਤਿਹਾਸ ਦਾ ਇਕ ਮਹਾਨ ਅਧਿਆਇ ਹੈ, ਜੋ ਸਾਨੂੰ ਹਰ ਹਾਲਤ ‘ਚ ਸੱਚ ਦੇ ਮਾਰਗ ‘ਤੇ ਚੱਲਣ ਅਤੇ ਮਨੁੱਖਤਾ ਦੀ ਸੇਵਾ ਕਰਨ ਦੀ ਪ੍ਰੇਰਣਾ ਦਿੰਦਾ ਹੈ। ਪ੍ਰਿੰ: ਡਾ. ਰੰਧਾਵਾ ਨੇ ਕਿਹਾ ਕਿ ਕਾਲਜ ਵਲੋਂ ਕੱਲ੍ਹ ਛੁੱਟੀ ਹੋਣ ਕਰਕੇ ਵਿਦਿਆਰਥੀਆਂ ਦੁਆਰਾ ਅੱਜ ਹੀ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ‘ਚ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦੀ ਪ੍ਰਸੰਗਿਕਤਾ ਹੋਰ ਵੀ ਵੱਧ ਗਈ ਹੈ। ਉਨ੍ਹਾਂ ਵਿਦਿਆਰਥੀਆਂ ਤੇ ਹੋਰਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਸਮਾਜ ਸੇਵਾ ਅਤੇ ਉੱਚ ਨੈਤਿਕ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ। ਇਸ ਮੌਕੇ ਡਾ. ਮਹਿਲ ਸਿੰਘ, ਪ੍ਰਿੰ: ਡਾ. ਰੰਧਾਵਾ ਨੇ ਵਿਦਿਆਰਥੀਆਂ ਤੇ ਸਟਾਫ਼ ਨਾਲ ਮਿਲ ਕੇ ਰਾਹਗੀਰਾਂ ਤੇ ਸੰਗਤਾਂ ਨੂੰ ਛਬੀਲ ਵਰਤਾਈ। ਇਸ ਮੌਕੇ ਸਿੱਖ ਇਤਿਹਾਸ ਖੋਜ਼ ਕੇਂਦਰ ਦੇ ਡਾਇਰੈਕਟਰ ਡਾ. ਇੰਦਰਜੀਤ ਸਿੰਘ ਗੋਗੋਆਣੀ, ਡਾ. ਤਮਿੰਦਰ ਸਿੰਘ ਭਾਟੀਆ, ਡਾ. ਦਲਜੀਤ ਸਿੰਘ, ਪ੍ਰੋ: ਸਤਨਾਮ ਸਿੰਘ ਸਮੇਤ ਹੋਰ ਸਟਾਫ ਮੈਂਬਰ ਤੇ ਅਤੇ ਵਿਦਿਆਰਥੀ ਹਾਜ਼ਰ ਸਨ ।